Patiala News : ਮੋਹਨਜੀਤ ਕੁੱਟਮਾਰ ਮਾਮਲੇ ਨੂੰ ਲੈ ਕੇ ਪੰਜਾਬੀ ਯੂਨੀਵਰਸਿਟੀ ਵਿੱਚ SOI ਦਾ ਜ਼ੋਰਦਾਰ ਪ੍ਰਦਰਸ਼ਨ
ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਮੋਹਨਜੀਤ ਕੁੱਟਮਾਰ ਮਾਮਲੇ ਨੂੰ ਲੈ ਕੇ ਰੋਸ ਵੱਧਦਾ ਜਾ ਰਿਹਾ ਹੈ। ਇਸੇ ਤਹਿਤ ਵਿਦਿਆਰਥੀ ਜਥੇਬੰਦੀ ਐਸਓਆਈ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਕਾਰਗੁਜ਼ਾਰੀ ’ਤੇ ਚੁੱਕੇ ਸਵਾਲ
ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਰਕਾਰ ਵੱਲੋਂ ਲੋਕਾਂ ਨੂੰ ਇਹ ਅਪੀਲ ਕੀਤੀ ਜਾਂਦੀ ਸੀ ਕਿ ਉਹ ਸੱਤਾਧਾਰੀ ਪਾਰਟੀ ਨੂੰ ਸਵਾਲ ਕਰਨ ਅਤੇ ਸਰਕਾਰ ਦੀਆਂ ਨੀਤੀਆਂ ’ਤੇ ਆਪਣੀ ਆਵਾਜ਼ ਬੁਲੰਦ ਕਰਨ।
'ਮਾਮਲੇ ਦੀ ਨਿਰਪੱਖ ਜਾਂਚ ਅਤੇ ਕਾਰਵਾਈ ਦੀ ਮੰਗ'
ਵਿਦਿਆਰਥੀਆਂ ਨੇ ਕਿਹਾ ਕਿ ਜਦੋਂ ਅੱਜ ਲੋਕ ਸੱਥਾਂ ਅਤੇ ਮੁਹੱਲਿਆਂ ਵਿੱਚ ਸਰਕਾਰ ਤੋਂ ਸਵਾਲ ਪੁੱਛਦੇ ਹਨ ਤਾਂ ਉਨ੍ਹਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਅਤੇ ਦਬਾਅ ਵਾਲਾ ਰਵੱਈਆ ਕਿਉਂ ਅਪਣਾਇਆ ਜਾਂਦਾ ਹੈ। ਉਨ੍ਹਾਂ ਮੋਹਨਜੀਤ ਨਾਲ ਵਾਪਰੀ ਘਟਨਾ ਨੂੰ ਇਸ ਦੀ ਉਦਾਹਰਣ ਦੱਸਦਿਆਂ ਮਾਮਲੇ ਵਿੱਚ ਨਿਰਪੱਖ ਜਾਂਚ ਅਤੇ ਕਾਰਵਾਈ ਦੀ ਮੰਗ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਨਸ਼ਿਆਂ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਿਆ
ਪ੍ਰਦਰਸ਼ਨਕਾਰੀਆਂ ਨੇ ਨਸ਼ਿਆਂ ਦੇ ਮੁੱਦੇ ’ਤੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਜਦੋਂ ਇੱਕ ਬਜ਼ੁਰਗ ਪਿਤਾ ਵੱਲੋਂ ਆਪਣੇ ਇਲਾਕੇ ਵਿੱਚ ਨਸ਼ਿਆਂ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ ਗਈ ਤਾਂ ਉਸ ’ਤੇ ਕਥਿਤ ਤੌਰ ’ਤੇ ਦਬਾਅ ਬਣਾਇਆ ਗਿਆ। ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਉਸ ਵਿਅਕਤੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ
ਇਸ ਤੋਂ ਇਲਾਵਾ ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਵੱਲੋਂ ਜਬਰ-ਜਨਾਹ ਦੇ ਮਾਮਲਿਆਂ ਵਿੱਚ ਕਥਿਤ ਤੌਰ ’ਤੇ ਰਿਸ਼ਵਤ ਲੈ ਕੇ ਕੇਸ ਰਫ਼ਾ-ਦਫ਼ਾ ਕਰਨ ਦੇ ਦੋਸ਼ ਵੀ ਲਗਾਏ ਗਏ। ਉਨ੍ਹਾਂ ਮੁੱਖ ਮੰਤਰੀ ਦੇ ਪਰਿਵਾਰ ਨਾਲ ਜੁੜੇ ਇੱਕ ਵਿਅਕਤੀ ’ਤੇ ਪੰਜ ਕਰੋੜ ਰੁਪਏ ਦੀ ਕਥਿਤ ਰਿਸ਼ਵਤ ਲੈਣ ਦੇ ਗੰਭੀਰ ਦੋਸ਼ ਲਗਾਉਂਦਿਆਂ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ।
ਐਸਓਆਈ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਜੇਕਰ ਲੋਕਾਂ ਦੀ ਆਵਾਜ਼ ਨੂੰ ਦਬਾਉਣ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਨਜ਼ਰਅੰਦਾਜ਼ ਕਰਨ ਦਾ ਸਿਲਸਿਲਾ ਜਾਰੀ ਰਿਹਾ ਤਾਂ ਵਿਦਿਆਰਥੀ ਅਤੇ ਨੌਜਵਾਨ ਵਰਗ ਸਰਕਾਰ ਖ਼ਿਲਾਫ਼ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਕਿਸ ਦਿਸ਼ਾ ਵੱਲ ਜਾ ਰਿਹਾ ਹੈ, ਇਸ ਦਾ ਜਵਾਬ ਸਰਕਾਰ ਨੂੰ ਪੰਜਾਬ ਦੇ ਲੋਕਾਂ ਨੂੰ ਦੇਣਾ ਪਵੇਗਾ।
ਇਹ ਵੀ ਪੜ੍ਹੋ : Punjab Regular DGP Appointment ਨਾ ਲਾਉਣ ਦਾ ਮਾਮਲਾ ਪਹੁੰਚਿਆ ਹਾਈਕੋਰਟ; 1 ਅਕਤੂਬਰ ਤੱਕ ਮਾਨ ਸਰਕਾਰ ਨੂੰ ਹਲਫਨਾਮਾ ਦਾਖਲ ਕਰਨ ਦੇ ਆਦੇਸ਼
- PTC NEWS