Fri, Jul 12, 2024
Whatsapp

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਰਾਸ਼ ਆਗੂਆਂ ਨੂੰ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਅਪੀਲ

ਦੱਸਣਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੇ ਪਹਿਲਾਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਵਜੋਂ ਲੀਡਰਸ਼ਿਪ ਕਬੂਲੀ ਤੇ ਫਿਰ ਇਸ ਕਰ ਕੇ ਬਗਾਵਤ ਕਰ ਦਿੱਤੀ ਕਿ ਪਾਰਟੀ ਨੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਹੀਂ ਦਿੱਤੀ।

Reported by:  PTC News Desk  Edited by:  KRISHAN KUMAR SHARMA -- June 27th 2024 07:59 PM -- Updated: June 27th 2024 08:02 PM
ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਰਾਸ਼ ਆਗੂਆਂ ਨੂੰ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਅਪੀਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਨਿਰਾਸ਼ ਆਗੂਆਂ ਨੂੰ ਵਿਚਾਰ ਪ੍ਰਗਟਾਵੇ ਲਈ ਪਾਰਟੀ ਪਲੇਟਫਾਰਮ ਦੀ ਵਰਤੋਂ ਕਰਨ ਦੀ ਅਪੀਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਜੋ ਵੀ ਖਾਲਸਾ ਪੰਥ ਅਤੇ ਪਾਰਟੀ ਨੂੰ ਕਮਜ਼ੋਰ ਕਰਨ ਦੇ ਯਤਨ ਕਰ ਰਹੇ ਹਨ, ਉਨ੍ਹਾ ਨੇ ਪਹਿਲਾਂ ਹੀ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਠੁਕਰਾ ਦਿੱਤਾ ਹੈ ਜਿਸ ਵਿਚ ਇਕ ਪਰਿਵਾਰ ਇਕ ਟਿਕਟ ਦੇਣ ਦੀ ਗੱਲ ਕੀਤੀ ਗਈ ਸੀ।

ਇਥੇ ਦੱਸਣਯੋਗ ਹੈ ਕਿ ਸੁਖਦੇਵ ਸਿੰਘ ਢੀਂਡਸਾ ਨੇ ਪਹਿਲਾਂ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨ ਵਜੋਂ ਲੀਡਰਸ਼ਿਪ ਕਬੂਲੀ ਤੇ ਫਿਰ ਇਸ ਕਰ ਕੇ ਬਗਾਵਤ ਕਰ ਦਿੱਤੀ ਕਿ ਪਾਰਟੀ ਨੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਨਹੀਂ ਦਿੱਤੀ।


ਅੱਜ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਇਹ ਆਗੂ ਮੀਟਿੰਗ ਵਿਚ ਕੁਝ ਹੋਰ ਕਹਿੰਦੇ ਹਨ ਤੇ ਬਾਹਰ ਜਾ ਕੇ ਉਸਦੇ ਬਿਲਕੁਲ ਉਲਟ ਬੋਲਦੇ ਹਨ।

ਉਨ੍ਹਾਂ ਨੇ ਇਨ੍ਹਾਂ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਨਿੱਜੀ ਅਸਫਲਤਾਵਾਂ ਤੋਂ ਇੰਨੇ ਹਤਾਸ਼ ਨਾ ਹੋਣ ਕਿ ਪਵਿੱਤਰ ਜਥੇਬੰਦੀ ਦਾ ਹੀ ਨੁਕਸਾਨ ਕਰਨ ਲੱਗ ਜਾਣ, ਜਿਸਦੇ ਕਰ ਕੇ ਇਨ੍ਹਾਂ ਦੀ ਹੋਂਦ ਹੈ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿਮਰਤਾ ਸਹਿਤ ਅਪੀਲ ਕਰਦਾ ਹਾਂ ਕਿ ਜੋ ਵੀ ਇਹਨਾਂ ਦੇ ਵਿਚਾਰ ਹਨ, ਪਾਰਟੀ ਪਲੇਟਫਾਰਮ ’ਤੇ ਹੀ ਪ੍ਰਗਟ ਕੀਤੇ ਜਾਣ।

ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਦੇ ਧਰਮ ਪਤਨੀ ਹਰਸਿਮਰਤ ਕੌਰ ਬਾਦਲ ਨੇ ਹੀ ਝੂੰਦਾ ਕਮੇਟੀ ਦੀ ਰਿਪੋਰਟ ਅਨੁਸਾਰ ਸਭ ਤੋਂ ਪਹਿਲਾਂ ਕਿਹਾ ਸੀ ਕਿ ਜੇਕਰ ਪਾਰਟੀ ਸੁਖਬੀਰ ਸਿੰਘ ਬਾਦਲ ਨੂੰ ਚੋਣਾਂ ਵਿਚ ਖੜ੍ਹਾ ਕਰਦੀ ਹੈ ਤਾਂ ਉਹ ਇਕ ਪਰਿਵਾਰ ਇਕ ਟਿਕਟ ਦੇ ਸਿਧਾਂਤ ਮੁਤਾਬਕ ਚੋਣਾਂ ਨਹੀਂ ਲੜਨਗੇ।

ਡਾ. ਚੀਮਾ ਨੇ ਕਿਹਾ ਕਿ ਹੋਰ ਕੋਈ ਵੀ ਪਾਰਟੀ ਇੰਨੀ ਲੋਕਤੰਤਰੀ ਆਜ਼ਾਦੀ ਨਹੀਂ ਦਿੰਦੀ ਜਿੰਨੀ ਸ਼੍ਰੋਮਣੀ ਅਕਾਲੀ ਦਲ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵੀ ਸਮਾਂ ਹੁੰਦਾ ਹੈ ਜਦੋਂ ਸਾਡੇ ਵਿਚਾਰ ਪਾਰਟੀ ਦੀ ਬਹੁ ਗਿਣਤੀ ਤੋਂ ਵੱਖਰੇ ਹੁੰਦੇ ਹਨ ਪਰ ਜਦੋਂ ਇਕ ਵਾਰ ਫੈਸਲਾ ਲੈ ਲਿਆ ਗਿਆ ਤਾਂ ਉਹ ਨਿੱਜੀ ਤੌਰ ’ਤੇ ਪਾਰਟੀ ਦੇ ਬਹੁ ਗਿਣਤੀ ਫੈਸਲੇ ਦਾ ਸਤਿਕਾਰ ਕਰਦਿਆਂ ਉਸਨੂੰ ਪ੍ਰਵਾਨ ਵੀ ਕਰਦੇ ਹਨ ਤੇ ਪ੍ਰਚਾਰਦੇ ਵੀ ਹਨ। ਉਨ੍ਹਾਂ ਕਿਹਾ ਕਿ ਇਕ ਜਥੇਬੰਦੀ ਚਲਾਉਣ ਵਾਸਤੇ ਹੋਰ ਦੂਜਾ ਤਰੀਕਾ ਨਹੀਂ ਹੋ ਸਕਦਾ।

ਡਾ. ਚੀਮਾ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਲਈ ’ਬਾਗੀ ਧੜਾ’ ਵਰਗੇ ਸ਼ਬਦਾਂ ਦੀ ਵਰਤੋਂ ਨਾ ਕਰਨ, ਕਿਉਂਕਿ ਅਕਾਲੀ ਦਲ ਇਕ ਪਾਰਟੀ ਹੈ ਤੇ ਮੀਡੀਆ ਨੇ ਆਪ ਵੇਖਿਆ ਹੈ ਕਿ ਸਾਡੇ ਕੇਡਰ, ਵਰਕਿੰਗ ਕਮੇਟੀ, ਜ਼ਿਲ੍ਹਾ ਜਥੇਦਾਰਾਂ ਤੇ ਹਲਕਾ ਪ੍ਰਧਾਨਾਂ ਵਿਚੋਂ 99 ਫੀਸਦੀ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟ ਕੀਤਾ ਹੈ ਤੇ ਪਾਰਟੀ ਪਲੇਟਫਾਰਮ ’ਤੇ ਲਏ ਫੈਸਲਿਆਂ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਹਾਂ ਜੇਕਰ ਕੁਝ ਚੋਣਵੇਂ ਆਗੂ ਜਾ ਕੇ ਆਪਣੀ ਢਾਈ ਪਾ ਖਿੱਚੜੀ ਪਕਾਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਬਾਗੀ ਧੜਾ ਆਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਕ ਪਾਰਟੀ ਹੈ ਕੋਈ ਧੜਾ ਨਹੀਂ ਹੈ।

ਇਸ ਮੌਕੇ ਬੰਗਾ ਦੇ ਵਿਧਾਇਕ ਡਾ. ਸੁਖਵਿੰਦਰ ਸੁੱਖੀ, ਜੋ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਪਾਰਟੀ ਵੱਲੋਂ ਐਲਾਨੀ ਚਾਰ ਮੈਂਬਰੀ ਕਮੇਟੀ ਦੇ ਮੈਂਬਰ ਹਨ, ਨੇ ਦੱਸਿਆ ਕਿ ਪਾਰਟੀ ਨੇ ਉਮੀਦਵਾਰ ਸੁਰਜੀਤ ਕੌਰ ਨੂੰ ਬਕਾਇਦਾ ਇਸ ਫੈਸਲੇ ਤੋਂ ਜਾਣੂ ਕਰਵਾਇਆ ਸੀ ਕਿ ਉਹ ਜ਼ਿਮਨੀ ਚੋਣ ਨਹੀਂ ਲੜੇਗੀ ਤੇ ਉਨ੍ਹਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈਣ ਲਈ ਸਹਿਮਤੀ ਵੀ ਦਿੱਤੀ ਸੀ ਪਰ ਬਾਅਦ ਵਿਚ ਉਹ ਫੈਸਲੇ ਤੋਂ ਪਲਟ ਗਏ।

ਪਾਰਟੀ ਆਗੂਆਂ ਨੇ ਬਾਗੀਆਂ ਨੂੰ ਇਹ ਵੀ ਪੁੱਛਿਆ ਗਿਆ ਕਿ ਬੀਬੀ ਸੁਰਜੀਤ ਕੌਰ ਨੂੰ ਕਿਉਂ ਖੜ੍ਹਾ ਕੀਤਾ ਗਿਆ ਤੇ ਫਿਰ ਜਲੰਧਰ ਵਿਚ ਮਾਹੌਲ ਕਿਉਂ ਖਰਾਬ ਕੀਤਾ ਗਿਆ ਅਤੇ ਕਿਹਾ ਕਿ ਇਕ ਯੋਜਨਾ ਤਹਿਤ ਸੁਰਜੀਤ ਕੌਰ ਨੂੰ ਹਰਵਾ ਕੇ ਉਸਦਾ ਦੋਸ਼ ਵੀ ਪਾਰਟੀ ਪ੍ਰਧਾਨ ਸਿਰ ਮੜ੍ਹਨ ਦੀ ਸਾਜ਼ਿਸ਼ ਰਚੀ ਗਈ।

ਅਕਾਲੀ ਦਲ ਦੇ ਪ੍ਰਧਾਨ ਪਾਰਟੀ ਕੇਡਰ ਨਾਲ ਮੀਟਿੰਗਾਂ ਜਾਰੀ ਰੱਖਣਗੇ

ਡਾ. ਚੀਮਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਪਾਰਟੀ ਨੂੰ ਜ਼ਮੀਨੀ ਪੱਧਰ ਤੋਂ ਸਿਖ਼ਰ ਤੱਕ ਮਜ਼ਬੂਤ ਕਰਨ ਲਈ ਦਿੜ੍ਹ ਹਨ। ਉਨ੍ਹਾਂ ਐਲਾਨ ਕੀਤਾ ਕਿ ਪਾਰਟੀ ਪ੍ਰਧਾਨ ਵੱਲੋਂ ਆਉਂਦੇ ਦਿਨਾਂ ਵਿਚ ਪਾਰਟੀ ਕੇਡਰ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ 29 ਜੂਨ ਨੂੰ ਯੂਥ ਅਕਾਲੀ ਦਲ ਦੇ ਅਹੁਦੇਦਾਰਾਂ, 1 ਜੁਲਾਈ ਨੂੰ ਇਸਤਰੀ ਅਕਾਲੀ ਦਲ ਤੇ ਐਸ ਸੀ ਵਿੰਗ ਅਤੇ 2 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਬੀ ਸੀ ਵਿੰਗ ਦੇ ਅਹੁਦੇਦਾਰਾਂ ਨਾਲ ਮੀਟਿੰਗਾਂ ਕਰਨਗੇ।

- PTC NEWS

Top News view more...

Latest News view more...

PTC NETWORK