Giani Kuldeep Singh Gadgaj : ਕੌਣ ਹਨ ਗਿਆਨੀ ਕੁਲਦੀਪ ਸਿੰਘ ਗੜਗਜ, ਜਿਨ੍ਹਾਂ ਨੂੰ ਲਾਇਆ ਗਿਆ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ
Giani Kuldeep Singh Gadgaj : ਸ਼੍ਰੋਮਣੀ ਅਕਾਲੀ ਦਲ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ਼ੁੱਕਰਵਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਗਿਆਨੀ ਰਘਬੀਰ ਸਿੰਘ ਨੂੰ ਸੇਵਾਮੁਕਤ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਨਾਲ ਹੀ ਗਿਆਨੀ ਕੁਲਦੀਪ ਸਿੰਘ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਜਥੇਦਾਰ ਵੀ ਥਾਪਿਆ ਗਿਆ ਹੈ। ਜਦਕਿ ਬਾਬਾ ਟੇਕ ਸਿੰਘ ਧਨੌਲਾ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ।
ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਉਨ੍ਹਾਂ ਦੀ ਸਿੱਖੀ ਵਿੱਚ ਪਰਿਪੱਕਤਾ ਤੇ ਡੂੰਘੇ ਗਿਆਨ ਅਤੇ ਪਿਛੋਕੜ ਨੂੰ ਵੇਖਦਿਆਂ ਲਾਇਆ ਗਿਆ ਹੈ। ਆਓ ਜਾਣਦੇ ਹਨ ਗਿਆਨੀ ਕੁਲਦੀਪ ਸਿੰਘ ਗੜਗਜ ਬਾਰੇ...
ਗਿਆਨ ਕੁਲਦੀਪ ਸਿੰਘ ਗੜਗਜ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਜੱਬੋਵਾਲ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਉਮਰ 40 ਸਾਲ ਹੈ। ਵਿਦਿਆ ਪੱਖੋਂ ਉਹ ਐਮ. ਇਤਿਹਾਸ ਦੀ ਡਿਗਰੀ ਧਾਰਕ ਹਨ ਅਤੇ ਸਿੱਖ ਮਿਸ਼ਨਰੀ ਕਾਲਜ ਤੋਂ ਧਾਰਮਿਕ ਵਿਦਿਆ ਪ੍ਰਾਪਤ ਕੀਤੀ ਹੈ।
ਗੁਰਮਤਿ ਤਜ਼ਰਬਾ
ਜਾਣਕਾਰੀ ਅਨੁਸਾਰ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗਜ ਪਿਛਲੇ 3 ਸਾਲ ਤੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਕਥਾ ਕਰਦੇ ਆ ਰਹੇ ਹਨ।
ਉਨ੍ਹਾਂ ਦਾ ਪੂਰਾ ਪਰਿਵਾਰ ਅੰਮ੍ਰਿਤਧਾਰੀ ਹੈ ਅਤੇ ਉਹ ਪਿਛਲੇ 12 ਸਾਲਾਂ ਤੋਂ ਗਰੀਬ ਤੇ ਯਤੀਮ ਬੱਚਿਆਂ ਦੀ ਪੜ੍ਹਾਈ ਅਤੇ ਰਹਿਣ ਬਸੇਰੇ ਦਾ ਉਪਰਾਲਾ ਕਰਦੇ ਆ ਰਹੇ ਹਨ।
ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਬਾਰੇ ਜਾਣੋ
ਦੂਜੇ ਪਾਸੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਨਵੇਂ ਨਿਯੁਕਤ ਕੀਤੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਬਰਨਾਲਾ ਜ਼ਿਲ੍ਹੇ ਦੇ ਧਨੌਲਾ ਪਿੰਡ ਨਾਲ ਸਬੰਧਤ ਹਨ। ਬਾਬਾ ਟੇਕ ਸਿੰਘ 12 ਸਾਲ ਸ਼੍ਰੋਮਣੀ ਅਕਾਲੀ ਦਲ ਦੇ ਐਗਜ਼ੈਕਟਿਵ ਮੈਂਬਰ ਵੀ ਰਹੇ ਹਨ ਅਤੇ ਮੌਜੂਦਾ ਸਮੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਵੀ ਹਨ।
ਇਸ ਦੇ ਨਾਲ ਹੀ ਉਹ ਲੰਮਾ ਸਮਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਰਹੇ ਹਨ। ਜਦਕਿ ਉਹ ਸੰਪਰਦਾਏ ਮਸਤੂਆਣਾ ਸਾਹਿਬ ਦੇ ਪ੍ਰਧਾਨ ਵੱਜੋਂ ਵੀ ਉਨ੍ਹਾਂ ਨੇ ਸੇਵਾਵਾਂ ਨਿਭਾਈਆਂ ਹਨ।
- PTC NEWS