ਸ਼੍ਰੋਮਣੀ ਕਮੇਟੀ ਨੇ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
Baba Gurbakhsh Singh : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਥਿਤ ਉਨ੍ਹਾਂ ਨਾਲ ਸਬੰਧਤ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਜਤਿੰਦਰਪਾਲ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਲਿਆ।
ਉਨ੍ਹਾਂ ਸੰਗਤਾਂ ਨਾਲ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਜਦੋਂ ਵੀ ਸਰਕਾਰਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲੇ ਕੀਤੇ ਜਾਂਦੇ ਰਹੇ, ਤਾਂ ਸਿੱਖ ਸੂਰਮਿਆਂ ਨੇ ਹਮੇਸ਼ਾਂ ਡੱਟ ਕੇ ਮੁਕਾਬਲਾ ਕੀਤਾ। ਅਹਿਮਦ ਸ਼ਾਹ ਅਬਦਾਲੀ ਵੱਲੋਂ ਕੀਤੇ ਗਏ ਹਮਲੇ ਸਮੇਂ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੀ ਅਗਵਾਈ ਹੇਠ ਸਿੰਘਾਂ ਨੇ ਡੱਟ ਕੇ ਮੁਕਾਬਲਾ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਸੰਗਤਾਂ ਨੂੰ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਜੀਵਨ ਇਤਿਹਾਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ।
ਸਮਾਗਮ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਗੁਰਵਿੰਦਰ ਸਿੰਘ ਦੇਵੀਦਾਸਪੁਰ, ਜਸਬੀਰ ਸਿੰਘ, ਗੁਰਤਿੰਦਰਪਾਲ ਸਿੰਘ ਕਾਦੀਆ, ਅਜੈ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।
- PTC NEWS