ਸਿੱਖਾਂ ਤੇ ਪੰਜਾਬ ਨੂੰ ਬਦਨਾਮ ਕਰਨ ਦੀ ਵੱਡੀ ਸਾਜ਼ਿਸ਼: ਵਿਰਸਾ ਸਿੰਘ ਵਲਟੋਹਾ
ਮਨਿੰਦਰ ਮੋਂਗਾ (ਅੰਮ੍ਰਿਤਸਰ, 21 ਮਾਰਚ): ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਵਿੱਢੀ ਗਈ ਫੜੋ ਫੜੀ ਦੀ ਮੁਹਿੰਮ ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ’ਤੇ ਲਗਾਈ ਗਈ ਨੈਸ਼ਨਲ ਸਕਿਓਰਿਟੀ ਐਕਟ (ਐਨ ਐਸ ਏ) ਦੀ ਧਾਰਾ ਤੁਰੰਤ ਹਟਾਈ ਜਾਵੇ ਅਤੇ ਬੇਕਸੂਰ ਸਿੱਖ ਨੌਜਵਾਨਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਨੇ ਕੁਝ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਉਹਨਾਂ ’ਤੇ ਐਨ ਐਸ ਏ ਲਗਾ ਦਿੱਤਾ ਹੈ ਤੇ ਉਹਨਾਂ ਨੂੰ ਆਸਾਮ ਦੀ ਡਿਬਰੂਗੜ੍ਹ ਦੀ ਕੇਂਦਰੀ ਜੇਲ੍ਹ ਵਿਚ ਬੰਦ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਐਨਐਸਏ ਦੇਸ਼ ਹੀ ਨਹੀਂ ਬਲਕਿ ਦੁਨੀਆਂ ਦਾ ਸਭ ਤੋਂ ਕਾਲਾ ਕਾਨੂੰਨ ਮੰਨਿਆ ਜਾਂਦਾ ਹੈ। ਉਹਨਾਂ ਕਿਹਾ ਕਿ ਆਮ ਕਾਨੂੰਨ ਵਿਵਸਥਾ ਦੇ ਮਾਮਲਿਆਂ ਵਿਚ ਐਨ ਐਸ ਏ ਲਾਉਣਾ ਕਿਸੇ ਵੀ ਤਰੀਕੇ ਵਾਜਬ ਨਹੀਂ ਹੈ।
- PTC NEWS