Haryana Police V/S Farmer Protest : ਕਿਸਾਨ ਮਾਰਚੇ ਨੂੰ ਲੈ ਕੇ ਹਰਿਆਣਾ ਪੁਲਿਸ ਦੇ ਨੋਟਿਸ 'ਤੇ ਮਚਿਆ ਹੰਗਾਮਾ, ਪਰ ਅੜੇ ਹੋਏ ਹਨ ਕਿਸਾਨ
Haryana Police V/S Farmer Protest : ਕੱਲ੍ਹ ਕਿਸਾਨ ਮਜ਼ਦੂਰ ਮੋਰਚਾ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਕਿਸੇ ਵੀ ਕੀਮਤ ’ਤੇ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਸ ਕਾਰਨ ਐਨਐਚ-4 'ਤੇ ਸ਼ੰਭੂ ਸਰਹੱਦ 'ਤੇ ਮਾਮਲਾ ਗਰਮਾਉਂਦਾ ਨਜ਼ਰ ਆ ਰਿਹਾ ਹੈ। ਹਰਿਆਣਾ ਪੁਲਿਸ ਦੇ ਅਧਿਕਾਰੀਆਂ ਨੇ ਇਸ ਖੇਤਰ ਵਿੱਚ ਸੀਆਰਪੀਸੀ ਦੀ ਧਾਰਾ 144 (ਹੁਣ ਬੀਐਨਐਸ ਦੀ ਧਾਰਾ 163) ਲਾਗੂ ਕਰ ਦਿੱਤੀ ਹੈ। ਨਾਲ ਹੀ ਇਸ ਸਬੰਧੀ ਇੱਕ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਧਾਰਾ 144 ਲਗਾਉਣ ਤੋਂ ਬਾਅਦ ਹੁਣ ਅੰਤਰਰਾਜੀ ਸਰਹੱਦ 'ਤੇ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਤੰਬੂਆਂ ਵਿੱਚ ਰਹਿਣ ਵਾਲੀ ਥਾਂ 'ਤੇ ਚਾਰ ਜਾਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਹਰਿਆਣਾ ਪੁਲਿਸ ਵੱਲੋਂ ਟੈਂਟ 'ਤੇ ਚਿਪਕਾਏ ਗਏ ਨੋਟਿਸ 'ਚ ਕਿਸਾਨਾਂ ਨੂੰ ਸੂਚਿਤ ਕੀਤਾ ਗਿਆ ਹੈ ਕਿ ਕਾਨੂੰਨ ਅਨੁਸਾਰ ਕਿਸੇ ਵੀ ਜਲੂਸ ਜਾਂ ਜਨਤਕ ਪ੍ਰੋਗਰਾਮ ਦੇ ਆਯੋਜਨ ਲਈ ਇਲਾਕੇ ਦੇ ਪੁਲਿਸ ਅਧਿਕਾਰੀਆਂ ਤੋਂ ਇਜਾਜ਼ਤ ਲੈਣੀ ਲਾਜ਼ਮੀ ਹੈ। ਸਬੰਧਤ ਅਧਿਕਾਰੀ ਅਜਿਹੇ ਕਿਸੇ ਵੀ ਜਲੂਸ 'ਤੇ ਪਾਬੰਦੀ ਲਗਾ ਸਕਦੇ ਹਨ ਜਿਸ ਬਾਰੇ ਉਨ੍ਹਾਂ ਨੂੰ ਸ਼ੱਕ ਹੋਵੇ ਕਿ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਪੁਲਿਸ ਨੇ ਕਿਸਾਨਾਂ ਨੂੰ ਮਾਰਚ ਕੱਢਣ ਦੇ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ ਹੈ, ਕਿਉਂਕਿ ਅਜੇ ਤੱਕ ਦਿੱਲੀ ਵਿੱਚ ਨਿਰਧਾਰਤ ਸਥਾਨ 'ਤੇ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਨਹੀਂ ਮਿਲੀ ਹੈ।
ਖੈਰ ਇਸ ਦੇ ਨਾਲ ਹੀ ਕਿਸਾਨ ਪੁਲਿਸ-ਪ੍ਰਸ਼ਾਸਨ ਦੀ ਗੱਲ ਸੁਣਨ ਨੂੰ ਤਿਆਰ ਨਹੀਂ ਹਨ। ਉੱਘੇ ਕਿਸਾਨ ਆਗੂਆਂ ਵੱਲੋਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ 5 ਦਸੰਬਰ ਨੂੰ ਸ਼ਾਮ 5 ਵਜੇ ਤੱਕ ਸ਼ੰਭੂ ਸਰਹੱਦ 'ਤੇ ਪੁੱਜਣ ਲਈ ਕਿਹਾ ਗਿਆ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਹੈ ਕਿ ਦਿੱਲੀ ਚਲੋ ਮਾਰਚ ਵਿੱਚ 16 ਕਿਸਾਨ ਜਥੇਬੰਦੀਆਂ ਹਿੱਸਾ ਲੈਣਗੀਆਂ। ਇਸ ਦੇ ਨਾਲ ਹੀ ਅੰਬਾਲਾ ਦੇ ਐਸਪੀ ਅਤੇ ਡਿਪਟੀ ਕਮਿਸ਼ਨਰ ਨੇ ਵੀ ਕਿਸਾਨਾਂ ਨੂੰ ਮਾਰਚ ਕਰਨ ਤੋਂ ਪਹਿਲਾਂ ਦਿੱਲੀ ਪੁਲਿਸ ਤੋਂ ਇਜਾਜ਼ਤ ਲੈਣ ਦੀ ਅਪੀਲ ਕੀਤੀ ਹੈ, ਤਾਂ ਜੋ ਕੋਈ ਹਫੜਾ-ਦਫੜੀ ਨਾ ਹੋਵੇ।
ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਨੇ ਪਹਿਲਾਂ ਹੀ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕਰ ਦਿੱਤਾ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ, ਖੇਤੀ ਕਰਜ਼ਾ ਮੁਆਫ਼ੀ ਅਤੇ ਖੇਤੀ ਸੁਧਾਰਾਂ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ ਇਹ ਮਾਰਚ ਕਰਨਗੇ, ਤਾਂ ਜੋ ਸਰਕਾਰ 'ਤੇ ਦਬਾਅ ਪਾਇਆ ਜਾ ਸਕੇ। ਕਿਸਾਨਾਂ ਨੇ ਸ਼ਾਂਤਮਈ ਧਰਨੇ ਦੇਣ ਦੀ ਗੱਲ ਕਹੀ ਹੈ।
- PTC NEWS