Baba Farid Ji Birth Anniversary : ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ
Baba Farid Ji Birth Anniversary : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।
ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸਰਵਣ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਲਿਆ।
ਇਸ ਮੌਕੇ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤਾਂ ਨੂੰ ਬਾਬਾ ਫਰੀਦ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਗੁਰੂ ਸਾਹਿਬਾਨ ਦੇ ਨਾਲ-ਨਾਲ ਭਗਤਾਂ ਦੀ ਬਾਣੀ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਦਰਜ ਕਰਕੇ ਵੱਡਾ ਸਤਿਕਾਰ ਦਿੱਤਾ ਹੈ।
ਬਾਬਾ ਫਰੀਦ ਜੀ ਦੀ ਪਾਵਨ ਬਾਣੀ ਸਰਬਸਾਂਝੀਵਾਲਤਾ ਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦਿੰਦਿਆਂ ਮਨੁੱਖ ਨੂੰ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਦਿੰਦੀ ਹੈ, ਜਿਸਦੀ ਸੇਧ ਵਿਚ ਚੱਲ ਕੇ ਸਫਲ ਜੀਵਨ ਬਤੀਤ ਕੀਤਾ ਜਾ ਸਕਦਾ ਹੈ। ਉਨ੍ਹਾਂ ਬਾਬਾ ਫਰੀਦ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਜੀਵਨ ਤੋਂ ਸੇਧ ਲੈ ਕੇ ਬਾਣੀ ਅਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ।
- PTC NEWS