Sri Fatehgarh Sahib : 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ
Sri Fatehgarh Sahib News : ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਫਰੀਦ ਦੀ ਧਰਤੀ ਫਰੀਦਕੋਟ ਤੋਂ ਸ਼ੁਰੂ ਹੋਇਆ ਮਹਾਨ ਸ਼ਹੀਦੀ ਨਗਰ ਕੀਰਤਨ ਸ਼ਹੀਦਾਂ ਦੀ ਪਵਿੱਤਰ ਧਰਤੀ, ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬੀਤੀ ਰਾਤ ਵਿਸ਼ਰਾਮ ਕਰਨ ਉਪਰੰਤ ਅੱਜ ਸਵੇਰੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਇਆ।
ਨਗਰ ਕੀਰਤਨ ਬੀਤੇ ਦਿਨੀਂ ਫਰੀਦਕੋਟ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ ਛਾਇਆ ਤੇ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਫਿਰੋਜ਼ਪੁਰ, ਮੋਗਾ ਤੇ ਲੁਧਿਆਣਾ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਹੁੰਦਾ ਹੋਇਆ ਖੰਨਾ ਨੈਸ਼ਨਲ ਹਾਈਵੇ ਰਾਹੀਂ ਮੰਡੀ ਗੋਬਿੰਦਗੜ੍ਹ ਰਾਹੀਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਦੇਰ ਰਾਤ ਪਹੁੰਚਿਆ। ਜਿੱਥੇ ਰਸਤੇ ਕੁਝ ਸੰਗਤਾਂ ਵੱਲੋਂ ਸ਼ਹੀਦੀ ਨਗਰ ਕੀਰਤਨ ਦਾ ਥਾਂ-ਥਾਂ ਭਰਮਾਂ ਸਵਾਗਤ ਕੀਤਾ ਗਿਆ। ਇਸ ਉਪਰੰਤ ਬੀਤੀ ਦੇਰ ਰਾਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਨਗਰ ਕੀਰਤਨ ਨੇ ਪਹੁੰਚ ਕੇ ਵਿਸ਼ਰਾਮ ਕੀਤਾ।
ਇਸ ਮੌਕੇ ਸੰਤ ਬਾਬਾ ਲੱਖਾ ਸਿੰਘ ਜੀ, ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਜੇ ਸਿੰਘ ਲਿਬੜਾ, ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਸਮੇਤ ਵੱਡੀ ਗਿਣਤੀ ਪ੍ਰਸ਼ਾਸਨਿਕ, ਧਾਰਮਿਕ, ਸਿਆਸੀ, ਸਮਾਜਕ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੀਆਂ ਸਿੱਖਿਆਵਾਂ, ਜੀਵਨ, ਸ਼ਹਾਦਤ ਅਤੇ ਮਨੁੱਖਤਾ ਦੇ ਭਲੇ ਦੇ ਸਦੀਵੀ ਸੰਦੇਸ਼ ਨੂੰ ਦੁਨੀਆਂ ਦੇ ਕੋਨੇ ਕੋਨੇ ਵਿੱਚ ਵਸਦੇ ਹਰ ਵਿਅਕਤੀ ਤੱਕ ਪਹੁੰਚਾਉਣਾ ਹੈ ਤਾਂ ਜੋ ਸਾਰੇ ਸੇਧ ਲੈ ਸਕਣ।
- PTC NEWS