SGPC Presidential Election : SGPC ਪ੍ਰਧਾਨ ਦੀ ਚੋਣ ਅੱਜ, ਕੌਣ ਸੰਭਾਲੇਗਾ ਪ੍ਰਧਾਨਗੀ ਦੀ ਕਮਾਨ ?
SGPC President election today : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਅੱਜ 20 ਨਵੰਬਰ ਨੂੰ ਜਨਰਲ ਇਜਲਾਸ ਹੋਣ ਜਾ ਰਿਹਾ ਹੈ। ਇਸ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਆਪਣੇ ਉਮੀਦਵਾਰਾਂ ਦੀ ਚੋਣ ਕਰਨ ਦੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪ ਦਿੱਤੇ ਹਨ।
ਇਸ ਸਬੰਧੀ ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੀ ਅਗਵਾਈ ਸੁਖਬੀਰ ਸਿੰਘ ਬਾਦਲ ਨੇ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸਮੂਹਿਕ ਤੌਰ 'ਤੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨ ਦੇ ਨਾਲ-ਨਾਲ ਹਰੇਕ ਮੈਂਬਰ ਨਾਲ ਨਿੱਜੀ ਤੌਰ 'ਤੇ ਵੀ ਗੱਲਬਾਤ ਕੀਤੀ ਅਤੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਸਬੰਧੀ ਉਨ੍ਹਾਂ ਦੇ ਸੁਝਾਅ ਲਏ।
ਇਹ ਵੀ ਪੜ੍ਹੋ :
https://www.ptcnews.tv/news-in-punjabi/goldie-brar-is-now-most-wanted-in-canada-4431935
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਨਰਲ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੇ ਵਿਚਾਰ ਜਾਣੇ ਗਏ ਹਨ। ਉਨ੍ਹਾਂ ਦੱਸਿਆ ਕਿ ਮੈਂਬਰਾਂ ਨੇ ਆਪਣੇ ਸੁਝਾਅ ਪੇਸ਼ ਕੀਤੇ ਹਨ ਅਤੇ ਅੱਜ ਜਨਰਲ ਇਜਲਾਸ ਦੌਰਾਨ ਅਕਾਲੀ ਦਲ ਨਾਲ ਸਬੰਧਤ ਮੈਂਬਰ ਸੰਸਥਾ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰਨਗੇ। ਹਾਲਾਂਕਿ, ਜਦੋਂ ਉਨ੍ਹਾਂ ਨੂੰ ਪ੍ਰਧਾਨ ਦੇ ਉਮੀਦਵਾਰ ਦੇ ਨਾਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ ਬਾਰੇ ਕੋਈ ਖੁਲਾਸਾ ਨਹੀਂ ਕੀਤਾ।
ਦੂਜੇ ਪਾਸੇ, ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਮੈਂਬਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸਹਿਯੋਗ ਦੇਣ ਲਈ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ।
ਇਹ ਵੀ ਪੜ੍ਹੋ :
ਜ਼ਿਕਰਯੋਗ ਹੈ ਕਿ ਇਸ ਵਾਰ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਲਈ ਹੋਣ ਵਾਲੇ ਜਨਰਲ ਇਜਲਾਸ ਵਿੱਚ ਲਗਭਗ 138 ਮੈਂਬਰ ਵੋਟ ਪਾਉਣ ਦੇ ਯੋਗ ਹਨ। ਸ਼੍ਰੋਮਣੀ ਕਮੇਟੀ ਦੇ ਮੌਜੂਦਾ 185 ਮੈਂਬਰੀ ਸਦਨ ਵਿੱਚੋਂ 39 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ, 5 ਨੇ ਅਸਤੀਫ਼ੇ ਦੇ ਦਿੱਤੇ ਹਨ, ਜਦਕਿ 3 ਮੈਂਬਰਾਂ 'ਤੇ ਰੋਕ ਲੱਗੀ ਹੋਈ ਹੈ। ਹੁਣ ਸਭ ਦੀਆਂ ਨਜ਼ਰਾਂ ਅੱਜ ਹੋਣ ਵਾਲੇ ਜਨਰਲ ਇਜਲਾਸ 'ਤੇ ਟਿਕੀਆਂ ਹੋਈਆਂ ਹਨ, ਜਿੱਥੇ ਨਵੇਂ ਪ੍ਰਧਾਨ ਅਤੇ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ।
- PTC NEWS