Mon, Dec 11, 2023
Whatsapp

ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾਵਾਂ ਠੋਸ ਕਦਮ ਚੁੱਕਣ-ਜਥੇਦਾਰ ਗਿਆਨੀ ਰਘਬੀਰ ਸਿੰਘ

Written by  Amritpal Singh -- November 13th 2023 03:22 PM
ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾਵਾਂ ਠੋਸ ਕਦਮ ਚੁੱਕਣ-ਜਥੇਦਾਰ ਗਿਆਨੀ ਰਘਬੀਰ ਸਿੰਘ

ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਸੰਸਥਾਵਾਂ ਠੋਸ ਕਦਮ ਚੁੱਕਣ-ਜਥੇਦਾਰ ਗਿਆਨੀ ਰਘਬੀਰ ਸਿੰਘ

Punjab News: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਬੰਦੀ ਛੋੜ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਗੁਰਮਤਿ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰ ਜਥਿਆਂ, ਪ੍ਰਚਾਰਕਾਂ ਅਤੇ ਕਵੀਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਦੁਆਰਾ ਸੰਗਤ ਨਾਲ ਸਾਂਝ ਪਾਈ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ ਦਿੰਦਿਆਂ ਪਿਛਲੇ 17 ਸਾਲਾਂ ਤੋਂ ਜੇਲ੍ਹ ਦੀ 8 ਫੁੱਟ ਚੱਕੀ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਕਰਨ ਸਬੰਧੀ ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਕਰਕੇ ਮੁਕਰ ਜਾਣ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨਾ ਕਰਨ, 39 ਸਾਲਾਂ ਬਾਅਦ ਵੀ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਨਾ ਮਿਲਣ ਅਤੇ ਪੰਜਾਬ ਦੇ ਨਾਲ ਕੇਂਦਰ ਸਰਕਾਰ ਦੇ ਸਿਆਸੀ ਵਿਤਕਰਿਆਂ ਦੀ ਗੱਲ ਕਰਦਿਆਂ ਸਿੱਖ ਕੌਮ ਨੂੰ ਆਪਣੇ ਹੱਕਾਂ ਲਈ ਇਕਜੁਟਤਾ ਨਾਲ ਅਵਾਜ਼ ਬੁਲੰਦ ਕਰਨ ਦਾ ਸੁਨੇਹਾ ਦਿੱਤਾ।


ਗਿਆਨੀ ਰਘਬੀਰ ਸਿੰਘ ਨੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਸ ਦਿਹਾੜੇ ਦਾ ਸਬੰਧ ਸਿੱਖ ਧਰਮ ਦੇ ਸੰਸਥਾਗਤ ਪ੍ਰਚਾਰ ਪ੍ਰਸਾਰ, ਖੂਨੀ ਪੈਂਡਿਆਂ ਅਤੇ ਜਬਰ-ਜੁਲਮ ਵਿਰੁੱਧ ਸੰਘਰਸ਼ ਦੌਰਾਨ ਕੌਮੀ ਤਕਦੀਰ ਉਡੀਕਣ ਦੇ ਅਹਿਮ ਦਿਹਾੜੇ ਵਜੋਂ ਵੀ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਮੁਗਲ ਹਾਕਮਾਂ ਵੱਲੋਂ ਲਗਾਈਆਂ ਤੁਅੱਸਬੀ ਪਾਬੰਦੀਆਂ ਦੇ ਬਾਵਜੂਦ ਵੀ ਬੰਦੀ ਛੋੜ ਦਿਵਸ ਮੌਕੇ ਸਿੱਖ ਆਪਣੇ ਕੇਂਦਰੀ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਕੇ ਗੁਰੂ-ਜਸ ਸਰਵਣ ਕਰਦੇ ਅਤੇ ਮਿਲ ਬੈਠ ਕੇ ਕੌਮ ਲਈ ਭਵਿੱਖੀ ਪ੍ਰੋਗਰਾਮ ਉਲੀਕਦੇ ਸਨ। ਇਸ ਪ੍ਰੰਪਰਾ ਨੇ ਸਿੱਖ ਕੌਮ ਦੀ ਬਿਖੜੇ ਸਮਿਆਂ ’ਚੋਂ ਬਾਹਰ ਨਿਕਲਣ ਅਤੇ ਨਵੀਆਂ ਦਿਸ਼ਾਵਾਂ ਤੈਅ ਕਰਨ ਵਿਚ ਮਹੱਤਵਪੂਰਨ ਭੂੀਮਕਾ ਨਿਭਾਈ, ਜਿਸ ਤੋਂ ਅੱਜ ਵੀ ਸੇਧ ਲੈਣ ਦੀ ਲੋੜ ਹੈ। ਗਿਆਨੀ ਰਘਬੀਰ ਸਿੰਘ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਕੁਰਬਾਨੀ, ਜਜਬੇ ਅਤੇ ਦ੍ਰਿੜ੍ਹ ਇਰਾਦੇ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿਚ ਤਬਦੀਲ ਕਰਨ ਸਬੰਧੀ ਪਾਈ ਪਟੀਸ਼ਨ ’ਤੇ ਕੇਂਦਰ ਸਰਕਾਰ ਵੱਲੋਂ ਕੋਈ ਫੈਸਲਾ ਅਮਲ ਵਿਚ ਲੈ ਕੇ ਨਾ ਆਉਣਾ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਭਾਈ ਉਲੰਘਣਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਕੇ ਸਿੱਖਾਂ ਨੂੰ ਇਨਸਾਫ਼ ਦੇਣ ਲਈ ਕਿਹਾ।

ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਵੀ ਆਦੇਸ਼ ਦਿੱਤਾ ਕਿ ਉਹ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਅਤੇ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿਚ ਤਬਦੀਲ ਕਰਵਾਉਣ ਲਈ ਠੋਸ ਤੇ ਤੇਜ਼ ਯਤਨ ਕਰੇ। ਇਸ ਸਬੰਧੀ ਸ਼੍ਰੋਮਣੀ ਕਮੇਟੀ ਸਮੂਹ ਪੰਥਕ ਦਲਾਂ ਅਤੇ ਜਥੇਬੰਦੀਆਂ ਦੀ ਇਕ ਵਿਸ਼ੇਸ਼ ਇਕੱਤਰਤਾ ਵੀ ਸੱਦੇ। ਇਸ ਦੇ ਨਾਲ ਹੀ ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਜਾਰੀ ਕੀਤਾ ਕਿ ਉਹ ਆਪਣੇ ਅਸਲ ਰਸੂਖ ਅਤੇ ਨੇੜਲੇ ਸਬੰਧਾਂ ਦੀ ਵਰਤੋਂ ਕਰਕੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰਾਲੇ ਕੋਲੋਂ ਭਾਈ ਰਾਜੋਆਣਾ ਸਬੰਧੀ ਅਪੀਲ ’ਤੇ ਫੈਸਲਾ ਕਰਵਾਉਣ ਲਈ ਗੰਭੀਰਤਾ ਨਾਲ ਯਤਨ ਕਰੇ ਅਤੇ ਇਸ ਸਬੰਧੀ 15 ਦਿਨਾਂ ਤੇ ਅੰਦਰ-ਅੰਦਰ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜੇ। ਉਨ੍ਹਾਂ ਸਮੂਹ ਪੰਥਕ ਜਥੇਬੰਦੀਆਂ ਨੂੰ ਵੀ ਬੰਦੀ ਸਿੰਘਾਂ ਸਬੰਧੀ ਮੋਹਰੀ ਸਫਾਂ ਦੇ ਤੌਰ ’ਤੇ ਯਤਨ ਕਰਨ ਲਈ ਕਿਹਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਵੀ ਸੰਬੋਧਤ ਹੁੰਦਿਆਂ ਕਿਹਾ ਕਿ ਉਹ ਕੋਈ ਵੀ ਅਜਿਹਾ ਕਦਮ ਨਾ ਚੁੱਕਣ, ਜੋ ਉਨ੍ਹਾਂ ਦੀ ਜ਼ਿੰਦਗੀ ਤੇ ਕੌਮ ਲਈ ਚਿੰਤਾ ਵਾਲਾ ਹੋਵੇ।

ਜਥੇਦਾਰ ਨੇ ਆਪਣੇ ਸੰਦੇਸ਼ ਵਿਚ ਵਿਦੇਸ਼ਾਂ ਅੰਦਰ ਵੱਖਰੀ ਪਛਾਣ ਸਬੰਧੀ ਭਰਮ-ਭੁਲੇਖਿਆਂ ਅਤੇ ਨਸਲਵਾਦ ਦੀ ਭਾਵਨਾ ਨਾਲ ਸਿੱਖਾਂ ਉੱਪਰ ਹੋ ਰਹੇ ਹਮਲਿਆਂ ’ਤੇ ਚਿੰਤਾ ਕਰਨ ਦੇ ਨਾਲ-ਨਾਲ ਭਾਰਤ ਅੰਦਰ ਵੀ ਸਿੱਖਾਂ ਪ੍ਰਤੀ ਵੱਧ ਰਹੀ ਅਸਿਹਣਸ਼ੀਲਤਾ ’ਤੇ ਵੀ ਗੰਭੀਰ ਰੁਖ਼ ਦਿਖਾਇਆ। ਉਨ੍ਹਾਂ ਕਿਹਾ ਕਿ ਸਿਰਫ਼ 2% ਅਬਾਦੀ ਹੋਣ ਦੇ ਬਾਵਜੂਦ ਅਜ਼ਾਦੀ ਲਈ 80% ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਦੇਸ਼ ਅੰਦਰ ਸਿਆਸੀ ਵਿਤਕਰਿਆਂ ਦੀ ਲੜੀ ਲਗਾਤਾਰ ਲੰਮੇਰੀ ਹੋ ਰਹੀ ਹੈ। ਪੰਜਾਬ ਦੀ ਸਿਆਸੀ ਖੁਦਮੁਖ਼ਤਿਆਰੀ, ਦਰਿਆਈ ਪਾਣੀ, ਡੈਮ, ਪੰਜਾਬੀ ਬੋਲਦੇ ਇਲਾਕੇ ਅਤੇ ਰਾਜਧਾਨੀ ਤੋਂ ਬਾਅਦ ਹੁਣ ਪੰਜਾਬ ਵਿਚ ਰੁਜ਼ਗਾਰ ਦਾ ਰਾਖਵਾਂ ਹੱਕ ਵੀ ਹੌਲੀ-ਹੌਲੀ ਪੰਜਾਬੀਆਂ ਦੇ ਹੱਥੋਂ ਖੁਸਦਾ ਜਾ ਰਿਹਾ ਹੈ। ਉਨ੍ਹਾਂ ਚਿੰਤਾ ਪ੍ਰਗਟ ਕਰਦਿਆਂ ਆਖਿਆ ਕਿ ਪੰਜਾਬ ਦੇ ਪੜ੍ਹੇ ਲਿਖੇ ਨੌਜੁਆਨ ਰੁਜ਼ਗਾਰ ਲਈ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ, ਪਰ ਦੂਜਿਆਂ ਤੋਂ ਧੜਾ-ਧੜ ਲੋਕ ਇਥੇ ਆ ਕੇ ਸਰਕਾਰਾਂ ਅਤੇ ਨਿੱਜੀ ਖੇਤਰ ਵਿਚ ਰੁਜ਼ਗਾਰ ਦੇ ਵਸੀਲਿਆਂ ’ਤੇ ਕਾਬਜ਼ ਹੋ ਰਹੇ ਹਨ। ਗਿਣੀ ਮਿਥੀ ਸਾਜ਼ਸ਼ ਨਾਲ ਪੰਜਾਬ ਦੀ ਕਿਸਾਨੀ ਤੇ ਉਪਜਾਊ ਧਰਤੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਇਸੇ ਦਾ ਸਿੱਟਾ ਹੈ ਕਿ ਮਾਯੂਸ ਹੋਈ ਸਿੱਖ ਨੌਜੁਆਨੀ ਵਿਦੇਸ਼ਾਂ ਵੱਲ ਪ੍ਰਵਾਸ ਕਰ ਰਹੀ ਹੈ। ਉਨ੍ਹਾਂ ਇਸ ਗੱਲ ’ਤੇ ਚਿੰਤਾ ਜਾਹਰ ਕੀਤੀ ਕਿ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਕਾਤਲ 39 ਸਾਲ ਬਾਅਦ ਵੀ ਕਾਨੂੰਨ ਦੀ ਪਕੜ ਤੋਂ ਬਾਹਰ ਹਨ, ਜਦਕਿ ਸਾਡੇ ਬੰਦੀ ਸਿੰਘ ਉਮਰ ਕੈਦ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਵੀ ਜੇਲ੍ਹਾਂ ਅੰਦਰ ਕੈਦ ਹਨ।

ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਨੌਜੁਆਨਾਂ ਨੂੰ ਮੁਫ਼ਤ ਸਿਵਲ ਸੇਵਾਵਾਂ ਦੀ ਪ੍ਰੀਖਿਆ ਦੀ ਤਿਆਰੀ ਲਈ ‘ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ’ ਸਥਾਪਤ ਕਰਨ ’ਤੇ ਖੁਸ਼ੀ ਪ੍ਰਗਟ ਕਰਦਿਆਂ ਆਖਿਆ ਕਿ ਸਿੱਖ ਸਮਾਜ ਨੂੰ ਦੇਖਾ-ਦੇਖੀ ਆਪਣੇ ਬੱਚੇ ਪੜ੍ਹਾਈ ਜਾਂ ਰੁਜ਼ਗਾਰ ਲਈ ਵਿਦੇਸ਼ ਭੇਜਣ ਦੀ ਬਜਾਏ ਇਥੇ ਰਹਿੰਦਿਆਂ ਆਪਣੀ ਕਾਬਲੀਅਤ ਅਤੇ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਸੇਧਿਤ ਕਰਕੇ ਉੱਚ ਪ੍ਰਸ਼ਾਸਨਿਕ, ਡਾਕਟਰੀ ਸਿੱਖਿਆ, ਤਕਨੀਕੀ ਅਤੇ ਵਣਜ ਵਪਾਰ ਦੇ ਖੇਤਰ ਵਿਚ ਅੱਗੇ ਆਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਸਿੱਖ ਕੌਮ ਨੂੰ ਦੇਸ਼ ਅੰਦਰ ਆਪਣੇ ਨਾਲ ਹੋ ਰਹੀਆਂ ਸਿਆਸੀ ਵਿਤਕਰੇ ਬਾਜੀਆਂ ਨੂੰ ਠੱਲ੍ਹਣ ਲਈ ਅਤੇ ਰਾਜਨੀਤਕ ਹੱਕ ਹਕੂਕ ਮਹਿਫੂਜ ਰੱਖਣ ਲਈ ਆਪਣੀ ਖੇਤਰੀ ਤੇ ਪੰਥਕ ਰਾਜਨੀਤੀ ਨੂੰ ਪ੍ਰਫੁਲਤ ਅਤੇ ਮਜ਼ਬੂਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਆਖਿਆ ਕਿ ਸਿੱਖਾਂ ਦੀਆਂ ਧਾਰਮਿਕ ਪੰਥਕ ਅਤੇ ਰਾਜਨੀਤਕ ਸੰਸਥਾਵਾਂ ਨੂੰ ਖ਼ਤਮ ਕਰਨ ਲਈ ਹੋ ਰਹੀਆਂ ਸਾਜ਼ਿਸ਼ਾਂ ਤੋਂ ਸੁਚੇਤ ਹੋ ਕੇ ਕੌਮੀਅਤ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਵਧਣਾ ਚਾਹੀਦਾ ਹੈ।

ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਰੋਕਣ ਲਈ ਕੇਵਲ ਸਰਕਾਰਾਂ ਤੋਂ ਉਮੀਦ ਰੱਖਣ ਦੀ ਬਜਾਏ ਗੁਰੂ ਘਰਾਂ ਦੀ ਪਹਿਰੇਦਾਰੀ ਨੂੰ ਖ਼ੁਦ ਮਜ਼ਬੂਤ ਕਰਨ ਦੀ ਪ੍ਰੇਰਣਾ ਵੀ ਕੀਤੀ।

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਇਸ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਸਿੱਖ ਪ੍ਰੰਪਰਾਵਾਂ ਅਤੇ ਰਵਾਇਤਾਂ ਦੀ ਰੋਸ਼ਨੀ ਵਿਚ ਪੰਥ ਦੀ ਚੜ੍ਹਦੀ ਕਲਾ ਲਈ ਯੋਗਦਾਨ ਪਾਉਣ ਦੀ ਪ੍ਰੇਰਨਾ ਕੀਤੀ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਪਰਦਾਵਾਂ ਦੇ ਮੁੱਖੀਆਂ ਅਤੇ ਨੁਮਾਇੰਦਿਆਂ ਨੂੰ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਸਨਮਾਨਿਤ ਕੀਤਾ।


- PTC NEWS

adv-img

Top News view more...

Latest News view more...