Tue, Oct 27, 2026
Whatsapp

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋ ਰਹੀ ਸੰਗਤ

ਅੰਮ੍ਰਿਤਸਰ ਸ਼ਹਿਰ ਦੇ ਬਾਨੀ ਤੇ ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

Reported by:  PTC News Desk  Edited by:  Amritpal Singh -- October 27th 2026 09:55 AM
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋ ਰਹੀ ਸੰਗਤ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋ ਰਹੀ ਸੰਗਤ

Parkash Purab Sri Guru Ramdas Ji: ਅੰਮ੍ਰਿਤਸਰ ਸ਼ਹਿਰ ਦੇ ਬਾਨੀ ਤੇ ਸਿੱਖ ਧਰਮ ਦੇ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਤੇ ਦੀਪਮਾਲਾ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਹੈ। ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਧਾਮਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ। 


ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰਬਾਣੀ ਕੀਰਤਨ, ਕਥਾ-ਵਿਚਾਰ, ਕਵੀ ਦਰਬਾਰ, ਅੰਮ੍ਰਿਤ ਸੰਚਾਰ ਤੇ ਹੋਰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਰਾਤ ਨੂੰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜ਼ੀ ਕੀਤੀ ਜਾਵੇਗੀ। ਇਸ ਪਾਵਨ ਮੌਕੇ ਦੇਸ਼-ਵਿਦੇਸ਼ ਤੋਂ ਸੰਗਤਾਂ ਗੁਰੂ ਸਾਹਿਬ ਦੇ ਦਰ ਤੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗਾ ਅੰਮ੍ਰਿਤ ਸੰਚਾਰ,ਮੰਜੀ ਸਾਹਿਬ ਵਿਖੇ ਸਜਣਗੇ ਧਾਰਮਿਕ ਦੀਵਾਨ

ਪ੍ਰਕਾਸ਼ ਗੁਰਪੁਰਬ ਮੌਕੇ ਅੱਜ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੇ ਚਾਹਵਾਨ ਸ਼ਰਧਾਲੂਆਂ ਨੂੰ ਕੇਸੀ ਇਸ਼ਨਾਨ ਕਰਕੇ ਕਕਾਰਾਂ ਸਮੇਤ ਤਿਆਰ-ਬਰ-ਤਿਆਰ ਹੋ ਕੇ ਨਿਰਧਾਰਤ ਸਮੇਂ ਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

ਇਸ ਪਾਵਨ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰੇ ਕਥਾ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ। ਇਨ੍ਹਾਂ ਦੀਵਾਨਾਂ ‘ਚ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੇ ਜੀਵਨ ਤੇ ਗੁਰ-ਇਤਿਹਾਸ ਨਾਲ ਜੋੜਨਗੇ।

ਇਸ ਤੋਂ ਇਲਾਵਾ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਗਿਆਨੀ ਭਾਈ ਦਵਿੰਦਰ ਸਿੰਘ ਖੰਨੇ ਵਾਲੇ ਤੇ ਗਿਆਨੀ ਭਾਈ ਪਿੰਦਰਪਾਲ ਸਿੰਘ ਜੀ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਉਣਗੇ।ਉਪਰੰਤ ਕਵੀ ਸਮਾਗਮ ਹੋਵੇਗਾ ਤੇ ਪੰਥ-ਪ੍ਰਸਿੱਧ ਕਵੀ ਹਾਜ਼ਰੀ ਭਰਨਗੇ।

ਪ੍ਰਕਾਸ਼ ਗੁਰਪੁਰਬ ਦੀ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਦੀਪਮਾਲਾ ਕੀਤੀ ਜਾਵੇਗੀ। ਰਹਿਰਾਸ ਸਾਹਿਬ ਦੇ ਪਾਠ ਉਪਰੰਤ ਅਲੌਕਿਕ ਆਤਿਸ਼ਬਾਜ਼ੀ ਹੋਵੇਗੀ, ਜਿਸ ਨਾਲ ਗੁਰੂ ਨਗਰੀ ਦਾ ਵਾਤਾਵਰਨ ਅਧਿਆਤਮਕ ਰੰਗ ਵਿੱਚ ਰੰਗਿਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਸਮਾਗਮਾਂ ਵਿੱਚ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।


ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਧਾਰਮਿਕ ਮਰਿਆਦਾ ਦਾ ਪਾਲਣ ਕਰਦਿਆਂ ਗੁਰੂ ਘਰ ਦੇ ਸਮਾਗਮਾਂ ‘ਚ ਸ਼ਮੂਲੀਅਤ ਕਰਨ ਅਤੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ‘ਚ ਅਪਣਾਉਣ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਨਿਸ਼ਕਾਮ ਸੇਵਾ, ਅਥਾਹ ਪ੍ਰੇਮਾ-ਭਗਤੀ, ਨਿਮਰਤਾ, ਸਹਿਣਸ਼ੀਲਤਾ ਤੇ ਉੱਚੇ-ਸੁੱਚੇ ਗੁਣਾਂ ਦਾ ਪ੍ਰਤੀਕ ਹੈ। ਗੁਰੂ ਸਾਹਿਬ ਨੇ ਆਪਣਾ ਸਮੁੱਚਾ ਜੀਵਨ ਗੁਰੂ-ਭਗਤੀ, ਸੇਵਾ ਤੇ ਲੋਕਾਈ ਦੀ ਭਲਾਈ ਨੂੰ ਸਮਰਪਿਤ ਕਰਦਿਆਂ ਨਿਸ਼ਕਾਮ ਸੇਵਾ ਦੀ ਅਦੁੱਤੀ ਮਿਸਾਲ ਕਾਇਮ ਕੀਤੀ, ਜੋ ਸਮੁੱਚੀ ਮਾਨਵਤਾ ਲਈ ਸਦੀਵੀ ਪ੍ਰੇਰਨਾ ਸਰੋਤ ਹੈ।


ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਿੱਖੀ ਦੇ ਸਿਧਾਂਤਾਂ ਨੂੰ ਪ੍ਰਫੁੱਲਿਤ ਕਰਨ, ਗੁਰਮਤਿ ਵਿਚਾਰਧਾਰਾ ਦਾ ਪਸਾਰ ਕਰਨ ਅਤੇ ਮਨੁੱਖਤਾ ਨੂੰ ਅਧਿਆਤਮਕ, ਧਾਰਮਿਕ ਤੇ ਸਮਾਜਿਕ ਜੀਵਨ ਦੀ ਸਹੀ ਸੇਧ ਦੇਣ ਲਈ ਮਹਾਨ ਕਾਰਜ ਕੀਤੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਸਾਨੂੰ ਨਿਮਰਤਾ, ਸੇਵਾ, ਸਿਮਰਨ ਅਤੇ ਪਰਉਪਕਾਰ ਦੇ ਗੁਣ ਅਪਣਾਉਣ ਦੀ ਪ੍ਰੇਰਨਾ ਦਿੰਦਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK