Amritsar News : ਸ਼੍ਰੋਮਣੀ ਕਮੇਟੀ ਨੇ ਚੌਥੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਦੁਕਾਨਦਾਰਾਂ ਨੂੰ ਦਿੱਤੇ ਸੱਦਾ ਪੱਤਰ
Amritsar News : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 8 ਅਕਤੂਬਰ ਨੂੰ ਆ ਰਹੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਸਬੰਧੀ ਅੱਜ ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਦੁਕਾਨਦਾਰਾਂ ਨੂੰ ਸੱਦਾ ਪੱਤਰ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਓਐਸਡੀ ਸਤਬੀਰ ਸਿੰਘ, ਸਕੱਤਰ ਪ੍ਰਤਾਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ, ਡਾ. ਧਰਮਵੀਰ ਸਿੰਘ ਕਾਰਸੇਵਾ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਨੇ ਦੁਕਾਨਦਾਰਾਂ ਨੂੰ ਪ੍ਰਕਾਸ਼ ਗੁਰਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਸੱਦਾ ਪੱਤਰ ਅਤੇ ਲੱਡੂਆਂ ਦਾ ਪ੍ਰਸ਼ਾਦ ਦਿੱਤਾ।
ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਨੇ ਇਸ ਨਗਰ ਦੀ ਸਥਾਪਨਾ ਸਮੇਂ ਵੱਖ-ਵੱਖ ਕਿੱਤਿਆਂ ਵਿਚ ਮੁਹਾਰਤ ਰੱਖਣ ਵਾਲੇ ਲੋਕਾਂ ਨੂੰ ਇਥੇ ਵਸਾਇਆ ਸੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਵਰੋਸਾਈ ਨਗਰੀ ਦੇ ਵਸਨੀਕ ਹੋਣਾ ਸਾਡੇ ਲਈ ਖੁਸ਼ਕਿਸਮਤੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਾਨੀ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਮੌਕੇ ਉਨ੍ਹਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਨਾ ਸਾਡਾ ਫਰਜ਼ ਹੈ।
ਗੁਰਪੁਰਬ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ 6 ਅਤੇ 7 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ/ਪੜਤਾਲ ਸ਼ਬਦ ਗਾਇਨ ਕੀਰਤਨ ਦਰਬਾਰ ਹੋਵੇਗਾ ਅਤੇ 7 ਅਕਤੂਬਰ ਨੂੰ ਸਵੇਰੇ 10:00 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਸ਼ਹਿਰ ਦੇ ਪੁਰਾਤਨ ਦਰਵਾਜ਼ਿਆਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੂਰਨ ਹੋਵੇਗਾ। ਇਸੇ ਤਰ੍ਹਾਂ 8 ਅਕਤੂਬਰ ਨੂੰ ਪ੍ਰਕਾਸ਼ ਗੁਰਪੁਰਬ ਵਾਲੇ ਦਿਨ ਸਾਰਾ ਦਿਨ ਸਮਾਗਮ ਜਾਰੀ ਰਹਿਣਗੇ ਅਤੇ ਅਲੌਕਿਕ ਜਲੌ ਵੀ ਸਜਾਏ ਜਾਣਗੇ। ਸ਼ਾਮ ਸਮੇਂ ਸੁੰਦਰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।
ਐਡਵੋਕੇਟ ਧਾਮੀ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਗੁਰਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਆਪੋ ਆਪਣਾ ਯੋਗਦਾਨ ਪਾਈਏ ਤਾਂ ਜੋ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਚੰਗਾ ਪ੍ਰਭਾਵ ਲੈ ਕੇ ਜਾਣ। ਉਨ੍ਹਾਂ ਆਪਣੇ ਕਾਰੋਬਾਰੀ ਸਥਾਨਾਂ ਦੇ ਨਾਲ-ਨਾਲ ਘਰਾਂ ਦੀ ਸਾਫ਼-ਸਫ਼ਾਈ ਰੱਖਣ ਅਤੇ ਦੀਪਮਾਲਾ ਕਰਨ ਦੀ ਵੀ ਅਪੀਲ ਕੀਤੀ। ਇਸ ਮੌਕੇ ਮੈਨੇਜਰ ਸਤਨਾਮ ਸਿੰਘ ਰਿਆੜ, ਸਤਿੰਦਰ ਸਿੰਘ, ਵਧੀਕ ਮੈਨੇਜਰ ਗੁਰਪ੍ਰੀਤ ਸਿੰਘ, ਇਕਬਾਲ ਸਿੰਘ ਮੁਖੀ, ਬਲਵਿੰਦਰ ਸਿੰਘ, ਅਜੈ ਸਿੰਘ ਆਦਿ ਮੌਜੂਦ ਸਨ।
- PTC NEWS