Sukhbir Singh Badal Attack News : ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਮਲਾਵਰ ਗ੍ਰਿਫ਼ਤਾਰ, ਮਹਾਰਾਸ਼ਟਰ ਦੇ CM ਨੇ ਦਿੱਤੇ ਜਾਂਚ ਦੇ ਹੁਕਮ
Sukhbir Singh Badal Attack: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਹੋਇਆ ਹੈ। ਇਹ ਘਟਨਾ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਸ਼ਹਿਰ ਦੇ ਨੇੜੇ ਮਾਤਾ ਸਾਹਿਬ ਗੁਰਦੁਆਰੇ ਵਿੱਚ ਵਾਪਰੀ।
ਇਹ ਹਮਲਾ ਨਾਂਦੇੜ ਦੇ ਮਾਤਾ ਸਾਹਿਬ ਕੌਰ ਗੁਰਦੁਆਰੇ ਵਿੱਚ ਹੋਇਆ, ਜਿੱਥੇ ਇੱਕ ਨਿਹੰਗ ਹਮਲਾਵਰ ਨੇ ਉਨ੍ਹਾਂ 'ਤੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ। ਸੁਖਬੀਰ ਸਿੰਘ ਬਾਦਲ ਦੇ ਸੱਜੇ ਹੱਥ ਵਿੱਚ ਸੱਟ ਲੱਗੀ ਹੈ ਅਤੇ ਉਨ੍ਹਾਂ ਨੂੰ ਨਿੱਜੀ ਯਸ਼ੋਸਾਈ ਹਸਪਤਾਲ ਲਿਜਾਇਆ ਗਿਆ ਹੈ। ਪੁਲਿਸ ਨੇ ਇਸ ਘਟਨਾ ਦੇ ਸਬੰਧ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸੁਖਬੀਰ ਸਿੰਘ ਬਾਦਲ ਦੇ ਹਮਲੇ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਨਾਂਦੇੜ ਦੇ ਜ਼ਿਲ੍ਹਾ ਮੈਜਿਸਟਰੇਟ ਰਾਹੁਲ ਕਰਡੀਲੇ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਨਿੱਜੀ ਯਾਤਰਾ 'ਤੇ ਗੁਰਦੁਆਰੇ ਆ ਰਹੇ ਸਨ ਅਤੇ ਉਨ੍ਹਾਂ ਨੂੰ ਪ੍ਰੋਟੋਕੋਲ ਅਨੁਸਾਰ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਅਚਾਨਕ, ਇੱਕ ਵਿਅਕਤੀ ਗੁਰਦੁਆਰੇ ਦੇ ਕੰਪਲੈਕਸ ਵਿੱਚ ਦਾਖਲ ਹੋਇਆ ਅਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਸੁਖਬੀਰ ਸਿੰਘ ਬਾਦਲ ਨੂੰ ਮਾਮੂਲੀ ਸੱਟਾਂ ਲੱਗੀਆਂ। ਘਟਨਾ ਦੌਰਾਨ ਉਨ੍ਹਾਂ ਦੀ ਰੱਖਿਆ ਲਈ ਦਖਲ ਦੇਣ ਵਾਲੇ ਇੱਕ ਪੁਲਿਸ ਇੰਸਪੈਕਟਰ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ।
ਹਮਲੇ ਤੋਂ ਬਾਅਦ ਹਸਪਤਾਲ ਪਹੁੰਚਣ ਵਾਲੇ ਸੁਖਬੀਰ ਸਿੰਘ ਬਾਦਲ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਫੁਟੇਜ ਵਿੱਚ ਉਹ ਸੁਰੱਖਿਆ ਕਰਮਚਾਰੀਆਂ ਦੇ ਨਾਲ-ਨਾਲ ਹਸਪਤਾਲ ਵਿੱਚ ਦਾਖਲ ਹੁੰਦਾ ਦਿਖਾਈ ਦੇ ਰਿਹਾ ਹੈ, ਜਿਸਦੇ ਜ਼ਖਮੀ ਹੱਥ ਉੱਤੇ ਕੱਪੜਾ ਲਪੇਟਿਆ ਹੋਇਆ ਹੈ।
ਸ੍ਰੀ ਹਜ਼ੂਰ ਸਾਹਿਬ ਵਿਖੇ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸ. ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਪਰੀ ਅਜਿਹੀ ਦੁਖਦਾਈ ਘਟਨਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।
ਗੁਰੂ ਦੀ ਸ਼ਰਨ ਵਿੱਚ ਆਏ ਕਿਸੇ ਵੀ ਵਿਅਕਤੀ ’ਤੇ ਹਮਲਾ ਬੇਹੱਦ ਨਿੰਦਣਯੋਗ ਅਤੇ ਅਸਵੀਕਾਰਯੋਗ ਹੈ।
ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਗੁਰੂ ਘਰ ਸਾਨੂੰ ਸ਼ਾਂਤੀ, ਸਹਿਣਸ਼ੀਲਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ, ਅਜਿਹੇ ਪਵਿੱਤਰ ਅਸਥਾਨ ਨਾਲ ਜੁੜੀ ਥਾਂ ’ਤੇ ਹਿੰਸਾ ਦੀ ਕੋਈ ਥਾਂ… — Sukhjinder Singh Randhawa (@Sukhjinder_INC) August 13, 2026
ਕਾਂਗਰਸੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ ਨਿਖੇਧੀ
ਕਾਂਗਰਸੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਐਕਸ ’ਤੇ ਕਿਹਾ ਕਿ ਗੁਰੂ ਦੀ ਸ਼ਰਨ ਵਿੱਚ ਆਏ ਕਿਸੇ ਵੀ ਵਿਅਕਤੀ ’ਤੇ ਹਮਲਾ ਬੇਹੱਦ ਨਿੰਦਣਯੋਗ ਅਤੇ ਅਸਵੀਕਾਰਯੋਗ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਗੁਰੂ ਘਰ ਸਾਨੂੰ ਸ਼ਾਂਤੀ, ਸਹਿਣਸ਼ੀਲਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ, ਅਜਿਹੇ ਪਵਿੱਤਰ ਅਸਥਾਨ ਨਾਲ ਜੁੜੀ ਥਾਂ ’ਤੇ ਹਿੰਸਾ ਦੀ ਕੋਈ ਥਾਂ ਨਹੀਂ। ਵਾਹਿਗੁਰੂ ਜੀ ਅੱਗੇ ਉਨ੍ਹਾਂ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹਾਂ।
PM ਨਰਿੰਦਰ ਮੋਦੀ ਨੇ ਫੋਨ 'ਤੇ ਜਾਣਿਆ ਅਕਾਲੀ ਦਲ ਦੇ ਪ੍ਰਧਾਨ ਦਾ ਹਾਲ
ਦੱਸ ਦਈਏ ਕਿ ਪੀਐੱਮ ਨਰਿੰਦਰ ਮੋਦੀ ਨੇ ਫੋਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਹਾਲ ਜਾਣਿਆ। ਪੀਐੱਮ ਮੋਦੀ ਨੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਗੱਲ ਕੀਤੀ ਹੈ।
ਮੈ ਸਖ਼ਤ ਸ਼ਬਦਾਂ ਨਾਲ ਇਸ ਘਟਨਾ ਦੀ ਕਰਦਾ ਹਾਂ ਨਿੰਦਾ- ਬਿਕਰਮ ਸਿੰਘ ਮਜੀਠੀਆ
ਇਸ ਮਾਮਲੇ ਦੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਦੋ ਵਾਰ ਹਮਲਾ ਕੀਤਾ ਗਿਆ ਹੈ। ਗੁਰੂ ਸਾਹਿਬ ਦੀ ਕਿਰਪਾ ਨਾਲ ਸੁਖਬੀਰ ਸਿੰਘ ਬਾਦਲ ਸੁਰੱਖਿਅਤ ਹਨ। ਗੁਰੂ ਦਾ ਨਾਮ ਜਪਣ ਵਾਲਾ ਬੰਦਾ ਕਿਸੇ ’ਤੇ ਹਮਲਾ ਨਹੀਂ ਕਰ ਸਕਦਾ। ਉਨ੍ਹਾਂ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਜੇਕਰ ਪੁਲਿਸ ਨੇ ਪਹਿਲਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਹਮਲੇ ਦੀ ਸਹੀ ਕਾਰਵਾਈ ਕੀਤੀ ਹੁੰਦੀ ਤਾਂ ਅਜਿਹਾ ਨਾ ਹੁੰਦਾ।
'ਸੁਖਬੀਰ ਬਾਦਲ ’ਤੇ ਹੋਏ ਹਮਲੇ ਦੀ CBI ਤੋਂ ਕਰਵਾਈ ਜਾਵੇ ਜਾਂਚ'
ਇਸ ਤੋਂ ਇਲਾਵਾ ਬਿਕਰਮ ਸਿੰਘ ਮਜੀਠੀਆ ਨੇ ਪੀਐੱਮ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਸਰਹੱਦੀ ਸੂਬਿਆਂ ਦੀ ਸੁਰੱਖਿਆ ’ਚ ਚੌਕਸੀ ਵਰਤੀ। ਨਾਲ ਹੀ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸੀਬੀਆਈ ਦੀ ਜਾਂਚ ਕਰਵਾਈ ਜਾਵੇ।
ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਨਿਖੇਧੀ ਕੀਤੀ ਗਈ ਹੈ। ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਹਮਲੇ ਮਾਮਲੇ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਗੁਰੂ ਸਾਹਿਬ ਨੇ ਹੱਥ ਦੇ ਕੇ ਸੁਖਬੀਰ ਸਿੰਘ ਬਾਦਲ ਨੂੰ ਬਚਾਇਆ ਹੈ।
ਡਾ. ਦਲਜੀਤ ਸਿੰਘ ਚੀਮਾ ਨੇ ਵਿਰੋਧੀਆਂ ਨੂੰ ਘੇਰਿਆ
ਇਸ ਤੋਂ ਇਲਾਵਾ ਉਨ੍ਹਾਂ ਨੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਮਾਮਲੇ ’ਤੇ ਵਿਰੋਧੀ ਸਿਆਸਤ ਕਰ ਰਹੇ ਹਨ। ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਵੱਲੋਂ ਭੜਕਾਊ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਆਮ ਆਦਮੀ ਪਾਰਟੀ ਤੋਂ ਜਾਪ ਰਿਹਾ ਹੈ ਕਿ ਕਿਸੇ ਵੱਡੇ ਹਮਲੇ ਦੀ ਸਾਜਿਸ਼ ਰਚੀ ਜਾ ਰਹੀ ਹੈ। ਲੋਕਾਂ ਨੂੰ ਭੜਕਾਉਣ ਦਾ ਆਮ ਆਦਮੀ ਪਾਰਟੀ ਕੰਮ ਕਰ ਰਹੀ ਹੈ। ਮਾਨ ਸਰਕਾਰ ਵੱਲੋਂ ਘਟਨਾ ਨੂੰ ਵੱਖਰੀ ਦਿਸ਼ਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਨਾਂਦੇੜ ਦੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ’ਚ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਗ ਗੜਗੱਜ ਨੇ ਕੀਤੀ ਸਖ਼ਤ ਨਿੰਦਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉੱਤੇ ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਅੰਦਰ ਹਮਲੇ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆ ਤੋਂ ਸਿੱਖ ਸੰਗਤ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਣ ਆਉਂਦੀ ਹੈ ਜਿੱਥੋਂ ਸਰਬੱਤ ਦੇ ਭਲੇ ਦਾ ਅਰਦਾਸ ਕੀਤੀ ਜਾਂਦੀ ਹੈ ਅਤੇ ਅਜਿਹੀ ਥਾਂ ਉੱਤੇ ਇਸ ਤਰ੍ਹਾਂ ਦੀ ਘਟਨਾ ਹੋਣੀ ਬਹੁਤ ਹੀ ਮੰਦਭਾਗਾ ਵਰਤਾਰਾ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਆਪਣੇ ਪਰਿਵਾਰ ਸਮੇਤ ਸ਼ਰਧਾਲੂ ਸਿੱਖ ਵਜੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲਨਗਰ ਸਾਹਿਬ ਨਾਂਦੇੜ ਵਿਖੇ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਹੋਏ ਹਨ, ਜਿੱਥੇ ਤਖ਼ਤ ਸਾਹਿਬ ਦੇ ਸਿੰਘ ਸਾਹਿਬਾਨ ਵੱਲੋਂ ਅੱਜ ਸਵੇਰੇ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਬਖ਼ਸ਼ਿਆ ਗਿਆ, ਪਰੰਤੂ ਕਿਸੇ ਸ਼ਰਾਰਤੀ ਵਿਅਕਤੀ ਵੱਲੋਂ ਉਨ੍ਹਾਂ ਉੱਤੇ ਗੁਰਦੁਆਰਾ ਸਾਹਿਬ ਮਾਤਾ ਸਾਹਿਬ ਦੇਵਾਂ ਜੀ ਦੇ ਕੰਪਲੈਕਸ ਵਿੱਚ ਹਮਲਾ ਕਰਨਾ ਬਹੁਤ ਹੀ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਅਜਿਹੀ ਘਟਨਾ ਨਾਲ ਜਿੱਥੇ ਗੁਰਦੁਆਰਾ ਸਾਹਿਬਾਨ ਦੇ ਮਾਣ ਸਤਿਕਾਰ ਨੂੰ ਠੇਸ ਪੁੱਜਦੀ ਹੈ ਉੱਥੇ ਹੀ ਸਮੁੱਚੀ ਸਿੱਖ ਕੌਮ ਦੇ ਅਕਸ ਨੂੰ ਭਾਰੀ ਸੱਟ ਵੱਜਦੀ ਹੈ।
ਉਨ੍ਹਾਂ ਕਿਹਾ ਕਿ ਗੁਰੂ ਦਾ ਸੱਚਾ ਸਿੱਖ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ਉੱਤੇ ਹਮਲਾ ਨਹੀਂ ਕਰ ਸਕਦਾ ਅਤੇ ਅਜਿਹਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ।
ਇਹ ਵੀ ਪੜ੍ਹੋ : ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ
- PTC NEWS