ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ, ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੇ ਸਿੱਖ ਕੌਮ ਦੇ ਨਾਂਅ ਦਿੱਤਾ ਸੰਦੇਸ਼
ਅੰਮ੍ਰਿਤਸਰ: ਛੇਵੀਂ ਪਾਤਸ਼ਾਹੀ ਤੇ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸਮੁੱਚੇ ਸਿੱਖ ਸ਼ਰਧਾਲੂਆਂ ਵੱਲੋਂ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਏ ਗਏ ਅਤੇ ਭੋਗ ਪਾਏ ਗਏ। ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ ਅਤੇ ਅਰਦਾਸੀ ਸਿੰਘਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।
ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਵੱਲੋਂ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਗੁਰੂ ਚਰਨਾਂ ਵਿੱਚ ਆਪਣੀ ਅਰਦਾਸ ਬੇਨਤੀ ਕੀਤੀ ਗਈ ਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋ ਕੇ ਇਲਾਹੀ ਬਾਣੀ ਦੇ ਕੀਰਤਨ ਦਾ ਸਰਵਣ ਵੀ ਕੀਤਾ ਗਿਆ।
ਸਿੱਖ ਕੌਮ ਦੇ ਨਾਂਅ ਸੰਦੇਸ਼
ਦੱਸ ਦਈਏ ਕਿ ਇਸ ਦੌਰਾਨ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਵਧਾਈ ਦਿੱਤੀ, ਨਾਲ ਹੀ ਕਿਹਾ ਕਿ ਮੀਰੀ ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨੇ ਸਿੱਖ ਕੌਮ ਨੂੰ ਭਗਤ ਵੀ ਬਣਾਇਆ ਹੈ ਅਤੇ ਸੁਰਮਾ ਵੀ ਬਣਾਇਆ ਹੈ। ਸਾਨੂੰ ਸਭ ਨੂੰ ਉਹਨਾਂ ਨੇ ਦਿਖਾਏ ਰਸਤੇ ਉੱਤੇ ਚੱਲਣਾ ਚਾਹੀਦਾ ਹੈ।
ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ 19 ਜੂਨ 1595 ਨੂੰ ਪਿਤਾ ਗੁਰੂ ਅਰਜਨ ਦੇਵ ਅਤੇ ਮਾਤਾ ਗੰਗਾ ਜੀ ਦੇ ਘਰ ਗੁਰੂ ਕੀ ਵਡਾਲੀ (ਜ਼ਿਲ੍ਹਾ ਅੰਮ੍ਰਿਤਸਰ) ਵਿੱਚ ਹੋਇਆ। ਹਰਗੋਬਿੰਦ ਜੀ ਹਾਲੇ 11 ਸਾਲ ਦੇ ਹੀ ਸਨ ਕਿ ਉਨ੍ਹਾਂ ਦੇ ਗੁਰੂ ਪਿਤਾ ਅਰਜਨ ਦੇਵ ਜੀ ਨੂੰ ਬਾਦਸ਼ਾਹ ਜਹਾਂਗੀਰ ਦੇ ਦਿੱਤੇ ਨਿਰਦੇਸ਼ਾਂ ਕਾਰਨ ਲਾਹੌਰ ਵਿੱਚ ਜਾ ਕੇ ਆਪਣੀ ਸ਼ਹਾਦਤ ਦੇਣੀ ਪਈ। ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਬਾਲਕ ਹਰਗੋਬਿੰਦ ਨੂੰ ਗੁਰਗੱਦੀ ’ਤੇ ਬਿਰਾਜਮਾਨ ਕੀਤਾ ਗਿਆ। ਗੁਰੂ ਸਾਹਿਬ ਨੇ ਦੋ ਤਲਵਾਰਾਂ ਧਾਰਨ ਕੀਤੀਆਂ, ਜਿਹੜੀਆਂ ਮੀਰੀ ਅਤੇ ਪੀਰੀ ਦੇ ਸੁਮੇਲ ਦੀਆਂ ਪ੍ਰਤੀਕ ਸਨ।
ਇਹ ਵੀ ਪੜ੍ਹੋ: Anti Paper Leak Law: ਦੇਸ਼ 'ਚ ਲਾਗੂ ਹੋਇਆ ਪੇਪਰ ਲੀਕ ਵਿਰੋਧੀ ਕਾਨੂੰਨ, 10 ਸਾਲ ਦੀ ਕੈਦ ਤੇ 1 ਕਰੋੜ ਰੁਪਏ ਤੱਕ ਜੁਰਮਾਨਾ
ਇਹ ਵੀ ਪੜ੍ਹੋ: Gurugram Fireball Factory: ਗੁਰੂਗ੍ਰਾਮ ਦੀ ਫੈਕਟਰੀ 'ਚ ਧਮਾਕੇ ਤੋਂ ਬਾਅਦ ਲੱਗੀ ਅੱਗ, 8 ਲੋਕਾਂ ਦੇ ਜ਼ਿੰਦਾ ਸੜਨ ਦਾ ਸ਼ੱਕ
- PTC NEWS