Rajpura 3 Siblings Death Case Update : ਨਹਿਰ ’ਚ ਤਿੰਨ ਬੱਚਿਆਂ ਨੂੰ ਸੁੱਟਣ ਵਾਲੇ ਮਾਂ-ਪਿਓ ਨੂੰ ਭੇਜਿਆ ਗਿਆ ਜੇਲ੍ਹ, ਜਾਣੋ ਪੂਰਾ ਮਾਮਲਾ
ਰਾਜਪੁਰਾ ਦੀ ਨਰਵਾਣਾ ਬ੍ਰਾਂਚ ਨਹਿਰ ਵਿੱਚ 24 ਮਈ ਨੂੰ ਆਪਣੇ ਹੀ ਤਿੰਨ ਮਾਸੂਮ ਬੱਚਿਆਂ (ਦੋ ਲੜਕੀਆਂ ਅਤੇ ਇੱਕ ਲੜਕਾ) ਨੂੰ ਸੁੱਟ ਕੇ ਮਾਰਨ ਵਾਲੇ ਕਲਯੁੱਗੀ ਮਾਤਾ-ਪਿਤਾ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ, ਅੱਜ ਅਦਾਲਤ ਵੱਲੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਤਹਿਤ ਕੇਂਦਰੀ ਜੇਲ੍ਹ ਪਟਿਆਲਾ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਘਟਨਾ ਵਾਲੇ ਦਿਨ ਬੱਚਿਆਂ ਨੂੰ ਨਹਿਰ ਵਿੱਚ ਸੁੱਟਣ ਤੋਂ ਬਾਅਦ ਮਾਤਾ-ਪਿਤਾ ਨੇ ਖ਼ੁਦ ਵੀ ਨਹਿਰ ਵਿੱਚ ਛਾਲ ਮਾਰ ਦਿੱਤੀ ਸੀ। ਉੱਥੋਂ ਲੰਘ ਰਹੇ ਰਾਹਗੀਰਾਂ ਅਤੇ ਗੋਤਾਖੋਰਾਂ ਨੇ ਮਾਤਾ-ਪਿਤਾ ਨੂੰ ਤਾਂ ਸੁਰੱਖਿਅਤ ਬਾਹਰ ਕੱਢ ਲਿਆ, ਪਰ ਉਹ ਮਾਸੂਮ ਬੱਚੇ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ।
ਬਾਅਦ ਵਿੱਚ ਗੋਤਾਖੋਰਾਂ ਦੀ ਮਦਦ ਨਾਲ ਬੱਚਿਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਮਾਮਲੇ ਦੀ ਛਾਣਬੀਣ ਕਰਦਿਆਂ ਦੋਸ਼ੀ ਮਾਤਾ-ਪਿਤਾ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਸੀ ਅਤੇ ਉਨ੍ਹਾਂ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਸੀ, ਜੋ ਅੱਜ ਖ਼ਤਮ ਹੋ ਗਿਆ।
ਮਾਮਲੇ ਸਬੰਧੀ ਏਐਸਆਈ ਜਸਵਿੰਦਰ ਸਿੰਘ, ਥਾਣਾ ਖੇੜੀ ਗੰਡਿਆਂ ਨੇ ਦੱਸਿਆ ਕਿ ਬੱਚਿਆਂ ਦੇ ਕਾਤਲ ਮਾਤਾ-ਪਿਤਾ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ (ਜੇਲ੍ਹ) ਭੇਜ ਦਿੱਤਾ ਹੈ।
ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਵਕੀਲ ਹਿਤੇਸ਼ੀ ਗੋਇਲ ਨੇ ਦੱਸਿਆ ਕਿ ਅਸੀਂ ਇਨ੍ਹਾਂ ਮਾਸੂਮ ਬੱਚਿਆਂ ਨੂੰ ਇਨਸਾਫ਼ ਦਿਵਾਉਣ ਲਈ ਬਿਲਕੁਲ ਮੁਫ਼ਤ (ਫ੍ਰੀ) ਕੇਸ ਲੜ ਰਹੇ ਹਾਂ। ਮ੍ਰਿਤਕ ਬੱਚਿਆਂ ਦੇ ਮਾਤਾ-ਪਿਤਾ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਰਾਜਪੁਰਾ ਦੀ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਅਦਾਲਤ ਨੇ ਇਨ੍ਹਾਂ ਦੋਵਾਂ ਮੁਲਜ਼ਮਾਂ ਨੂੰ ਨਿਆਇਕ ਹਿਰਾਸਤ ਵਿੱਚ ਜੇਲ੍ਹ ਭੇਜਣ ਦੇ ਹੁਕਮ ਸੁਣਾਏ ਹਨ।
ਇਹ ਵੀ ਪੜ੍ਹੋ : Ludhiana Elderly Couple : ਘਰ ਅੰਦਰ ਬਜੁਰਗ ਪਤੀ-ਪਤਨੀ ਦੀਆਂ ਲਾਸ਼ਾਂ ਮਿਲਣ ਨਾਲ ਫੈਲੀ ਦਹਿਸ਼ਤ, ਬਦਬੂ ਫੈਲਣ ’ਤੇ ਚਲਿਆ ਮਾਮਲੇ ਦਾ ਪਤਾ
- PTC NEWS