Mon, Apr 29, 2024
Whatsapp

ਸ਼੍ਰੋਮਣੀ ਅਕਾਲੀ ਦਲ, ਭਗਤ ਸਿੰਘ ਵਾਂਗੂ ਹੀ ਦੇਸ਼, ਪੰਜਾਬ ਤੇ ਫਿਰਕੂ ਸਦਭਾਵਨਾ ਪ੍ਰਤੀ ਵਚਨਬੱਧ: ਸੁਖਬੀਰ ਸਿੰਘ ਬਾਦਲ

Written by  KRISHAN KUMAR SHARMA -- March 23rd 2024 06:06 PM
ਸ਼੍ਰੋਮਣੀ ਅਕਾਲੀ ਦਲ, ਭਗਤ ਸਿੰਘ ਵਾਂਗੂ ਹੀ ਦੇਸ਼, ਪੰਜਾਬ ਤੇ ਫਿਰਕੂ ਸਦਭਾਵਨਾ ਪ੍ਰਤੀ ਵਚਨਬੱਧ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ, ਭਗਤ ਸਿੰਘ ਵਾਂਗੂ ਹੀ ਦੇਸ਼, ਪੰਜਾਬ ਤੇ ਫਿਰਕੂ ਸਦਭਾਵਨਾ ਪ੍ਰਤੀ ਵਚਨਬੱਧ: ਸੁਖਬੀਰ ਸਿੰਘ ਬਾਦਲ

ਖੱਟਕੜ ਕਲਾਂ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਾਰਟੀ ਉਸ ਤਰੀਕੇ ਦੇਸ਼, ਪੰਜਾਬ ਤੇ ਫਿਰਕੂ ਸਦਭਾਵਨਾ ਲਈ ਵਚਨਬੱਧ ਹੈ, ਜਿਵੇਂ ਮਹਾਨ ਸ਼ਹੀਦ ਭਗਤ ਸਿੰਘ ਸਨ ਅਤੇ ਉਨ੍ਹਾਂ ਨੇ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਚ ਸਰਕਾਰ ਬਣਾਉਣ ਲਈ ਸ਼ਹੀਦ ਦੇ ਨਾਂ ਦੀ ਦੁਰਵਰਤੋਂ ਕਰਨ ਦੀ ਨਿਖੇਧੀ ਕੀਤੀ ਅਤੇ ਕਿਹਾ ਕਿ ਆਪ ਨੇ ਸ਼ਹੀਦ ਨੂੰ ਜਿਹੜੇ ਸਿਧਾਂਤ ਪਿਆਰੇ ਸਨ, ਉਨ੍ਹਾਂ ਸਾਰਿਆਂ ਦਾ ਅਪਮਾਨ ਕੀਤਾ ਹੈ।

ਉਨ੍ਹਾਂ ਨੇ ਇਹ ਵੀ ਸਵਾਲ ਕੀਤਾ ਕਿ ਪੰਜਾਬ 'ਚ ਸ਼ਰਾਬ ਘੁਟਾਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕੀਤੀ ਜਾ ਰਹੀ ਤੇ ਕਿਹਾ ਕਿ ਕੀ ਇਸ ਮਾਮਲੇ ’ਤੇ ਫਿਕਸ ਮੈਚ ਖੇਡਿਆ ਜਾ ਰਿਹਾ ਹੈ। ਅਕਾਲੀ ਦਲ ਦੇ ਪ੍ਰਧਾਨ, ਜਿਨ੍ਹਾਂ ਨੇ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖੱਟਕੜ ਕਲਾਂ ਵਿਖੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਇਕ ਸੈਮੀਨਾਰ ਵਿਚ ਸ਼ਮੂਲੀਅਤ ਕੀਤੀ, ਜਿਥੇ ਸ਼ਹੀਦ ਭਗਤ ਸਿੰਘ ਨੂੰ ਪਿਆਰੇ ਆਦਰਸ਼ਾਂ ’ਤੇ ਚਰਚਾ ਕੀਤੀ ਗਈ। ਉਨ੍ਹਾਂ ਨੇ ਸ਼ਹੀਦ ਦੀ ਯਾਦਗਾਰ ’ਤੇ ਸ਼ਰਧਾਂਜਲੀ ਦੇਣ ਦੀ ਥਾਂ ’ਤੇ ਅਰਵਿੰਦ ਕੇਜਰੀਵਾਲ ਦੇ ਹੱਕ ਵਿਚ ਡੱਟਣ ਵਾਸਤੇ ਦਿੱਲੀ ਜਾ ਪਹੁੰਚਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਖੇਧੀ ਕੀਤੀ।


ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਰਫ ਇਕ ਸਿਆਸੀ ਪਾਰਟੀ ਨਹੀਂ ਬਲਕਿ ਇਕ ਸੋਚ ਹੈ। ਅਸੀਂ ਜ਼ਬਰ ਤੇ ਜ਼ੁਲਮ ਦੇ ਖਿਲਾਫ ਡੱਟਣ ਲਈ ਦ੍ਰਿੜ੍ਹ ਸੰਕਲਪ ਹਾਂ ਤੇ ਅਸੀਂ ਆਜ਼ਾਦੀ ਤੋਂ ਪਹਿਲਾਂ ਅੰਗੇਰਜ਼ਾਂ ਦੇ ਰਾਜ ਵਿਚ ਤੇ ਆਜ਼ਾਦੀ ਮਗਰੋਂ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਲਗਾਈ ਐਮਰਜੈਂਸੀ ਵੇਲੇ ਅਜਿਹਾ ਕੀਤਾ ਹੈ।

ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਆਪਣੇ ਸਿਧਾਂਤਾਂ ’ਤੇ ਕਾਇਮ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅੱਜ ਪਾਰਟੀਆਂ ਵੋਟ ਬੈਂਕ ਦੀ ਰਾਜਨੀਤੀ ਖੇਡ ਰਹੀਆਂ ਹਨ ਤੇ ਉਨ੍ਹਾਂ ਇਕ ਭਾਈਚਾਰੇ ਨੂੰ ਦੂਜੇ ਭਾਈਚਾਰੇ ਖਿਲਾਫ ਡਟਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਭਗਤ ਸਿੰਘ ਦੀ ਸੋਚ ’ਤੇ ਨਹੀਂ ਚਲ ਰਹੀਆਂ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਕਦੇ ਵੀ ਆਪਣੇ ਸਿਧਾਂਤਾਂ ’ਤੇ ਸਮਝੌਤਾ ਨਹੀਂ ਕੀਤਾ ਤੇ ਨਾ ਹੀ ਕਰੇਗਾ।

ਪਾਰਟੀ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਨੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ। ਭਗਵੰਤ ਮਾਨ ਪਹਿਲਾਂ ਸ਼ਹੀਦਾਂ ਵਾਂਗੂ ਹੀ ਦਸਤਾਰ ਸਜਾਉਂਦੇ ਸਨ ਪਰ ਸੱਤਾ ਮਿਲਦਿਆਂ ਹੀ ਸ਼ਹੀਦਾਂ ਨੂੰ ਵਿਸਾਰ ਦਿੱਤਾ। ਉਨ੍ਹਾਂ ਕਿਹਾ ਕਿ ਆਪ ਵਿਧਾਇਕਾਂ ਵੱਲੋਂ ਖੁਲ੍ਹੇਆਮ ਕੀਤੀ ਜਾ ਰਹੀ ਲੁੱਟ-ਖਸੁੱਟ ਸ਼ਹੀਦ ਭਗਤ ਦੇ ਉੱਚੇ ਸੁੱਚੇ ਆਦਰਸ਼ਾਂ ਦੇ ਉਲਟ ਹੈ। ਉਨ੍ਹਾਂ ਨੇ ਕਾਂਗਰਸ ਪਾਰਟੀ ਵੱਲੋਂ ਸ਼ਹੀਦਾਂ ਦੇ ਨਾਂ ’ਤੇ ਝੂਠੀਆਂ ਸਹੁੰਆਂ ਖਾ ਕੇ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਵੀ ਨਿਖੇਧੀ ਕੀਤੀ।

ਖੱਟਕੜ ਕਲਾਂ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਾਦਲ ਨੇ ਸਵਾਲ ਕੀਤਾ ਕਿ ਪੰਜਾਬ ਸ਼ਰਾਬ ਘੁਟਾਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਹੋ ਰਹੀ ? ਉਨ੍ਹਾਂ ਕਿਹਾ ਕਿ ਪੰਜਾਬ ਆਬਕਾਰੀ ਨੀਤੀ ਵੀ ਦਿੱਲੀ ਦੀ ਨੀਤੀ ਦੇ ਆਧਾਰ ’ਤੇ ਤਿਆਰ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਇਹਨਾਂ ਹੀ ਲੋਕਾਂ ਨੇ ਪੰਜਾਬ ਆਬਕਾਰੀ ਨੀਤੀ ਘੜੀ ਸੀ। ਉਹਨਾਂ ਕਿਹਾ ਕਿ ਮੈਂ ਦਿੱਲੀ ਵਿਚ ਪੰਜਾਬ ਆਬਕਾਰੀ ਨੀਤੀ ਘੜਨ ਵੇਲੇ ਹੋਈਆਂ ਮੀਟਿੰਗਾਂ ਦੇ ਵੇਰਵੇ ਵੀ ਸਾਂਝੇ ਕੀਤੇ ਸਨ। ਉਨ੍ਹਾਂ ਕਿਹਾ ਕਿ ਇਸ ਨੀਤੀ ਦੇ ਨਤੀਜੇ ਵਜੋਂ ਆਪ ਨੇ ਪੰਜਾਬ ਦੇ ਖ਼ਜ਼ਾਨੇ ਵਿਚੋਂ ਸੈਂਕੜੇ ਕਰੋੜਾਂ ਰੁਪਏ ਲੁੱਟੇ ਹਨ। ਉਨ੍ਹਾਂ ਕਿਹਾ ਕਿ ਲੋਕ ਸਵਾਲ ਕਰ ਰਹੇ ਹਨ ਕਿ ਕੇਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਹੋ ਰਹੀ ਅਤੇ ਇਹ ਕਿਆਸ ਅਰਾਈਆਂ ਹਨ ਕਿ ਇਸ ਕੇਸ ਵਿਚ ਫਿਕਸ ਮੈਚ ਖੇਡਿਆ ਜਾ ਰਿਹਾ ਹੈ।

-

Top News view more...

Latest News view more...