Sri Anandpur Sahib : ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
Sri Anandpur Sahib News : ਕਾਰ ਸੇਵਾ ਸੇਵਾਵਾਂ 'ਚ ਪਿਛਲੇ ਲੰਬੇ ਸਮੇਂ ਤੋਂ ਸ਼ਲਾਘਾਯੋਗ ਕਾਰਜ ਕਰ ਰਹੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁੱਚਾ ਸਿੰਘ ਜੀ ਲੰਬੀ ਬਿਮਾਰੀ ਤੋਂ ਬਾਅਦ ਅੱਜ ਅਕਾਲ ਚਲਾਣਾ ਕਰ ਗਏ ਹਨ। ਜੋ ਕਿ ਪਿਛਲੇ ਕਈ ਦਿਨਾਂ ਤੋਂ ਦਿਲ ਦੀਆਂ ਬਿਮਾਰੀਆਂ ਤੋਂ ਪੀੜਿਤ ਹੋਣ ਕਰਕੇ ਇੱਕ ਨਿਜੀ ਹਸਪਤਾਲ ਵਿਖੇ ਜੇਰੇ ਇਲਾਜ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਕੀਰਤਪੁਰ ਸਾਹਿਬ ਦੇ ਪਤਾਲਪੁਰੀ ਸ਼ਮਸ਼ਾਨ ਘਾਟ ਵਿਖੇ ਮੰਗਲਵਾਰ ਨੂੰ ਕੀਤਾ ਜਾਵੇਗਾ।
ਬਾਬਾ ਸੁੱਚਾ ਸਿੰਘ ਜੀ ਦੇ ਦੇਹਾਂਤ 'ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਸੁੱਚਾ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਸੁੱਚਾ ਸਿੰਘ ਜੀ ਨੇ ਗੁਰੂ ਘਰ ਦੀਆਂ ਸੇਵਾਵਾਂ ਸਮਰਪਣ ਭਾਵ ਨਾਲ ਕੀਤੀਆਂ। ਉਨ੍ਹਾਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਕਈ ਗੁਰਦੁਆਰਾ ਸਾਹਿਬਾਨ ਦੀਆਂ ਇਮਾਰਤਾਂ ਦੀ ਸੇਵਾ ਕਰਵਾਈ ਗਈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਬਾ ਸੁੱਚਾ ਸਿੰਘ ਜੀ ਦੀ ਨਿਮਰਤਾ, ਪਿਆਰ ਅਤੇ ਗੁਰੂ ਘਰਾਂ ਦੀ ਸੇਵਾ ਲਈ ਸਮਰਪਣ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਬਾਬਾ ਜੀ ਦੇ ਅਕਾਲ ਚਲਾਣੇ ਨਾਲ ਪੂਰੇ ਪੰਥ ਨੂੰ ਵੱਡਾ ਘਾਟਾ ਪਿਆ ਹੈ। ਐਡਵੋਕੇਟ ਧਾਮੀ ਨੇ ਬਾਬਾ ਜੀ ਨੂੰ ਸਤਿਕਾਰ ਭੇਟ ਕਰਦਿਆਂ ਕਰਤਾ ਪੁਰਖੁ ਅਗੇ ਅਰਦਾਸ ਕੀਤੀ ਕਿ ਸੰਗਤਾਂ ਅਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਰਨਲ ਸਕੱਤਰ ਸੇ਼ੇਰ ਸਿੰਘ ਮੰਡਵਾਲਾ ਤੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਵੀ ਬਾਬਾ ਸੁੱਚਾ ਸਿੰਘ ਦੇ ਅਕਾਲ ਚਲਾਣੇ ਤੇ ਸੰਵੇਦਨਾ ਪ੍ਰਗਟ ਕਰਦਿਆਂ ਵਾਹਿਗੁਰੂ ਅੱਗੇ ਉਨ੍ਹਾਂ ਨਮਿਤ ਅਰਦਾਸ ਕੀਤੀ।
- PTC NEWS