Rajpura Road Accident : ਰਾਜਪੁਰਾ-ਅੰਬਾਲਾ ਨੈਸ਼ਨਲ ਹਾਈਵੇ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ ,ਤਿੰਨ ਵਿਦਿਆਰਥੀਆਂ ਦੀ ਮੌਤ, ਇੱਕ ਗੰਭੀਰ ਜ਼ਖਮੀ
Rajpura Road Accident : ਰਾਜਪੁਰਾ-ਅੰਬਾਲਾ ਨੈਸ਼ਨਲ ਹਾਈਵੇ 'ਤੇ ਘੱਗਰ ਸਰਾਏ ਨੇੜੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇੱਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਖੁਸ਼ਵਿੰਦਰ ਸਿੰਘ (ਨਿਵਾਸੀ ਅੰਬਾਲਾ ਕੈਂਟ), ਪ੍ਰਿਯਾਂਸ਼ ਅਤੇ ਇੱਕ ਅਣਪਛਾਤੇ ਵਜੋਂ ਹੋਈ ਹੈ। ਜ਼ਖਮੀ ਮਨਨ ਕਪੂਰ ਨੂੰ ਗੰਭੀਰ ਹਾਲਤ ਵਿੱਚ ਅੰਬਾਲਾ ਦੇ ਐਮਐਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ਿੰਦਗੀ ਅਤੇ ਮੌਤ ਦੇ ਵਿਚਕਾਰ ਜੂਝ ਰਿਹਾ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਚਾਰੇ ਨੌਜਵਾਨ ਰਾਜਪੁਰਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਲਈ ਆਏ ਸਨ। ਦਾਖਲਾ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਉਹ ਆਪਣੀ ਕਾਰ ਰਾਹੀਂ ਵਾਪਸ ਅੰਬਾਲਾ ਜਾ ਰਹੇ ਸਨ। ਘੱਗਰ ਸਰਾਏ ਨੇੜੇ ਉਨ੍ਹਾਂ ਦੀ ਕਾਰ ਦੀ ਇੱਕ ਤੇਜ਼ ਰਫਤਾਰ ਟਰੱਕ ਨਾਲ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਚਾਰੇ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਅਤੇ ਰਾਹਗੀਰਾਂ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕੀਤਾ। ਜ਼ਖਮੀਆਂ ਨੂੰ ਤੁਰੰਤ ਰਾਜਪੁਰਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਖੁਸ਼ਵਿੰਦਰ ਸਿੰਘ ਅਤੇ ਪ੍ਰਿਯਾਂਸ਼ ਨੂੰ ਮ੍ਰਿਤਕ ਐਲਾਨ ਦਿੱਤਾ। ਗੰਭੀਰ ਰੂਪ ਵਿੱਚ ਜ਼ਖਮੀ ਅਣਪਛਾਤੇ ਨੌਜਵਾਨ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ਵਿੱਚ ਦਮ ਤੋੜ ਦਿੱਤਾ। ਮਨਨ ਕਪੂਰ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਅੰਬਾਲਾ ਦੇ ਐਮਐਮ ਹਸਪਤਾਲ ਰੈਫਰ ਕਰ ਦਿੱਤਾ ਗਿਆ।
ਇਸ ਦਿਲ ਦਹਿਲਾਉਣ ਵਾਲੀ ਘਟਨਾ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਘਟਨਾ ਦੀ ਸੂਚਨਾ ਦੇ ਦਿੱਤੀ ਗਈ ਹੈ, ਜਿਸ ਤੋਂ ਬਾਅਦ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿੱਚ ਟਰੱਕ ਡਰਾਈਵਰ ਦੀ ਲਾਪਰਵਾਹੀ ਨੂੰ ਹਾਦਸੇ ਦਾ ਕਾਰਨ ਮੰਨਿਆ ਜਾ ਰਿਹਾ ਹੈ। ਪੁਲਿਸ ਟਰੱਕ ਡਰਾਈਵਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰ ਰਹੀ ਹੈ।
ਇਸ ਦਰਦਨਾਕ ਹਾਦਸੇ ਨੇ ਇੱਕ ਵਾਰ ਫਿਰ ਨੈਸ਼ਨਲ ਹਾਈਵੇ 'ਤੇ ਸੁਰੱਖਿਆ ਪ੍ਰਬੰਧਾਂ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹਨ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਰਾਜਮਾਰਗਾਂ 'ਤੇ ਤੇਜ਼ ਰਫਤਾਰ ਵਾਹਨਾਂ 'ਤੇ ਲਗਾਮ ਲਗਾਉਣ ਅਤੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਲਈ ਉਚਿਤ ਕਦਮ ਚੁੱਕੇ ਜਾਣ ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।
- PTC NEWS