ਆਸਾਮ ਦੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਨੇ ਵਧਾਇਆ ਸਹਿਯੋਗ ਦਾ ਹੱਥ; ਆਸਾਮ ਦੇ CM ਨੂੰ ਲਿਖਿਆ ਪੱਤਰ
SGPC News : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਆਸਾਮ ਵਿਚ ਹਾਲ ਹੀ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਜਾਨੀ ਅਤੇ ਮਾਲੀ ਨੁਕਸਾਨ ’ਤੇ ਗਹਿਰਾ ਦੁੱਖ ਪ੍ਰਗਟਾਉਂਦਿਆਂ ਆਸਾਮ ਦੇ ਮੁੱਖ ਮੰਤਰੀ ਡਾ ਹੇਮੰਤ ਬਿਸਵਾ ਸਰਮਾ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ ਵਸੇਬੇ ਦੇ ਕਾਰਜਾਂ ਲਈ ਹਰ ਸੰਭਵ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ।
SGPC ਨੇ ਆਸਾਮ CM ਨੂੰ ਲਿਖਿਆ ਪੱਤਰ
ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਹੜ੍ਹਾਂ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਦਾ ਬੇਘਰ ਹੋ ਜਾਣਾ ਬੇਹੱਦ ਦੁਖਦਾਈ ਹੈ ਅਤੇ ਇਸ ਸਮੇਂ ਸਿੱਖਾਂ ਦੀ ਸਰਵਉਚ ਸੰਸਥਾ ਹੁੰਦਿਆਂ ਸ਼੍ਰੋਮਣੀ ਕਮੇਟੀ ਹਮਦਰਦੀ ਰੱਖਦੀ ਹੈ। ਅਸੀਂ ਮਹਿਸੂਸ ਕਰਦੇ ਹਾਂ ਕਿ ਇਨ੍ਹਾਂ ਹੜ੍ਹਾਂ ਕਾਰਨ ਪ੍ਰਭਾਵਿਤ ਲੋਕਾਂ ਨੂੰ ਬੇਹੱਦ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੁੱਖ ਦੀ ਘੜੀ ਵਿਚ ਸ਼੍ਰੋਮਣੀ ਕਮੇਟੀ ਸਿੱਖੀ ਦੇ ਸਰਬੱਤ ਦੇ ਭਲੇ ਅਤੇ ਨਿਸ਼ਕਾਮ ਸੇਵਾ ਦੇ ਸਿਧਾਂਤਾਂ ਅਨੁਸਾਰ ਆਸਾਮ ਸਰਕਾਰ ਅਤੇ ਪ੍ਰਭਾਵਿਤ ਲੋਕਾਂ ਦੇ ਨਾਲ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸਾਮ ਸਰਕਾਰ ਨੂੰ ਦਿੱਤਾ ਭਰੋਸਾ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਸਾਮ ਸਰਕਾਰ ਨੂੰ ਭਰੋਸਾ ਦਿੱਤਾ ਹੈ ਕਿ ਲੋੜ ਅਨੁਸਾਰ ਅਤੇ ਰਾਜ ਸਰਕਾਰ ਨਾਲ ਤਾਲਮੇਲ ਕਰਕੇ ਰਾਹਤ ਕਾਰਜਾਂ ਲਈ ਸੇਵਾਦਾਰਾਂ ਦੀਆਂ ਟੀਮਾਂ ਭੇਜੀਆਂ ਜਾਣਗੀਆਂ। ਇਸ ਤੋਂ ਇਲਾਵਾ ਖਾਣ-ਪੀਣ ਦੀਆਂ ਵਸਤਾਂ, ਪੀਣ ਵਾਲਾ ਪਾਣੀ, ਕੱਪੜੇ, ਕੰਬਲ ਅਤੇ ਹੋਰ ਜ਼ਰੂਰੀ ਰਾਹਤ ਸਮੱਗਰੀ ਮੁਹੱਈਆ ਕਰਵਾਉਣ, ਪ੍ਰਭਾਵਿਤ ਇਲਾਕਿਆਂ ਵਿਚ ਲੰਗਰ ਦੀ ਸੇਵਾ ਚਲਾਉਣ, ਆਰਥਿਕ ਸਹਾਇਤਾ ਦੇਣ ਅਤੇ ਲੋੜ ਅਨੁਸਾਰ ਹੋਰ ਹਰ ਸੰਭਵ ਸਹਿਯੋਗ ਦੇਣ ਲਈ ਵੀ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਤਿਆਰ ਹੈ।
ਲੋੜੀਂਦੇ ਸਰੋਤ ਅਤੇ ਸੇਵਾਵਾਂ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈ ਜਾਵੇਗੀ
ਐਡਵੋਕੇਟ ਧਾਮੀ ਨੇ ਆਸਾਮ ਦੇ ਮੁੱਖ ਮੰਤਰੀ ਨੂੰ ਕਿਹਾ ਕਿ ਰਾਹਤ ਕਾਰਜਾਂ ਲਈ ਤਾਲਮੇਲ ਕਰਨ ਵਾਸਤੇ ਸਬੰਧਤ ਨੋਡਲ ਅਧਿਕਾਰੀ ਜਾਂ ਵਿਭਾਗ ਦੀ ਜਾਣਕਾਰੀ ਜਲਦ ਉਪਲਬਧ ਕਰਵਾਈ ਜਾਵੇ, ਤਾਂ ਜੋ ਬਿਨਾਂ ਕਿਸੇ ਦੇਰੀ ਤੋਂ ਲੋੜੀਂਦੇ ਸਰੋਤ ਅਤੇ ਸੇਵਾਵਾਂ ਪ੍ਰਭਾਵਿਤ ਲੋਕਾਂ ਤੱਕ ਪਹੁੰਚਾਈਆਂ ਜਾ ਸਕਣ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਅਸਾਮ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਹਾਲਾਤ ਜਾਣ ਕੇ ਤੁਰੰਤ ਰੀਪੋਰਟ ਕਰਨ ਲਈ ਇੱਕ ਵਫਦ ਵੀ ਭੇਜਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ : Sri Guru Nanak Dev Ji : ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
- PTC NEWS