CM Mann ਦੀ 'ਮਾਸਕ ਵਾਲੀ ਵੀਡੀਓ' 'ਤੇ SGPC ਦਾ ਤਿੱਖਾ ਹਮਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਚੁੱਕੇ ਸਵਾਲ
SGPC Questioning on CM mask video : ਐਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਥਿਤ 'ਮਾਸਕ ਵਾਲੀ ਵੀਡੀਓ' ਸਬੰਧੀ ਦਿੱਤੇ ਗਏ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜੇ ਮੁੱਖ ਮੰਤਰੀ ਦਾ ਦਾਅਵਾ ਹੈ ਕਿ ਵੀਡੀਓ ਉਨ੍ਹਾਂ ਦੀ ਨਹੀਂ ਸੀ, ਤਾਂ ਫਿਰ ਗੁਰੂਗ੍ਰਾਮ ਜਾ ਕੇ ਕਥਿਤ ਤੌਰ 'ਤੇ ਲੱਖਾਂ ਰੁਪਏ ਖਰਚ ਕਰਨ ਅਤੇ ਹੋਟਲਾਂ ਵਿੱਚ ਕਮਰੇ ਬੁੱਕ ਕਰਵਾਉਣ ਦੀ ਕੀ ਲੋੜ ਸੀ।
ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਜੇ ਵੀਡੀਓ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਸੀ ਤਾਂ ਸੱਚ ਆਪਣੇ ਆਪ ਸਾਹਮਣੇ ਆ ਜਾਂਦਾ, ਪਰ ਜਿਸ ਤਰੀਕੇ ਨਾਲ ਸਾਰਾ ਮਾਮਲਾ ਸੰਭਾਲਣ ਦੀ ਕੋਸ਼ਿਸ਼ ਕੀਤੀ ਗਈ, ਉਸ ਨਾਲ ਕਈ ਸ਼ੱਕ ਪੈਦਾ ਹੁੰਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਦਾ ਝੂਠ ਬੇਨਕਾਬ ਹੋ ਚੁੱਕਾ ਹੈ ਅਤੇ ਹੁਣ ਬਹਾਨੇ ਬਣਾਉਣ ਦਾ ਕੋਈ ਲਾਭ ਨਹੀਂ। ਉਨ੍ਹਾਂ ਦੱਸਿਆ ਕਿ ਜਦੋਂ ਮੁੱਖ ਮੰਤਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ ਤਾਂ ਉਨ੍ਹਾਂ ਨੂੰ ਆਪਣੀ ਪਸੰਦ ਦੀ ਕਿਸੇ ਵੀ ਲੈਬ ਤੋਂ ਵੀਡੀਓ ਦੀ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਗਈ ਸੀ ਤਾਂ ਜੋ ਉਨ੍ਹਾਂ ਦੀ ਕਿਰਦਾਰਕੁਸ਼ੀ ਨਾ ਹੋਵੇ।
ਐਸਜੀਪੀਸੀ ਆਗੂ ਨੇ ਸਵਾਲ ਕੀਤਾ ਕਿ ਜਦੋਂ ਇਹ ਗੱਲ ਮੰਨ ਕੇ ਆਏ ਸਨ ਤਾਂ ਬਾਅਦ ਵਿੱਚ ਜਾਂਚ ਕਿਉਂ ਨਹੀਂ ਕਰਵਾਈ ਗਈ ਅਤੇ ਹੁਣ ਜਾਂਚ ਰਿਪੋਰਟ ਨੂੰ ਕਿਉਂ ਨਹੀਂ ਮੰਨਿਆ ਜਾ ਰਿਹਾ ? ਐਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਨੇ ਦੋਸ਼ ਲਗਾਇਆ ਕਿ ਇਸ ਪੂਰੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਭੂਮਿਕਾ ਦੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਅਧਿਕਾਰੀਆਂ ਨੂੰ ਗੁਰੂਗ੍ਰਾਮ ਭੇਜਿਆ ਗਿਆ ਤਾਂ ਇਸ ਦੇ ਪਿੱਛੇ ਕਿਹੜਾ ਮਕਸਦ ਸੀ, ਇਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਵਾਂ ਖ਼ਿਲਾਫ਼ ਪਰਚਾ ਦਰਜ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਇਸ ਨਾਲ ਹੀ "ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ" ਹੋ ਸਕੇਗਾ।
ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਗੁਰੂ ਦੇ ਦਰਬਾਰ ਅਤੇ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਗੁਰੂ ਦੀ ਸ਼ਰਨ ਵਿੱਚ ਆਉਣ ਅਤੇ ਸੱਚ ਨੂੰ ਸਵੀਕਾਰ ਕਰਨ। ਨਾਲ ਹੀ ਉਨ੍ਹਾਂ ਕਿਹਾ ਕਿ ਜੇ ਅਜਿਹਾ ਨਹੀਂ ਹੁੰਦਾ ਤਾਂ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਪੂਰੇ ਮਾਮਲੇ ਦੀ ਸੱਚਾਈ ਲੋਕਾਂ ਸਾਹਮਣੇ ਆ ਸਕੇ।
- PTC NEWS