Kapurthala : ਜਰਮਨੀ 'ਚ ਪੰਜਾਬੀ ਨੌਜਵਾਨ ਦੀ ਮੌਤ, ਮੰਦਿਰ ਦੀ ਪ੍ਰਧਾਨਗੀ ਦਾ ਝਗੜਾ ਹੱਲ ਕਰਨ ਗਿਆ ਸੀ ਰਾਜਵਿੰਦਰ ਸਿੰਘ
Kapurthala Boy Death in Germany : ਜਰਮਨੀ ਤੋਂ ਪੰਜਾਬ ਲਈ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਕਪੂਰਥਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਸਬ ਡਵੀਜ਼ਨ ਕਸਬਾ ਭੁਲੱਥ ਤੋਂ ਥੋੜੀ ਦੂਰੀ 'ਤੇ ਪੈਂਦੇ ਪਿੰਡ ਰਾਮਗੜ੍ਹ ਦੇ 30 ਸਾਲਾ ਨੌਜਵਾਨ ਰਾਜਵਿੰਦਰ ਸਿੰਘ ਦੀ ਜਰਮਨੀ ਵਿਚ ਮੌਤ ਹੋ ਗਈ। ਨੌਜਵਾਨ ਦੀ ਮੌਤ ਨਾਲ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।
ਰਾਜਵਿੰਦਰ ਸਿੰਘ ਦੇ ਪਿਤਾ ਜਰਨੈਲ ਸਿੰਘ ਰਾਮਗੜ੍ਹ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਰਾਜਵਿੰਦਰ ਸਿੰਘ 10 ਸਾਲ ਪਹਿਲਾਂ ਆਪਣੇ ਚੰਗੇ ਭਵਿੱਖ ਦੀ ਤਲਾਸ਼ ਵਿਚ ਜਰਮਨ ਗਿਆ ਸੀ, ਜੋ ਕਿ ਜਰਮਨੀ ਦਾ ਸਿਟੀਜ਼ਨ ਬਣ ਚੁੱਕਿਆ ਸੀ। ਉਨ੍ਹਾਂ ਦੱਸਿਆ ਕਿ ਦੋ ਦਿਨ ਪਹਿਲਾਂ ਉਨ੍ਹਾਂ ਨੂੰ ਫ਼ੋਨ 'ਤੇ ਜਾਣਕਾਰੀ ਮਿਲੀ ਕਿ ਜਰਮਨੀ ਵਿਚ ਹਰਿਆਣੇ ਦੇ ਕੁੱਝ ਨੌਜਵਾਨਾਂ ਵਲੋਂ ਮੰਦਰ ਦੀ ਪ੍ਰਧਾਨਗੀ ਨੂੰ ਲੈ ਕੇ ਝਗੜਾ ਹੋਇਆ ਸੀ ਤੇ ਉਨ੍ਹਾਂ ਦਾ ਮੁੰਡਾ ਰਾਜਵਿੰਦਰ ਸਿੰਘ ਝਗੜਾ ਸੁਲਝਾਉਣ ਲਈ ਗਿਆ ਸੀ।
ਇਸ ਦੌਰਾਨ ਹੀ ਹਰਿਆਣੇ ਦੇ ਮੁੰਡਿਆਂ ਵੱਲੋਂ ਚਾਰ ਨੌਜਵਾਨਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ, ਜਿਸ ਵਿਚ ਉਨ੍ਹਾਂ ਦੇ ਮੁੰਡੇ ਰਾਜਵਿੰਦਰ ਸਿੰਘ ਦੇ ਸਿਰ 'ਤੇ ਗੰਭੀਰ ਸੱਟ ਲੱਗੀ। ਰਾਜਵਿੰਦਰ ਸਿੰਘ ਦੋ ਦਿਨ ਹਸਪਤਾਲ ਵਿਚ ਜ਼ੇਰੇ ਇਲਾਜ ਰੱਖਿਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ।
ਜਰਨੈਲ ਸਿੰਘ ਨੇ ਭਾਰਤ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਰਾਜਵਿੰਦਰ ਸਿੰਘ ਦਾ ਅੰਤਿਮ ਸੰਸਕਾਰ ਕਰਨ ਲਈ ਜਰਮਨ ਜਾਣ ਦੀ ਇਜਾਜ਼ਤ ਦਿੱਤੀ ਜਾਵੇ ਜਾਂ ਫਿਰ ਉਸਦੇ ਮ੍ਰਿਤਕ ਸਰੀਰ ਨੂੰ ਆਪਣੇ ਜੱਦੀ ਪਿੰਡ ਰਾਮਗੜ੍ਹ ਪੰਜਾਬ ਲਿਆਉਣ ਦੀ ਇਜਾਜ਼ਤ ਦਿੱਤੀ ਜਾਵੇ।
- PTC NEWS