Ludhiana West by-election : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਨਾਮਜ਼ਦਗੀ ਪੱਤਰ ਕੀਤਾ ਦਾਖਲ
Ludhiana West by-election : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਨੇ ਵੀ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਹੋਰ ਸੀਨੀਅਰ ਆਗੂ ਮੌਜੂਦ ਸਨ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਘੁੰਮਣ ਨੇ ਹਲਕਾ ਪੱਛਮੀ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਉੱਪਰ ਮੱਥਾ ਟੇਕਿਆ ਅਤੇ ਫਿਰ ਰੋਡ ਸ਼ੋਅ ਕੱਢਦੇ ਹੋਏ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਹੁੰਚ ਕੇ ਆਪਣੀ ਨਾਮਜ਼ਦਗੀ ਦਾਖਿਲ ਕੀਤੀ।
ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤਾ ਸੀ। ਇਸ ਮੌਕੇ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ ਵੀ ਮੌਜੂਦ ਸਨ।
ਦੱਸ ਦਈਏ ਕਿ ਲੁਧਿਆਣਾ ਪੱਛਮੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਤੋਂ ਬਾਅਦ ਖ਼ਾਲੀ ਹੋ ਗਈ ਸੀ, ਜਿੱਥੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਇੱਥੇ 19 ਜੂਨ ਨੂੰ ਵੋਟਾਂ ਪੈਣਗੀਆਂ ਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕੀਤਾ ਜਾਵੇਗਾ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ,ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਕਾਂਗਰਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਰਤੀ ਜਨਤਾ ਪਾਰਟੀ ਵੱਲੋਂ ਵੀ ਅੱਜ ਉਮੀਦਵਾਰ ਦਾ ਐਲਾਨ ਕੀਤਾ ਜਾ ਸਕਦਾ ਹੈ।
- PTC NEWS