Fri, Apr 26, 2024
Whatsapp

ਸ਼੍ਰੋਮਣੀ ਕਮੇਟੀ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਸਿਰਜਣ ਵਾਲਿਆਂ ਖਿਲਾਫ ਕਰੇਗੀ ਕਰੜੀ ਕਾਰਵਾਈ - ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕੱਤਰਤਾ ਦੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਸਿਰਜਣ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ।

Written by  Jasmeet Singh -- May 20th 2023 05:42 PM -- Updated: May 20th 2023 06:20 PM
ਸ਼੍ਰੋਮਣੀ ਕਮੇਟੀ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਸਿਰਜਣ ਵਾਲਿਆਂ ਖਿਲਾਫ ਕਰੇਗੀ ਕਰੜੀ ਕਾਰਵਾਈ - ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਸਿਰਜਣ ਵਾਲਿਆਂ ਖਿਲਾਫ ਕਰੇਗੀ ਕਰੜੀ ਕਾਰਵਾਈ - ਐਡਵੋਕੇਟ ਧਾਮੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ’ਚ ਜੰਤਰ ਮੰਤਰ ਵਿਖੇ ਧਰਨੇ ’ਤੇ ਬੈਠੀਆਂ ਓਲੰਪੀਅਨ ਭਲਵਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰਾਂ ਬੱਚੀਆਂ ਨੂੰ ਉੱਚਾ ਚੁੱਕਣ ਦੀ ਗੱਲ ਕਰਦੀਆਂ ਹਨ, ਜਦਕਿ ਦੂਜੇ ਪਾਸੇ ਦੇਸ਼ ਦਾ ਨਾਂ ਰੋਸ਼ਨ ਕਰਨ ਵਾਲੀਆਂ ਓਲੰਪੀਅਨ ਭਲਵਾਨ ਲੜਕੀਆਂ ਕੇਂਦਰ ਸਰਕਾਰ ਦੇ ਬਰੂਹਾਂ ’ਤੇ ਬੈਠ ਕੇ ਇਨਸਾਫ਼ ਲਈ ਲੜ ਰਹੀਆਂ ਹਨ। 

ਉਨ੍ਹਾਂ ਕਿਹਾ ਇਹ ਮਾਮਲਾ ਲੜਕੀਆਂ ਦੀ ਇੱਜਤ ਅਤੇ ਸਨਮਾਨ ਨਾਲ ਜੁੜਿਆ ਹੋਇਆ ਹੈ ਜਿਸ ਪ੍ਰਤੀ ਸਰਕਾਰ ਸੰਜੀਦਗੀ ਦਿਖਾ ਕਿ ਦੋਸ਼ੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਨੂੰ ਅਮਲ ਵਿੱਚ ਲਿਆਵੇ। ਐਡਵੋਕੇਟ ਧਾਮੀ ਨੇ ਆਖਿਆ ਕਿ ਸਿੱਖ ਕੌਮ ਆਪਣੇ ਇਤਿਹਾਸ, ਰਵਾਇਤਾਂ ਅਤੇ ਪਰੰਪਰਾਵਾਂ ਦੀ ਤਰਜਮਾਨੀ ਕਰਦਿਆਂ ਇਨ੍ਹਾਂ ਸੰਘਰਸ਼ੀ ਖਿਡਾਰਣਾਂ ਦਾ ਸਮਰਥਨ ਕਰਦੀ ਹੈ। ਜਲਦ ਹੀ ਇਨ੍ਹਾਂ ਖਿਡਾਰਣਾਂ ਨੂੰ ਮਿਲਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਵਫ਼ਦ ਦਿੱਲੀ ਭੇਜਿਆ ਜਾਵੇਗਾ। 


ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ 
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਕੱਤਰਤਾ ਦੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸੋਸ਼ਲ ਮੀਡੀਆ ’ਤੇ ਸਿੱਖ ਵਿਰੋਧੀ ਬਿਰਤਾਂਤ ਸਿਰਜਣ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਇਸ ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਲਿਆ ਹੈ। 

ਐਡਵੋਕੇਟ ਧਾਮੀ ਨੇ ਕਿ ਸਿੱਖਾਂ ਖਿਲਾਫ ਕਈ ਸੋਸ਼ਲ ਮੀਡੀਆ ਮੰਚ ਅਤੇ ਖਾਤੇ ਲਗਾਤਾਰ ਝੂਠਾ ਤੇ ਨਫ਼ਰਤੀ ਪ੍ਰਚਾਰ ਕਰ ਰਹੇ ਹਨ, ਜਿਨ੍ਹਾਂ ’ਤੇ ਸਰਕਾਰਾਂ ਸ਼ਿਕੰਜਾ ਨਹੀਂ ਕੱਸ ਰਹੀਆਂ। ਅਜਿਹੇ ਕਈ ਖਾਤਿਆਂ ਦੀ ਪਛਾਣ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਪ੍ਰਸ਼ਾਸਨ ਪਾਸ ਸ਼ਿਕਾਇਤਾਂ ਵੀ ਭੇਜੀਆਂ ਜਾ ਚੁੱਕੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹੁਣ ਇਸ ਮਾਮਲੇ ਨੂੰ ਸਬੂਤਾਂ ਸਮੇਤ ਭਾਰਤ ਸਰਕਾਰ ਪਾਸ ਪੇਸ਼ ਕੀਤਾ ਜਾਵੇਗਾ ਅਤੇ ਜੇਕਰ ਫਿਰ ਵੀ ਕਾਰਵਾਈ ਨਾ ਹੋਈ ਤਾਂ ਮਾਮਲਾ ਅਦਾਲਤ ਵਿੱਚ ਲੈ ਕੇ ਜਾਵਾਂਗੇ। 

ਬੇਅਦਬੀ ਅਤੇ ਮਰਯਾਦਾ ਭੰਗ ਕਰਨ ਵਾਲੀਆਂ ਘਟਨਾਵਾਂ
ਐਡਵੋਕੇਟ ਧਾਮੀ ਪੰਜਾਬ ਅੰਦਰ ਲਗਾਤਾਰ ਵਾਪਰ ਰਹੀਆਂ ਬੇਅਦਬੀ ਅਤੇ ਗੁਰਦੁਆਰਾ ਸਾਹਿਬਾਨ ਦੀ ਮਰਯਾਦਾ ਭੰਗ ਕਰਨ ਵਾਲੀਆਂ ਘਟਨਾਵਾਂ ’ਤੇ ਸਰਕਾਰ ਦੇ ਅਵੇਸਲੇਪਣ ਦੀ ਵੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਫਿਕਰਮੰਦੀ ਦੀ ਗੱਲ ਹੈ ਕਿ ਪੰਜਾਬ ਅੰਦਰ ਧਾਰਮਿਕ ਜਜ਼ਬਾਤਾਂ ਨਾਲ ਖੇਡਣ ਵਾਲਿਆਂ ਦੇ ਹੌਸਲੇ ਲਗਾਤਾਰ ਵਧ ਰਹੇ ਹਨ। ਪੰਜਾਬ ਦੀ ਸਰਕਾਰ ਇਸ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਸ ’ਤੇ ਗਹਿਰੀ ਚਿੰਤਾ ਪ੍ਰਗਟਾਈ ਅਤੇ ਇਸ ਮਾਮਲੇ ਨੂੰ ਕੇਂਦਰ ਦੇ ਗ੍ਰਹਿ ਮੰਤਰਾਲੇ ਪਾਸ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲਿਆਂ ਖਿਲਾਫ ਸਖ਼ਤ ਕਾਨੂੰਨ ਬਣਨੇ ਚਾਹੀਦੇ ਹਨ ਅਤੇ ਸਮੇਂ ਸਿਰ ਮਿਸਾਲੀ ਸਜ਼ਾਵਾਂ ਦੇਣੀਆਂ ਚਾਹੀਦੀਆਂ ਹਨ। 

ਕਮੇਟੀਆਂ ਅਤੇ ਸੰਗਤ ਨੂੰ ਅਪੀਲ ਅਤੇ ਦਲਾਈਲਾਮਾ ਨਾਲ ਮੁਲਾਕਾਤ 
ਉਨ੍ਹਾਂ ਗੁਰਦੁਆਰਾ ਕਮੇਟੀਆਂ ਅਤੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਹਰ ਸਮੇਂ ਗੁਰੂ ਘਰ ਅੰਦਰ ਪਹਿਰੇਦਾਰੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਐਡਵੇਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਡਾਂਗਮਾਰ ਸਿੱਕਮ ਅਤੇ ਗੁਰਦੁਆਰਾ ਤਪੋਅਸਥਾਨ ਗੁਰੂ ਨਾਨਕ ਦੇਵ ਜੀ ਮੇਚੁਕਾ ਅਰੁਣਾਚਲ ਪ੍ਰਦੇਸ਼ ਦੇ ਮਾਮਲਿਆਂ ਸਬੰਧੀ ਕਮੇਟੀਆਂ ਗਠਤ ਕੀਤੀਆਂ ਜਾ ਚੁੱਕੀਆਂ ਹਨ, ਜੋ ਜਲਦ ਹੀ ਸਬੰਧਤ ਸਰਕਾਰਾਂ ਨਾਲ ਗੱਲਬਾਤ ਲਈ ਜਾਣਗੀਆਂ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਦੋਵੇਂ ਮਾਮਲੇ ਬੋਧੀਆਂ ਨਾਲ ਸਬੰਧਤ ਹਨ, ਇਸ ਲਈ ਵਫ਼ਦ ਵੱਲੋਂ ਦਲਾਈਲਾਮਾ ਨਾਲ ਵੀ ਮੁਲਾਕਾਤ ਕੀਤੀ ਜਾਵੇਗੀ। 

ਬੰਦੀ ਸਿੰਘਾਂ ਦੀ ਰਿਹਾਈ 
ਬੰਦੀ ਸਿੰਘਾਂ ਦੀ ਰਿਹਾਈ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ 26 ਲੱਖ ਦੇ ਕਰੀਬ ਪ੍ਰੋਫਾਰਮੇ ਭਰੇ ਹਨ ਜੋ ਜਲਦ ਰਾਜਪਾਲ ਪੰਜਾਬ ਰਾਹੀਂ ਦੇਸ਼ ਦੇ ਰਾਸ਼ਟਰਪਤੀ ਨੂੰ ਭੇਜੇ ਜਾਣਗੇ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਪਾਸੋਂ ਵੀ ਮਿਲਣ ਵਾਸਤੇ ਸਮਾਂ ਮੰਗਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ਸ੍ਰੀ ਦਰਬਾਰ ਸਾਹਿਬ ਨੇੜੇ ਹੋਏ ਧਮਾਕਿਆਂ ਦੇ ਮੱਦੇਨਜ਼ਰ ਸੁਰੱਖਿਆ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ ਅਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਬਾਰੇ ਵੀ ਕਾਰਵਾਈ ਜਾਰੀ ਹੈ। 

ਸਰਦਾਰ ਪਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ 
ਐਡਵੋਕੇਟ ਧਾਮੀ ਅਨੁਸਾਰ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਸਾਬਕਾ ਮੁੱਖ ਸ. ਪਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਸ਼ੋਕ ਮਤਾ ਪਾਸ ਕਰਕੇ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸ. ਬਾਦਲ ਦੀਆਂ ਪੰਜਾਬ ਅਤੇ ਪੰਥ ਪ੍ਰਤੀ ਵੱਡੀਆਂ ਸੇਵਾਵਾਂ ਹਨ ਜਿਨ੍ਹਾਂ ਨੂੰ ਭੁਲਾਇਆ ਨਹੀਂ ਜਾ ਸਕਦਾ।

- PTC NEWS

Top News view more...

Latest News view more...