SGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ, ਸੇਵਾਵਾਂ ਦਾ ਲਿਆ ਜਾਇਜ਼ਾ
SGPC News : ਡੇਰਾ ਬਾਬਾ ਨਾਨਕ, ਰਮਦਾਸ ਆਦਿ ਇਲਾਕਆਂ ਦੇ ਪਿੰਡਾਂ ਵਿਚ ਹੜ੍ਹਾਂ ਨੇ ਬਹੁਤ ਵੱਡੇ ਪੱਧਰ 'ਤੇ ਨੁਕਸਾਨ ਕੀਤਾ ਹੈ। ਜਿੱਥੇ ਇਨ੍ਹਾਂ ਇਲਾਕਿਆਂ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਆਉਂਦੇ ਗੁਰਦੁਆਰਾ ਸਾਹਿਬਾਨ ਵੱਲੋਂ ਲੰਗਰ ਅਤੇ ਜ਼ਰੂਰੀ ਵਸਤਾਂ ਦੀਆਂ ਸੇਵਾਵਾਂ ਲਗਾਤਾਰ ਜਾਰੀ ਹਨ, ਓਥੇ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਹੜ੍ਹ ਪੀੜਤਾਂ ਦੇ ਦੁੱਖ ਨੂੰ ਵੰਡਾਉਣ ਲਈ ਇਨ੍ਹਾਂ ਇਲਾਕਿਆਂ ਦਾ ਦੌਰਾ ਕੀਤਾ ਅਤੇ ਚਲ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਵਿੱਚੋਂ ਜਥਾਸ਼ਕਤ ਰਾਸ਼ਨ ਹੜ੍ਹ ਪੀੜਤਾਂ ਤੱਕ ਪਹੁੰਚਣ ਲਈ ਪ੍ਰਬੰਧਕਾਂ ਦੀ ਡਿਊਟੀ ਲਗਾਈ, ਜਿਸ ਦੇ ਤਹਿਤ ਅੱਜ ਸੁੱਕੀ ਰਸਦ ਦੀਆਂ ਗੱਡੀਆਂ ਸ੍ਰੀ ਦਰਬਾਰ ਸਾਹਿਬ ਤੋਂ ਇਨ੍ਹਾਂ ਇਲਾਕਿਆਂ ਲਈ ਰਵਾਨਾ ਕੀਤੀਆਂ ਗਈਆਂ। ਉਨ੍ਹਾਂ ਨੇ ਆਪ ਵੀ ਇਲਾਕੇ ਦੇ ਸਾਰੇ ਪਿੰਡਾਂ ਵਿੱਚ ਰਾਸ਼ਨ ਵੰਡਿਆ ਅਤੇ ਵਚਨਬੱਧਤਾ ਪ੍ਰਗਟਾਈ ਕਿ ਇਸ ਆਫਤ ਦੇ ਖਤਮ ਹੋਣ ਤੱਕ ਸ਼੍ਰੋਮਣੀ ਕਮੇਟੀ ਵੱਲੋਂ ਲੋੜੀਂਦੀਆਂ ਸੇਵਾਵਾਂ ਨਿਰੰਤਰ ਜਾਰੀ ਰਹਿਣਗੀਆਂ।
ਇਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਜਥੇਦਾਰ ਸੁੱਚਾ ਸਿੰਘ ਲੰਗਾਹ, ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ, ਅੰਤ੍ਰਿੰਗ ਮੈਂਬਰ ਅਮਰੀਕ ਸਿੰਘ ਵਿਛੋਆ, ਸਕੱਤਰ ਪ੍ਰਤਾਪ ਸਿੰਘ ਵੀ ਮੌਜੂਦ ਰਹੇ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਸਾਹਿਬ 'ਚ ਰਹਿ ਰਹੇ BSF ਦੇ ਜਵਾਨਾਂ ਨਾਲ ਵੀ ਕੀਤੀ ਮੁਲਾਕਾਤ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਰਡਰ ’ਤੇ ਡਿਊਟੀ ਨਿਭਾਅ ਰਹੇ ਬੀਐਸਐਫ ਦੇ ਜਵਾਨਾਂ ਜੋ ਹੜ੍ਹਾਂ ਕਾਰਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਰਹਿ ਰਹੇ ਹਨ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਜਵਾਨ ਦੇਸ਼ ਦੀ ਰਖਵਾਲੀ ਲਈ ਬਾਰਡਰ ’ਤੇ ਡਿਊਟੀ ਨਿਭਾਅ ਰਹੇ ਹਨ, ਜਿਨ੍ਹਾਂ ਦੇ ਰਿਹਾਇਸ਼ੀ ਟਕਾਣੇ ਵੀ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਫ਼ਰਜ਼ ਤਾਂ ਹਰ ਆਮ ਨਾਗਰਿਕ ਦੀ ਸਹਾਇਤਾ ਅਤੇ ਲੋੜ ਅਨੁਸਾਰ ਪ੍ਰਬੰਧ ਕਰਨ ਦਾ ਹੁੰਦਾ ਹੈ, ਪ੍ਰੰਤੂ ਇਥੇ ਤਾਂ ਸਰਕਾਰਾਂ ਆਪਣੇ ਜਵਾਨਾਂ ਦੀ ਵੀ ਸਾਰ ਲੈਣੀ ਉਚਿਤ ਨਹੀਂ ਸਮਝ ਰਹੀਆਂ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਨ੍ਹਾਂ ਜਵਾਨਾਂ ਲਈ ਵੀ ਲੋੜ ਅਨੁਸਾਰ ਪ੍ਰਬੰਧ ਯਕੀਨੀ ਬਣਾਏਗੀ।
ਐਡਵੋਕੇਟ ਧਾਮੀ ਨੇ ਕਿਹਾ ਕਿ ਬਹੁਤ ਸਾਰੇ ਅਜਿਹੇ ਇਲਾਕੇ ਹਨ, ਜਿਥੇ ਜ਼ਿਆਦਾ ਹੋਣ ਕਰਕੇ ਲੋਕਾਂ ਤੱਕ ਪਹੁੰਚ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਜੇਕਰ ਪ੍ਰਸ਼ਾਸਨ ਕਿਸ਼ਤੀਆਂ ਦਾ ਪ੍ਰਬੰਧ ਕਰੇ ਤਾਂ ਸ਼੍ਰੋਮਣੀ ਕਮੇਟੀ ਇਨ੍ਹਾਂ ਇਲਾਕਿਆਂ ਤੱਕ ਲੋੜਵੰਦਾਂ ਨੂੰ ਸਹਾਇਤਾ ਪਹੁੰਚਾਏਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਮੇਂ ਦੀ ਲੋੜ ਨੂੰ ਮੁੱਖ ਰੱਖਦਿਆਂ ਆਉਣ ਵਾਲੇ ਸਮੇਂ ਵਿਚ ਆਪ ਵੀ ਕਿਸ਼ਤੀਆਂ ਦਾ ਪ੍ਰਬੰਧ ਕਰੇਗੀ, ਤਾਂ ਜੋ ਮੁਸੀਬਤ ਸਮੇਂ ਲੋੜਵੰਦਾਂ ਤੱਕ ਜਲਦ ਪਹੁੰਚਿਆ ਜਾ ਸਕੇ।
- PTC NEWS