Kotkapura News : ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਤੋਂ ਆਪ ਨੂੰ ਝਟਕਾ, ਬਲਾਕ ਸੰਮਤੀ ਚੋਣਾਂ 'ਚ ਅਕਾਲੀ ਦਲ ਦੀ ਵੱਡੀ ਜਿੱਤ
Kotkapura News : ਕੋਟਕਪੂਰਾ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਵਿਚ ਆਮ ਆਦਮੀ ਪਾਰਟੀ ਨੂੰ ਬਲਾਕ ਸੰਮਤੀ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਬਲਾਕ ਸੰਮਤੀ ਦੇ ਸੰਧਵਾਂ ਜੋਨ ਤੋਂ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁਖਤਿਆਰ ਸਿੰਘ ਨੂੰ 171 ਵੋਟਾਂ ਦੇ ਅੰਤਰ ਨਾਲ ਹਰਾਕੇ ਜਿੱਤ ਹਾਸਿਲ ਕੀਤੀ ਹੈ। ਇਸ ਤੋਂ ਇਲਾਵਾ ਕੋਟਕਪੂਰਾ ਦੇ ਬਾਕੀ ਜੋਨਾਂ ਵਿੱਚ ਵੀ ਆਮ ਆਦਮੀ ਪਾਰਟੀ ਆਪਣੇ ਮੁੱਖ ਮੁਕਾਬਲੇਬਾਜ਼ ਕਾਂਗਰਸ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਤੋਂ ਪਿੱਛੇ ਚਲ ਰਹੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਤੇ ਅਕਾਲੀ ਦਲ ਦੇ ਆਗੂ ਕੁਲਤਾਰ ਸਿੰਘ ਬਰਾੜ ਨੇ ਕਿਹਾ ਕਿ ਭਾਵੇਂ ਸੱਤਾਧਾਰੀ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਲੋਕਾਂ ਨੇ ਅਕਾਲੀ ਦਲ ਦਾ ਡਟਵਾਂ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਸੰਧਵਾਂ ਦੇ ਬਲਾਕ ਸੰਮਤੀ ਜੋਨ ਤੋਂ ਅਕਾਲੀ ਦਲ ਨੇ ਵੱਡੀ ਜਿੱਤ ਦਰਜ ਕੀਤੀ ਹੈ। ਉਨ੍ਹਾਂ ਸਮੂਹ ਵੋਟਰਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਉਮੀਦ ਜਤਾਈ ਕਿ ਬਾਕੀ ਜੋਨਾਂ ਵਿੱਚ ਵੀ ਅਕਾਲੀ ਦਲ ਨੂੰ ਸਫਲਤਾ ਹਾਸਿਲ ਹੋਵੇਗੀ।
ਇਸ ਮੌਕੇ ਜਿੱਤ ਦਰਜ ਕਰਨ ਵਾਲੇ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਨੇ ਵੀ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਪੂਰੀ ਇਮਾਨਦਾਰੀ ਨਾਲ ਸੇਵਾ ਕਰਨਗੇ।
- PTC NEWS