Advocate Harjinder Singh Dhami : ਸ਼੍ਰੋਮਣੀ ਅਕਾਲੀ ਦਲ ਨੇ SGPC ਪ੍ਰਧਾਨ ਵੱਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਚੁਣਿਆ ਉਮੀਦਵਾਰ
Advocate Harjinder Singh Dhami : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹੋਣ ਵਾਲੇ ਐਸਜੀਪੀਸੀ ਦੇ ਜਨਰਲ ਹਾਊਸ ਦੀਆਂ ਚੋਣਾਂ (SGPC General House Election 2025) ਨੂੰ ਲੈ ਕੇ ਪ੍ਰਧਾਨ ਦੇ ਅਹੁਦੇ ਲਈ ਆਪਣੇ ਉਮੀਦਵਾਰ ਵੱਜੋਂ ਐਡਵੋਕਟ ਹਰਜਿੰਦਰ ਸਿੰਘ ਧਾਮੀ ਦੇ ਨਾਮ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਸਾਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਇਹ ਫੈਸਲਾ ਲਿਆ।
ਜਾਣਕਾਰੀ ਅਨੁਸਾਰ, ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਨੂੰ ਲੈ ਕੇ ਜਨਰਲ ਇਜਲਾਸ 3 ਨਵੰਬਰ ਨੂੰ ਸੱਦਿਆ ਗਿਆ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸਮੂਹ ਸ਼੍ਰੋਮਣੀ ਕਮੇਟੀ ਮੈਂਬਰਾਂਨ ਅਤੇ ਹੋਰ ਸੀਨੀਅਰ ਆਗੂਆਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮੀਟਿੰਗ ਕੀਤੀ ਗਈ।
ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰ ਸਾਲ ਐਸਜੀਪੀਸੀ ਪ੍ਰਧਾਨ ਅਤੇ ਐਗਜ਼ੈਕਟਿਵ ਕਮੇਟੀ ਦੇ ਚੋਣਾਂ ਤੋਂ ਪਹਿਲਾਂ ਉਹ ਸਾਰੇ ਮੈਂਬਰਾਂ ਨਾਲ ਵਿਅਕਤੀਗਤ ਤੌਰ ‘ਤੇ ਮਿਲਦੇ ਹਨ ਤਾਂ ਜੋ ਉਹਨਾਂ ਦੇ ਵਿਚਾਰ ਅਤੇ ਸੁਝਾਅ ਜਾਣ ਸਕਣ। ਉਨ੍ਹਾਂ ਨੇ ਕਿਹਾ ਕਿ ਮੈਂਬਰਾਂ ਨਾਲ ਚਰਚਾ ਤੋਂ ਬਾਅਦ ਉਨ੍ਹਾਂ ਨੇ ਸਹਿਮਤੀ ਨਾਲ ਐਲਾਨ ਕੀਤਾ ਹੈ ਕਿ ਅਕਾਲੀ ਦਲ ਵੱਲੋਂ ਐਸਜੀਪੀਸੀ ਪ੍ਰਧਾਨ ਦੇ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਡੇ ਉਮੀਦਵਾਰ ਹੋਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਹਿਬਾਨ ਨਾਲ ਵਿਚਾਰ ਚਰਚਾ ਕਰਨ ਤੋਂ ਬਾਅਦ ਪਾਰਟੀ ਵੱਲੋਂ ਇਹ ਫੈਸਲਾ ਕੀਤਾ ਗਿਆ ਹੈ ਕਿ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਹੋਣ ਵਾਲੀ ਸਾਲਾਨਾ ਚੋਣ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਜੀ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹੋਣਗੇ।
ਮੈਂ ਸਮੂਹ ਮੈਂਬਰ ਸਹਿਬਾਨ ਨੂੰ… pic.twitter.com/sTL1CHLzez — Sukhbir Singh Badal (@officeofssbadal) November 2, 2025
ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਧਾਮੀ ਸਾਹਿਬ ਨੇ ਬੇਦਾਗ ਤੇ ਸਮਰਪਿਤ ਸੇਵਾ ਕੀਤੀ ਹੈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਥਕ ਮਸਲਿਆਂ ‘ਤੇ ਮਜ਼ਬੂਤੀ ਨਾਲ ਅੱਗੇ ਲੈ ਕੇ ਗਏ ਹਨ। ਉਨ੍ਹਾਂ ਦੇ ਅਨੁਸਾਰ, ਧਾਮੀ ਦੀ ਪ੍ਰਧਾਨਗੀ ਹੇਠ ਕਮੇਟੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮੇਤ ਕਈ ਵੱਡੇ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਸਫਲ ਬਣਾਇਆ।
ਦੱਸ ਦਈਏ ਕਿ ਜੇਕਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, 3 ਨਵੰਬਰ ਨੂੰ ਹੋਣ ਵਾਲੀ ਚੋਣ 'ਚ ਪ੍ਰਧਾਨ ਵੱਜੋਂ ਚੁਣੇ ਜਾਂਦੇ ਹਨ ਤਾਂ ਇਹ ਪੰਜਵੀਂ ਵਾਰ ਹੋਵੇਗਾ, ਜਦੋਂ ਉਹ ਐਸਜੀਪੀਸੀ ਪ੍ਰਧਾਨ ਚੁਣੇ ਜਾਣਗੇ।
ਐਡਵੋਕੇਟ ਧਾਮੀ ਨੇ ਮੈਂਬਰਾਂ ਦਾ ਕੀਤਾ ਧੰਨਵਾਦ
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਪਾਰਟੀ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ, “ਇਹ ਵਾਹਿਗੁਰੂ ਦੀ ਕਿਰਪਾ ਹੈ ਕਿ ਮੈਨੂੰ ਦੁਬਾਰਾ ਸੇਵਾ ਦਾ ਮੌਕਾ ਮਿਲਿਆ ਹੈ। ਇਹ ਭਰੋਸਾ ਮੇਰੇ ਲਈ ਸਨਮਾਨ ਵੀ ਹੈ ਤੇ ਜ਼ਿੰਮੇਵਾਰੀ ਵੀ। ਮੈਂ ਗੁਰੂ ਸਾਹਿਬ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਭਰੋਸੇ ‘ਤੇ ਪੂਰਾ ਉਤਰਾਂ। ਧਾਮੀ ਨੇ ਸਿੱਖ ਸੰਗਤ ਨੂੰ ਬੇਨਤੀ ਕੀਤੀ ਕਿ ਉਹ 23 ਤੋਂ 29 ਨਵੰਬਰ ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਉਨ੍ਹਾਂ ਨੇ ਕਿਹਾ ਕਿ ਇਹ ਸਮਾਗਮ ਸਿੱਖ ਇਤਿਹਾਸ ਅਤੇ ਪੰਥਕ ਏਕਤਾ ਦਾ ਪ੍ਰਤੀਕ ਹੋਣਗੇ।
- PTC NEWS