ਸ੍ਰੀ ਅਕਾਲ ਤਖਤ ਸਾਹਿਬ ਦੀ ਕਮੇਟੀ ਦਾ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਵੱਡਾ ਐਲਾਨ, 18 ਮਾਰਚ ਤੋਂ ਹੋਵੇਗੀ ਸ਼ੁਰੂਆਤ
Akali Dal Membership : ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਗਠਤ ਕਮੇਟੀ ਨੇ ਭਰਤੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕਮੇਟੀ ਮੈਂਬਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 18 ਮਾਰਚ ਨੂੰ ਅਕਾਲੀ ਦਲ ਦੀ ਭਰਤੀ ਦੀ ਸ਼ੁਰੂਆਤ ਹੋਵੇਗੀ। ਅੱਜ ਇਸਤੋਂ ਪਹਿਲਾਂ ਅਕਾਲੀ ਦਲ ਦੀ ਭਰਤੀ ਲਈ ਬਣੀ ਪੰਜ ਮੈਂਬਰੀ ਕਮੇਟੀ ਨੇ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਅਕਾਲ ਤਖਤ ਸਾਹਿਬ 'ਤੇ ਅਰਦਾਸ ਕੀਤੀ।
ਜਾਣਕਾਰੀ ਅਨੁਸਾਰ ਦੋ ਦਸੰਬਰ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਹੋਏ ਹੁਕਮਨਾਮੇ ਅਨੁਸਾਰ ਅਕਾਲੀ ਦਲ ਦੀ ਭਰਤੀ ਲਈ ਬਣੀ ਸੱਤ ਮੈਂਬਰੀ ਕਮੇਟੀ ਦੇ ਵਿੱਚੋਂ ਬਚੇ ਪੰਜ ਮੈਂਬਰਾਂ ਵੱਲੋਂ ਅੱਜ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਅਰਦਾਸ ਬੇਨਤੀ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ।
5 ਮੈਂਬਰੀ ਕਮੇਟੀ ਦੇ ਮੈਂਬਰਾਂ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ 18 ਮਾਰਚ ਤੋਂ ਅਕਾਲੀ ਦਲ ਦੀ ਭਰਤੀ ਦੀ ਸ਼ੁਰੂਆਤ ਹੋਵੇਗੀ ਅਤੇ ਇਹ ਸ਼ੁਰੂਆਤ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੱਥਾ ਟੇਕਣ ਤੋਂ ਬਾਅਦ ਕੀਤੀ ਜਾਵੇਗੀ, ਜਿਸ ਤੋਂ ਬਾਅਦ ਤਿੰਨ ਤਖਤਾਂ ਦੇ ਉੱਪਰ 'ਤੇ ਭਰਤੀ ਦੀ ਸ਼ੁਰੂਆਤ ਕਰਨ ਤੋਂ ਬਾਅਦ ਪਿੰਡ-ਪਿੰਡ ਜਾ ਕੇ ਇਸ ਭਰਤੀ ਦੀ ਸ਼ੁਰੂਆਤ ਕੀਤੀ ਜਾਵੇਗੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਕੀਤੀ ਭਰਤੀ ਸਬੰਧੀ ਉਨ੍ਹਾਂ ਕਿਹਾ ਕਿ ਅਕਾਲੀ ਦਲ ਵੱਲੋਂ ਪਹਿਲਾਂ ਜੋ ਭਰਤੀ ਕੀਤੀ ਗਈ ਸੀ ਉਸ ਦਾ ਜਵਾਬ ਜਾਂ ਤਾਂ ਅਕਾਲੀ ਦਲ ਦੇਵੇਗਾ ਜਾਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਦੇਣਗੇ।
ਆਗੂਆਂ ਨੇ ਅੱਗੇ ਕਿਹਾ ਕਿ ਪਿਛਲੇ ਦਿਨੀ ਉਹਨਾਂ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੋਣਾਂ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਲੇਕਿਨ ਅਜੇ ਉਨ੍ਹਾਂ ਨੇ ਆਪਣੇ ਅਸਤੀਫੇ ਨੂੰ ਵਾਪਸ ਲੈਣ ਬਾਰੇ ਕੋਈ ਵੀ ਹਾਮੀ ਨਹੀਂ ਭਰੀ, ਲੇਕਿਨ ਸਾਡੇ ਵੱਲੋਂ ਹਰਜਿੰਦਰ ਸਿੰਘ ਧਾਮੀ ਹੁਣਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਲੈਣ।
- PTC NEWS