ਗੁਰਦੁਆਰਾ ਸ਼ਹੀਦ ਬਾਬਾ ਬੋਤਾ ਸਿੰਘ, ਸ਼ਹੀਦ ਬਾਬਾ ਗਰਜਾ ਸਿੰਘ ਦੀ ਨਵੀਂ ਇਮਾਰਤ ਦਾ ਉਦਘਾਟਨ
ਅੰਮ੍ਰਿਤਸਰ : ਸ਼ਹੀਦ ਬਾਬਾ ਬੋਤਾ ਸਿੰਘ ਜੀ, ਸ਼ਹੀਦ ਬਾਬਾ ਗਰਜਾ ਸਿੰਘ ਜੀ ਦੀ ਯਾਦ ਵਿਚ ਬਣੇ ਗੁਰਦੁਆਰਾ ਸਾਹਿਬ ਦੀ ਨਵੀਂ ਤਿਆਰ ਕੀਤੀ ਇਮਾਰਤ ਦੀ ਸੇਵਾ ਮੁਕੰਮਲ ਹੋਣ ਮਗਰੋਂ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਗਤ ਅਰਪਣ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Adv. Harjinder Singh Dhami), ਬਾਬਾ ਸੁੱਚਾ ਸਿੰਘ ਤੇ ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਜਥੇਦਾਰ ਬਾਵਾ ਸਿੰਘ ਗੁਮਾਨਪੁਰਾ, ਜਥੇਦਾਰ ਕੌਰ ਸਿੰਘ, ਭਾਈ ਅਜੈਬ ਸਿੰਘ ਅਭਿਆਸੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਸ੍ਰੀ ਅਖੰਡ ਪਾਠ ਸਾਹਿਬ ਭੋਗ ਮਗਰੋਂ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਸੁਰਜੀਤ ਸਿੰਘ ਸਭਰਾ ਨੇ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼ਹੀਦ ਬਾਬਾ ਬੋਤਾ ਸਿੰਘ ਅਤੇ ਸ਼ਹੀਦ ਬਾਬਾ ਗਰਜਾ ਸਿੰਘ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ। ਉਨ੍ਹਾਂ ਨੇ ਸਿੱਖੀ ਸਿਦਕ ਦੀ ਮਿਸਾਲ ਕਾਇਮ ਕਰਦਿਆਂ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਦੀ ਯਾਦ ਵਿਚ ਬਣੇ ਅਸਥਾਨ ਦੀ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਮਹਾਂਪੁਰਖਾਂ ਪਾਸੋਂ ਕਰਵਾਈ ਗਈ ਹੈ ਅਤੇ ਇਹ ਕਾਰਜ ਮੁਕੰਮਲ ਹੋਣ ਉਪਰੰਤ ਗੁਰਦੁਆਰਾ ਸਾਹਿਬ ਅੱਜ ਸੰਗਤ ਅਰਪਣ ਕਰ ਦਿੱਤਾ ਗਿਆ ਹੈ। ਉਨ੍ਹਾਂ ਕਾਰਸੇਵਾ ਵਾਲੇ ਮਹਾਂਪੁਰਖਾਂ ਤੇ ਸਹਿਯੋਗ ਕਰਨ ਵਾਲੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਬਾਬਾ ਸੁੱਚਾ ਸਿੰਘ, ਬਾਬਾ ਸਤਨਾਮ ਸਿੰਘ ਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਮਨਜੀਤ ਸਿੰਘ ਤਲਵੰਡੀ, ਹਰਭਜਨ ਸਿੰਘ ਵਕਤਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਸਭਰਾ, ਮੈਨੇਜਰ ਹਰਪ੍ਰੀਤ ਸਿੰਘ, ਕਥਾਵਾਚਕ ਗਿਆਨੀ ਜਸਵੰਤ ਸਿੰਘ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਭਾਈ ਸੁਰਿੰਦਰਪਾਲ ਸਿੰਘ, ਸ਼ਮਸ਼ੇਰ ਸਿੰਘ ਜੇਈ, ਮੀਤ ਮੈਨੇਜਰ ਜਸਬੀਰ ਸਿੰਘ, ਕੁਲਦੀਪ ਸਿੰਘ ਪੰਡੋਰੀ ਤੇ ਗੁਰਮੀਤ ਸਿੰਘ ਆਦਿ ਹਾਜ਼ਰ ਸਨ।
- PTC NEWS