Mon, Jun 8, 2026
Whatsapp

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ; ਜਥੇਦਾਰ ਸਾਹਿਬ ਨੇ ਸਿੱਖ ਸੰਗਤ ਨੂੰ ਕੀਤਾ ਇਹ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।

Reported by:  PTC News Desk  Edited by:  Aarti -- June 08th 2026 01:36 PM
ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ; ਜਥੇਦਾਰ ਸਾਹਿਬ ਨੇ ਸਿੱਖ ਸੰਗਤ ਨੂੰ ਕੀਤਾ ਇਹ ਅਪੀਲ

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ; ਜਥੇਦਾਰ ਸਾਹਿਬ ਨੇ ਸਿੱਖ ਸੰਗਤ ਨੂੰ ਕੀਤਾ ਇਹ ਅਪੀਲ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਸਜਾਏ ਗਏ ਅਤੇ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ। 


ਸਮਾਗਮ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਵੱਲੋਂ ਸਿਰਜਿਆ ਸ੍ਰੀ ਅਕਾਲ ਤਖ਼ਤ ਸਾਹਿਬ ਮੀਰੀ ਤੇ ਪੀਰੀ ਦੇ ਸਿਧਾਂਤ ਦਾ ਪ੍ਰਤੱਖ ਪ੍ਰਗਟਾਵਾ ਹੈ। ਗੁਰੂ ਸਾਹਿਬ ਨੇ ਗੁਰਤਾਗੱਦੀ ’ਤੇ ਬਿਰਾਜਮਾਨ ਹੋ ਕੇ ਸਿੱਖਾਂ ਨੂੰ ਜਿਥੇ ਸ਼ਸ਼ਤਰਧਾਰੀ ਹੋਣ ਦਾ ਉਪਦੇਸ਼ ਕੀਤਾ, ਉਥੇ ਹੀ ਚੰਗੇ ਘੋੜੇ ਤੇ ਸ਼ਸਤਰ ਭੇਟ ਕਰਨ ਲਈ ਵੀ ਪ੍ਰੇਰਿਆ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾ ਗੁਰੂ ਉਪਦੇਸ਼ਾਂ ’ਤੇ ਚੱਲਦਿਆਂ ਗੁਰਬਾਣੀ ਦਾ ਜਾਪ ਕਰਕੇ ਆਪਣੇ ਆਪ ਨੂੰ ਮਜ਼ਬੂਤ ਕੀਤਾ ਹੈ। ਗੁਰਬਾਣੀ ਦੇ ਆਸਰੇ ਨਾਲ ਹੀ ਸਿੱਖ ਯੋਧਿਆਂ ਨੇ ਵੱਡੇ-ਵੱਡੇ ਸੰਘਰਸ਼ ਲੜੇ। ਸਿੱਖ ਸਿਧਾਂਤਾਂ ਦੀ ਪ੍ਰੇਰਣਾ ਹੀ ਸੀ ਕਿ ਸਿੱਖ ਯੋਧੇ ਜ਼ੁਲਮ ਖਿਲਾਫ਼ ਫਾਂਸੀਆਂ ’ਤੇ ਚੜ੍ਹ ਗਏ।

ਉਨ੍ਹਾਂ ਕਿਹਾ ਕਿ ਅੱਜ ਹਕੂਮਤਾਂ ਬਿਰਤਾਂਤ ਸਿਰਜ ਕੇ ਸਿੱਖਾਂ ਨੂੰ ਗੁਰਬਾਣੀ ਤੇ ਸਿਧਾਂਤਾਂ ਨਾਲੋਂ ਤੋੜਨ ਯਤਨ ਕਰ ਰਹੀਆਂ ਹਨ। ਸਰਕਾਰ ਵੱਲੋਂ ਲਿਆਂਦੇ ਨਵੇਂ ਕਾਨੂੰਨ ਵਿਚਲੀਆਂ ਕੁਝ ਮੱਦਾਂ ਵੀ ਇਸੇ ਬਿਰਤਾਂਤ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਕਾਨੂੰਨ ਦੇ ਡਰ ਕਾਰਨ ਆਪਣੇ ਘਰਾਂ ਵਿੱਚੋਂ ਗੁਟਕਾ ਸਾਹਿਬ ਤੇ ਪੋਥੀਆਂ ਗੁਰੂ ਘਰਾਂ ਵਿਚ ਜਮ੍ਹਾਂ ਕਰਵਾ ਰਹੀਆਂ ਹਨ। ਜਥੇਦਾਰ ਗੜਗੱਜ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਅਜਿਹੇ ਬਿਰਤਾਂਤ ਨੂੰ ਤੋੜਨ ਦੀ ਲੋੜ ਹੈ। ਸੰਗਤਾਂ ਕਿਸੇ ਵੀ ਤਰ੍ਹਾਂ ਭੈਅ ਵਿਚ ਨਾ ਆਉਣ ਅਤੇ ਆਪਣੇ ਘਰਾਂ ਵਿਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਅਤੇ ਪੋਥੀਆਂ ਪੂਰੇ ਸਤਿਕਾਰ ਅਤੇ ਮਰਯਾਦਾ ਨਾਲ ਰੱਖਣ, ਨਾ ਕਿ ਜਮ੍ਹਾਂ ਕਰਵਾਉਣ।

ਉਨ੍ਹਾਂ ਕਿਹਾ ਕਿ ਸਾਡਾ ਆਸਰਾ ਗੁਰਬਾਣੀ ਹੈ ਅਤੇ ਕੋਈ ਵੀ ਕਾਨੂੰਨ ਸਿੱਖ ਨੂੰ ਗੁਰਬਾਣੀ ਨਾਲੋਂ ਤੋੜ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸਰਕਾਰ ਨੂੰ ਕਾਨੂੰਨ ਵਿਚ ਕੁਝ ਸੋਧਾਂ ਕਰਨ ਲਈ ਆਖਿਆ ਗਿਆ ਸੀ, ਪਰ ਪੰਜਾਬ ਦੀ ਸਰਕਾਰ ਅੱਗੋਂ ਅੜੀ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਕਰਕੇ ਇਸ ਮਾਮਲੇ ਸਬੰਧੀ ਸਿੱਖ ਪੰਥ ਦੇ ਨਾਮ ਆਦੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੁਰਬਾਣੀ ਨਾਲੋਂ ਤੋੜਨ ਵਾਲੇ ਕਿਸੇ ਵੀ ਕਾਨੂੰਨ ਨੂੰ ਨਾ ਸਿੱਖਾਂ ਨੇ ਮੰਨਿਆ ਹੈ ਅਤੇ ਨਾ ਹੀ ਮੰਨਣਗੇ। ਉਨ੍ਹਾਂ ਇਹ ਵੀ ਕਿਹਾ ਕਿ ਸਿੱਖਾਂ ਨੂੰ ਮੀਰੀ ਪੀਰੀ ਦੇ ਸਿਧਾਂਤ ’ਤੇ ਪਹਿਰਾ ਦਿੰਦਿਆਂ ਰਾਜਸੀ ਤੌਰ ’ਤੇ ਮਜ਼ਬੂਤ ਹੋਣ ਲਈ ਇਕਜੁਟ ਹੋਣ ਦੀ ਲੋੜ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਉਪਦੇਸ਼ਾਂ ਅਨੁਸਾਰ ਜੀਵਨ ਜਿਊਣ ਅਤੇ ਗੁਰਬਾਣੀ ਨਾਲ ਜੁੜਨ ਦੀ ਪ੍ਰੇਰਣਾ ਵੀ ਕੀਤੀ।

ਇਹ ਵੀ ਪੜ੍ਹੋ  : Punjab Weather Update : ਮੁੜ 45 ਡਿਗਰੀ ਹੋਇਆ ਤਾਪਮਾਨ; ਸੂਬੇ ਭਰ ’ਚ ਲੂ ਦਾ ਯੈਲੋ ਅਲਰਟ ਜਾਰੀ, ਜਾਣੋ ਕਦੋਂ ਮਿਲੇਗੀ ਰਾਹਤ !

- PTC NEWS

Electrical Saftey authority

Top News view more...

Latest News view more...

PTC NETWORK
PTC NETWORK