ਸ਼ਹੀਦ ਭਾਈ ਮਹਿੰਗਾ ਸਿੰਘ ਦੇ ਭਰਾ ਦਵਿੰਦਰਪਾਲ ਸਿੰਘ ਵੱਲੋਂ ਗੁਰੂ ਘਰ ਦੀਆਂ ਸੇਵਾਵਾਂ ਲਈ 1 ਲੱਖ ਰੁਪਏ ਭੇਟ
Shaheed Bhai Mehanga Singh : ਜੂਨ 1984 ਦੇ ਘੱਲੂਘਾਰੇ ਸਮੇਂ ਸ਼ਹੀਦ ਹੋਏ ਭਾਈ ਮਹਿੰਗਾ ਸਿੰਘ ਦੇ ਭਰਾ ਦਵਿੰਦਰਪਾਲ ਸਿੰਘ ਅਤੇ ਪਰਿਵਾਰ ਵੱਲੋਂ ਗੁਰੂ ਘਰ ਦੇ ਕਾਰਜਾਂ ਲਈ 1 ਲੱਖ ਰੁਪਏ ਸੇਵਾ ਵਜੋਂ ਭੇਟਾ ਕੀਤੇ ਗਏ ਹਨ। ਦਵਿੰਦਰਪਾਲ ਸਿੰਘ ਵੱਲੋਂ ਇਹ ਸੇਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ ਹੋਣ ਪੁੱਜਦੀਆਂ ਹਨ ਅਤੇ ਗੁਰੂ ਘਰ ਦੀਆਂ ਸੇਵਾਵਾਂ ਵਿਚ ਹਿੱਸਾ ਪਾ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਦੀਆਂ ਹਨ। ਇਸੇ ਤਰ੍ਹਾਂ ਅੱਜ ਸ਼ਹੀਦੀ ਭਾਈ ਮਹਿੰਗਾ ਸਿੰਘ ਦੇ ਪਰਿਵਾਰ ਵੱਲੋਂ ਵੀ ਸੇਵਾ ਕਾਰਜਾਂ ਵਿਚ ਹਿੱਸਾ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਇਸ ਪਰਿਵਾਰ ਦਾ ਕੌਮ ਅੰਦਰ ਵੱਡਾ ਸਤਿਕਾਰ ਹੈ। ਉਨ੍ਹਾਂ ਭਾਈ ਦਵਿੰਦਰ ਸਿੰਘ ਅਤੇ ਪਰਿਵਾਰ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਅਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਦੇ ਭਰਾ ਦਵਿੰਦਰਪਾਲ ਸਿੰਘ, ਸੁਰਿੰਦਰ ਸਿੰਘ ਕਿਸ਼ਨਪੁਰਾ, ਹਾਕਮ ਸਿੰਘ ਨੱਤਿਆਂ, ਸਾਬਕਾ ਮੈਂਬਰ ਜਗਜੀਤ ਸਿੰਘ ਰਤਨਗੜ੍ਹ, ਬੀਬੀ ਹਰਵਿੰਦਰ ਕੌਰ, ਵਧੀਕ ਸਕੱਤਰ ਤੇਜਿੰਦਰ ਸਿੰਘ ਪੱਡਾ, ਮੀਤ ਸਕੱਤਰ ਮਨਜੀਤ ਸਿੰਘ, ਹਰਭਜਨ ਸਿੰਘ ਵਕਤਾ, ਅਜ਼ਾਦ ਦੀਪ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਰਜ ਮੇਜਰ ਸਿੰਘ, ਡਾ. ਸੂਬਾ ਸਿੰਘ ਆਦਿ ਮੌਜੂਦ ਸਨ।
- PTC NEWS