Sri Guru Nanak Dev ji ਦਾ ਪ੍ਰਕਾਸ਼ ਪੁਰਬ ਮਨਾਉਣ ਪਾਕਿਸਤਾਨ ਜਾਵੇਗਾ ਸਿੱਖ ਜੱਥਾ, SGPC ਵੱਲੋਂ ਮੰਗੇ ਗਏ ਪਾਸਪੋਰਟ
Devotees Going To Pakistan : ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2025 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 4 ਅਗਸਤ 2025 ਤੱਕ ਜਮਾ ਕਰਵਾ ਸਕਣਗੇ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸ਼ਿਫਾਰਸ ਸਹਿਤ 4 ਅਗਸਤ 2025 ਤੱਕ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ।
ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ।
ਇਹ ਵੀ ਪੜ੍ਹੋ : Sri Darbar Sahib ਹਰ ਇੱਕ ਲਈ ਖੁੱਲ੍ਹਿਆ, ਪਰ ਧਮਕੀਆਂ ਆਉਣਾ ਚਿੰਤਾਜਨਕ – ਗਿਆਨੀ ਰਘਬੀਰ ਸਿੰਘ
- PTC NEWS