ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਤਰੀ ਲਾਲਜੀਤ ਭੁੱਲਰ ਖਿਲਾਫ਼ ECI ਨੂੰ ਸ਼ਿਕਾਇਤ, ਜਾਣੋ ਕਿਉਂ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
SAD complaint against Laljit Bhullar: ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ (CM Mann) ਸਰਕਾਰ ਦੇ ਕੈਬਨਿਟ ਮੰਤਰੀ ਅਤੇ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਲਾਲਜੀਤ ਭੁੱਲਰ ਖਿਲਾਫ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਕੀਤੀ ਗਈ ਹੈ। ਅਕਾਲੀ ਦਲ ਵੱਲੋਂ ਆਪ ਉਮੀਦਵਾਰ ਖਿਲਾਫ਼ ਤੁਰੰਤ ਐਫਆਈਆਰ ਦਰਜ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ ਹੈ।
ਦੱਸ ਦਈਏ ਕਿ ਬੀਤੇ ਦਿਨ ਆਪ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਵੱਲੋਂ ਮਾਹੀ ਰਿਜੋਰਟ ਪੱਟੀ ਵਿੱਚ ਸਵਰਨਕਾਰ ਅਤੇ ਤਰਖਾਣ ਬਰਦਾਰੀ ਖਿਲਾਫ ਟਿੱਪਣੀ ਕੀਤੀ ਗਈ ਸੀ ਅਤੇ ਰਾਮਗੜ੍ਹੀਆ ਬਰਾਦਰੀ ਤੇ ਸੁਨਿਆਰਾ ਬਰਾਦਰੀ ਦਾ ਅਪਮਾਨ ਕੀਤਾ ਗਿਆ ਸੀ। ਪੰਜਾਬ ਭਰ 'ਚ ਇਸ ਨੂੰ ਲੈ ਕੇ ਭਾਈਚਾਰੇ ਦੇ ਲੋਕਾਂ 'ਚ ਰੋਸ ਵੀ ਪਾਇਆ ਗਿਆ ਅਤੇ ਵੱਖ ਵੱਖ ਥਾਵਾਂ 'ਤੇ ਪ੍ਰਦਰਸ਼ਨ ਵੀ ਵਿਖਾਈ ਦਿੱਤੇ ਹਨ।
ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਪ੍ਰਧਾਨ ਲੀਗਲ ਸੈਲ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਟਿੱਪਣੀ ਨੂੰ ਲੈ ਕੇ ਸ਼ਨੀਵਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁੱਖ ਚੋਣ ਅਧਿਕਾਰੀ ਪੰਜਾਬ ਅਤੇ ਭਾਰਤੀ ਚੋਣ ਕਮਿਸ਼ਨ ਨੂੰ ਆਪ ਉਮੀਦਵਾਰ ਖਿਲਾਫ਼ ਸ਼ਿਕਾਇਤ ਕੀਤੀ ਗਈ ਹੈ ਅਤੇ ਲਾਲਜੀਤ ਭੁੱਲਰ ਵਿਰੁੱਧ ਐਫਆਈਆਰ ਦਰਜ ਕਰਕੇ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਉਨ੍ਹਾਂ ਕਿਹਾ, ''ਮੈਂ ਤੁਹਾਨੂੰ ਇਸ ਘਟਨਾ ਦਾ ਤੁਰੰਤ ਗੰਭੀਰ ਨੋਟਿਸ ਲੈਣ ਦੀ ਅਪੀਲ ਕਰਦਾ ਹਾਂ। ਗਲਤੀ ਕਰਨ ਵਾਲੇ ਮੰਤਰੀ ਖਿਲਾਫ ਐਫਆਈਆਰ ਦਰਜ ਕੀਤੀ ਜਾਵੇ ਅਤੇ ਚੋਣ ਜ਼ਾਬਤੇ ਦੀ ਇਸ ਗੰਭੀਰ ਉਲੰਘਣਾ ਲਈ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।''
ਅਕਾਲੀ ਦਲ ਦੇ ਬੁਲਾਰੇ ਨੇ ਸ਼ਿਕਾਇਤ 'ਚ ਕਿਹਾ ਕਿ ਮੰਤਰੀ ਦੀ ਇਹ ਕਾਰਵਾਈ ਅਪਰਾਧਿਕ, ਅਤਿ ਨਿੰਦਣਯੋਗ ਹੈ ਅਤੇ ਇਸ ਨੇ 'ਆਪ' ਆਗੂਆਂ ਦਾ ਅਸਲੀ ਚਿਹਰਾ ਨੰਗਾ ਕਰ ਦਿੱਤਾ ਹੈ। ਇਸ ਨਾਲ ਸੂਬੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ। ਇਹ ਪੰਜਾਬ ਦੀ 'ਆਪ' ਸਰਕਾਰ ਦੇ ਮੰਤਰੀਆਂ ਦੇ ਹੰਕਾਰ ਦੀ ਉਚਾਈ ਦਾ ਸਬੂਤ ਹੈ।
- PTC NEWS