ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ 'ਚ ਵਿਸਤਾਰ, ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨਵੀਆਂ ਨਿਯੁਕਤੀਆਂ ਨੂੰ ਦਿੱਤੀ ਮਨਜੂਰੀ, ਵੇਖੋ ਪੂਰੀ ਸੂਚੀ
ਸ਼੍ਰੋਮਣੀ ਅਕਾਲੀ ਦਲ ਵੱਲੋਂ ਐਤਵਾਰ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵੱਡੇ ਪੱਧਰ 'ਤੇ ਵਿਸਤਾਰ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਨੂੰ ਲੈ ਕੇ ਵੀ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਸਾਂਝੀ ਕਰਦਿਆਂ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਨਜੂਰੀ ਦੇ ਦਿੱਤੀ ਗਈ ਹੈ।
ਡਾ. ਚੀਮਾ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹੁਸ਼ਿਆਰਪੁਰ ਤੋਂ ਸੀਨੀਅਰ ਪਾਰਟੀ ਆਗੂਆਂ ਬਲਦੇਵ ਸਿੰਘ ਮਾਨ ਅਤੇ ਵਰਿੰਦਰ ਸਿੰਘ ਬਾਜਵਾ ਨੂੰ ਪਾਰਟੀ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਸੀਨੀਅਰ ਆਗੂ ਗੁਰਮੀਤ ਸਿੰਘ ਦਾਦੂਵਾਲ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਬਲਬੀਰ ਸਿੰਘ ਮਿਆਣੀ ਅਤੇ ਸੋਹਣ ਸਿੰਘ ਠੰਡਲ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਹਰਿੰਦਰ ਸਿੰਘ ਢੀਂਡਸਾ ਨੂੰ ਜਲੰਧਰ ਉੱਤਰੀ ਵਿਧਾਨ ਸਭਾ ਹਲਕੇ ਲਈ ਹਲਕਾ ਇੰਚਾਰਜ ਅਤੇ ਹਰਮੋਹਨ ਸਿੰਘ ਸੰਧੂ ਨੂੰ ਚਮਕੌਰ ਸਾਹਿਬ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਜਦਕਿ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਅਤੇ ਕੁਲਵੰਤ ਸਿੰਘ ਮੰਨਣ ਕਰਤਾਰਪੁਰ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਹੋਣਗੇ।

ਗੁਰਮੀਤ ਸਿੰਘ ਦਾਦੂਵਾਲ ਅਤੇ ਹਰਿੰਦਰ ਸਿੰਘ ਢੀਂਡਸਾ ਆਦਮਪੁਰ ਵਿਧਾਨ ਸਭਾ ਹਲਕੇ ਦੇ ਆਬਜ਼ਰਵਰ ਹੋਣਗੇ ਅਤੇ ਰਾਜ ਕਮਲ ਸਿੰਘ ਭੁੱਲਰ ਨਕੋਦਰ ਹਲਕੇ ਦੀਆਂ ਚੋਣਾਂ ਦਾ ਤਾਲਮੇਲ ਉਮੀਦਵਾਰਾਂ ਦੀ ਚੋਣ ਅਤੇ ਚੋਣ ਪ੍ਰਚਾਰ ਲਈ ਕਰਨਗੇ।
ਇਸ ਤੋਂ ਇਲਾਵਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨਾਲ ਹਲਕਿਆਂ ਦੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਵਿਸਥਾਰਤ ਵਿਚਾਰ-ਵਟਾਂਦਰੇ ਤੋਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੀ ਜਾਂਚ, ਚੋਣ ਅਤੇ ਆਯੋਜਨ ਲਈ ਨੱਥੀ ਸੂਚੀ ਅਨੁਸਾਰ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਹਲਕਾ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ।
- PTC NEWS