ਮੁੱਖ ਮੰਤਰੀ ਮਾਨ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਚੁਣੌਤੀ ਦੇ ਕੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰੀ : ਸ਼੍ਰੋਮਣੀ ਅਕਾਲੀ ਦਲ
Shiromani Akali Dal : ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ (CM Mann) ਵੱਲੋਂ ਜਨਤਕ ਸਥਾਨਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜੀ ਹੈ।
ਵਰਕਿੰਗ ਕਮੇਟੀ, ਜਿਸਦੀ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਦੀ ਪ੍ਰਧਾਨਗੀ ਹੇਠ ਹੋਈ, ਨੇ ਮਹਿਸੂਸ ਕੀਤਾ ਕਿ ਮੁੱਖ ਮੰਤਰੀ ਜਾਣ ਬੁੱਝ ਕੇ ਸਿੱਖ ਕੌਮ ਵਿਚ ਵੰਡੀਆਂ ਪਾ ਰਹੇ ਹਨ। ਕਮੇਟੀ ਨੇ ਕਿਹਾ ਕਿ ਸਿੱਖ ਕੌਮ ਇਹ ਮਹਿਸੂਸ ਕਰ ਰਹੀ ਹੈ ਕਿ ਭਗਵੰਤ ਮਾਨ ਨੇ ਨਾ ਸਿਰਫ ਸਿੱਖ ਗੁਰੂ ਸਾਹਿਬਾਨ ਪ੍ਰਤੀ ਘਿਨੌਣਾ ਅਪਰਾਧ ਕੀਤਾ ਹੈ ਬਲਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਥਾਰਟੀ ਨੂੰ ਚੁਣੌਤੀ ਦੇ ਕੇ ਆਪਣੇ ਗੁਨਾਹਾਂ ਵਿਚ ਵਾਧਾ ਕਰ ਰਹੇ ਹਨ।
ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਵਰਕਿੰਗ ਕਮੇਟੀ ਨੇ ਇਕ ਮਤਾ ਪਾਸ ਕਰ ਕੇ ਮੰਗ ਕੀਤੀ ਕਿ ਮੁੱਖ ਮੰਤਰੀ ਤੁਰੰਤ ਅਸਤੀਫਾ ਦੇਣ। ਉਹਨਾਂ ਕਿਹਾ ਕਿ ਵਰਕਿੰਗ ਕਮੇਟੀ ਨੇ ਇਸ ’ਤੇ ਵੀ ਚਰਚਾ ਕੀਤੀ ਕਿ ਕਿਵੇਂ ਮੁੱਖ ਮੰਤਰੀ ਨੇ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦੋਸ਼ੀ ਠਹਿਰਾਏ ਜਾਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਲੈਬ ਰਿਪੋਰਟਾਂ ਹਾਸਲ ਕਰ ਕੇ ਆਪਣੇ ਗੁਨਾਹਾਂ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਹੁਕਮ ਵਿਚ ਕਿਹਾ ਸੀ ਕਿ ਮੁੱਖ ਮੰਤਰੀ ਦੀ ਵੀਡੀਓ ਅਸਲ ਹੈ ਤੇ ਇਹ ਏ ਆਈ ਦਾ ਕੰਮ ਨਹੀਂ ਹੈ। ਉਹਨਾਂ ਕਿਹਾ ਕਿ ਅਜਿਹੇ ਵਿਚ ਮੁੱਖ ਮੰਤਰੀ ਨੂੰ ਇਕ ਮਿੰਟ ਵੀ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਹੱਕ ਨਹੀਂ ਹੈ।
ਬਾਅਦ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ। ਮੈਂਬਰਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਹਿਲਾਂ ਇਹ ਦਾਅਵਾ ਕਰ ਕੇ ਸੰਗਤ ਨੂੰ ਮੂਰਖ ਬਣਾਉਣ ਦਾ ਯਤਨ ਕੀਤਾ ਸੀ ਕਿ ਇਹ ਵੀਡੀਓ ਏ ਆਈ ਰਾਹੀਂ ਬਣਾਈ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਵਾਰ-ਵਾਰ ਯਾਦ ਪੱਤਰ ਭੇਜਣ ਦੇ ਪੰਜ ਮਹੀਨਿਆਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਈ।
ਇਸ ਦੌਰਾਨ ਵਰਕਿੰਗ ਕਮੇਟੀ ਨੇ ਬੂਥ ਪੱਧਰ ਦੀਆਂ ਕਮੇਟੀਆਂ ਸਮੇਤ ਜਥੇਬੰਦਕ ਢਾਂਚੇ ਦੀ ਸਮੀਖਿਆ ਵੀ ਕੀਤੀ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਗਲੇ ਪੰਦਰਾਂ ਦਿਨਾਂ ਵਿਚ ਸਾਰਾ ਜਥੇਬੰਦਕ ਢਾਂਚਾ ਮੁਕੰਮਲ ਕਰ ਲਿਆ ਜਾਵੇਗਾ। ਵਰਕਿੰਗ ਕਮੇਟੀ ਨੇ ਆਪ ਸਰਕਾਰ ਵੱਲੋਂ ਲੋਕਤੰਤਰੀ ਢੰਗ ਨਾਲ ਕੀਤੇ ਜਾ ਰਹੇ ਰੋਸ ਵਿਖਾਵਿਆਂ ’ਤੇ ਬਿਨਾਂ ਭੜਕਾਹਟ ਦੇ ਲਾਠੀਚਾਰਜ ਕਰਨ ਦਾ ਵੀ ਸਖ਼ਤ ਨੋਟਿਸ ਲਿਆ ਅਤੇ ਨਾਲ ਹੀ ਕਾਨੂੰਨ ਵਿਵਸਥਾ ਭੰਗ ਹੋਣ ਦਾ ਵੀ ਨੋਟਿਸ ਲਿਆ।
- PTC NEWS