SSOC ਮੋਹਾਲੀ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਨਾਲ ਸਾਂਝੇ ਆਪ੍ਰੇਸ਼ਨ 'ਚ 2 ਮੁਲਜ਼ਮਾਂ ਨੂੰ ਕੀਤਾ ਕਾਬੂ , ਟਾਰਗੇਟ ਕਿਲਿੰਗ ਦੀ ਬਣਾ ਰਹੇ ਸੀ ਯੋਜਨਾ
Mohali News : ਖੁਫੀਆ ਜਾਣਕਾਰੀ ਦੇ ਅਧਾਰ 'ਤੇ ਇੱਕ ਵੱਡੀ ਕਾਰਵਾਈ ਦੌਰਾਨ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਮੋਹਾਲੀ ਨੇ ਕਾਊਂਟਰ ਇੰਟੈਲੀਜੈਂਸ ਲੁਧਿਆਣਾ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਲੁਧਿਆਣਾ ਦੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜੋ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ 'ਤੇ ਟਾਰਗੇਟ ਕਿਲਿੰਗ ਦੀ ਯੋਜਨਾ ਬਣਾ ਰਹੇ ਸਨ। ਆਰੋਪੀਆਂ ਦੇ ਕਬਜ਼ੇ 'ਚੋਂ ਇੱਕ 9 ਐੱਮ.ਐੱਮ. ਪਿਸਤੌਲ ਅਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਮੁੱਢਲੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਯੂ.ਕੇ ਅਤੇ ਜਰਮਨੀ ਵਿੱਚ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ, ਜੋ ਖ਼ਾਲਿਸਤਾਨ ਕਮਾਂਡੋ ਫੋਰਸ (KCF) ਨਾਲ ਜੁੜੇ ਹੋਏ ਹਨ ਅਤੇ ਕੱਟੜਪੰਥੀ ਵਿਚਾਰਧਾਰਾ ਨਾਲ ਸਬੰਧਤ ਹਨ। ਉਨ੍ਹਾਂ ਦੇ ਨਿਰਦੇਸ਼ਾਂ 'ਤੇ, ਦੋਵੇਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੇ ਸਾਜ਼ਿਸ਼ ਦੇ ਹਿੱਸੇ ਵਜੋਂ ਲੁਧਿਆਣਾ ਵਿੱਚ ਸਰਕਾਰੀ ਅਤੇ ਪ੍ਰਮੁੱਖ ਦਫਤਰਾਂ ਦੀ ਰੈਕੀ ਕੀਤੀ ਸੀ।
ਇਸ ਤੋਂ ਇਲਾਵਾ ਦੋਵਾਂ ਨੂੰ ਕੁਝ ਹੋਰ ਨਿਸ਼ਚਿਤ ਕੀਤੇ ਗਏ ਵਿਅਕਤੀਆਂ ਨਾਲ ਸਬੰਧਤ ਜਾਣਕਾਰੀ ਇਕੱਠੀ ਕਰਨ ਅਤੇ ਬੁਨਿਆਦੀ ਕੰਮਾਂ ਦੀ ਜ਼ਿੰਮੇਵਾਰੀ ਵੀ ਦਿੱਤੀ ਗਈ ਸੀ। ਥਾਣਾ ਐਸ.ਐਸ.ਓ.ਸੀ, ਐਸ.ਏ.ਐਸ. ਨਗਰ ਵਿਖੇ ਐਫ.ਆਈ.ਆਰ ਦਰਜ ਕੀਤੀ ਗਈ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਪੰਜਾਬ ਪੁਲਿਸ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
- PTC NEWS