ਦੇਸ਼ ਵਿਰੋਧੀ ਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ : ਸੁਖਬੀਰ ਸਿੰਘ ਬਾਦਲ
ਨਾਂਦੇੜ/ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਉਹ ਦੇਸ਼ ਵਿਰੋਧੀ ਤੇ ਪੰਜਾਬ ਵਿਰੋਧੀ ਤਾਕਤਾਂ ਨੂੰ ਸੂਬੇ ਵਿਚਲੇ ਹਾਲਾਤ ਦਾ ਲਾਹਾ ਲੈ ਕੇ ਇਥੇ ਸ਼ਾਂਤੀ ਭੰਗ ਕਰਨ ਦੀ ਆਗਿਆ ਕਦੇ ਨਹੀਂ ਦੇਣਗੇ।
ਇਥੇ ਗੁਰਦੁਆਰਾ ਸਾਹਿਬ ਵਿਚ ਹੋਏ ਕਾਤਲਾਨਾ ਹਮਲੇ ਵਿਚ ਗੰਭੀਰ ਜ਼ਖ਼ਮੀ ਹੋਣ ਮਗਰੋਂ ਪਹਿਲਾ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੇਰੇ ਪਿਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਵੀ ਇਹਨਾਂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ, ਜੋ ਪਹਿਲਾਂ ਵੀ ਇਥੇ ਸਰਗਰਮ ਸਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਹੁੰਦਿਆਂ ਸਰਦਾਰ ਬਾਦਲ ਨੇ ਹਮੇਸ਼ਾ ਪੰਜਾਬ ਵਿਚ ਸਾਰੇ ਧਾਰਮਿਕ ਭਾਈਚਾਰਿਆਂ ਵਿਚ ਆਪਸੀ ਭਾਈਚਾਰਕ ਸਾਂਝ ਬਣਾ ਕੇ ਰੱਖੀ। ਉਨ੍ਹਾਂ ਨੇ ਕਿਹਾ ਕਿ ਸਾਰੇ ਧਰਮਾਂ ਦਾ ਸਤਿਕਾਰ ਸਾਡੀ ਅਧਿਕਾਰਤ ਨੀਤੀ ਦਾ ਧੁਰਾ ਹੈ।
ਇਹ ਵੀ ਪੜ੍ਹੋ... ਭਾਈ ਬਲਵੰਤ ਸਿੰਘ ਰਾਜੋਆਣਾ ਨੇ ਚਿੱਠੀ ਲਿਖ ਕੇ ਹਮਲੇ ਦੀ ਕੀਤੀ ਨਿੰਦਾ; ਕਿਹਾ - Sukhbir Singh Badal 'ਤੇ ਹਮਲਾ ਵੱਡੀ ਸਾਜਿਸ਼ ਦਾ ਹਿੱਸਾ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਫਲਸਫੇ ਦੀਆਂ ਵਿਰੋਧੀ ਤਾਕਤਾਂ ਨੇ ਡੇਢ ਸਾਲ ਪਹਿਲਾਂ ਵੀ ਉਹਨਾਂ ’ਤੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਹਮਲਾ ਕੀਤਾ ਸੀ। ਉਹਨਾਂ ਕਿਹਾ ਕਿ ਹੁਣ ਵੀ ਮੇਰੇ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਭ ਤੋਂ ਪਵਿੱਤਰ ਅਸਥਾਨਾਂ ਵਿਚੋਂ ਇਕ ’ਤੇ ਹਮਲਾ ਕੀਤਾ ਗਿਆ ਹੈ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੀਆਂ ਕਾਰਵਾਈਆਂ ਉਹਨਾਂ ਨੂੰ ਡਰਾ ਨਹੀਂ ਸਕਦੀਆਂ ਤੇ ਉਹ ਇਹਨਾਂ ਤਾਕਤਾਂ ਅੱਗੇ ਕਦੇ ਨਹੀਂ ਝੁਕਣਗੇ। ਉਹਨਾਂ ਕਿਹਾ ਕਿ ਅਸੀਂ ਦੇਸ਼ ਅਤੇ ਪੰਜਾਬ ਵਿਚ ਧਾਰਮਿਕ ਭਾਈਚਾਰਕ ਸਾਂਝ ਅਤੇ ਤਰੱਕੀ ਤੇ ਖੁਸ਼ਹਾਲੀ ਵਾਸਤੇ ਕੁਰਬਾਨੀ ਦੇਣ ਲਈ ਹਮੇਸ਼ਾ ਤਿਆਰ ਹਾਂ। ਇਹੀ ਸਾਡੀ ਤਰਜੀਹ ਸੀ, ਹੈ ਤੇ ਰਹੇਗੀ।
ਸਾਹਿਬ ਏ ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਵੱਲੋਂ ਆਪਣੇ ਅਸਥਾਨ ’ਤੇ ਇਸ ਹਮਲੇ ਦੌਰਾਨ ਹੱਥ ਦੇ ਕੇ ਰੱਖਣ ਲਈ ਸ਼ੁਕਰਾਨਾ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਦੁਸ਼ਮਣਾਂ ਨੇ ਮੈਨੂੰ ਖ਼ਤਮ ਕਰਨ ਦੇ ਯਤਨ ਕੀਤੇ ਪਰ ਗੁਰੂ ਸਾਹਿਬ ਨੇ ਆਪ ਹੱਥ ਰੱਖ ਕੇ ਮੇਰੀ ਰੱਖਿਆ ਕੀਤੀ ਹੈ। ਅਕਾਲ ਪੁਰਖ ਦਾ ਮੈਂ ਕੋਟਿ ਕੋਟਿ ਸ਼ੁਕਰਾਨਾ ਕਰਦਾ ਹਾਂ ਤੇ ਮੇਰਾ ਮੰਨਣਾ ਹੈ ਕਿ ਜਿਹਨਾਂ ’ਤੇ ਗੁਰੂ ਦੀ ਮਿਹਰ ਹੋਵੇ, ਕੋਈ ਜਿੰਨਾ ਮਰਜ਼ੀ ਜ਼ੋਰ ਲਗਾ ਲਵੇ ਉਹਨਾਂ ਦਾ ਕਦੇ ਵਾਲ ਵੀ ਵਿੰਗਾ ਨਹੀਂ ਕਰ ਸਕਦਾ।
ਇਸ ਦੌਰਾਨ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਅਕਾਲੀ ਦਲ ਪ੍ਰਧਾਨ ਦੀ ਸਿਹਤ ਦਾ ਹਾਲ ਚਾਲ ਜਾਨਣ ਲਈ ਉਹਨਾਂ ਨੂੰ ਨਿੱਜੀ ਤੌਰ ’ਤੇ ਫੋਨ ਕਰਨ ਲਈ ਉਹਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਨੇ ਪ੍ਰਧਾਨ ਮੰਤਰੀ ਵੱਲੋਂ ਘਟਨਾ ਦਾ ਤੁਰੰਤ ਨੋਟਿਸ ਲੈਣ ਅਤੇ ਕੇਂਦਰੀ ਏਜੰਸੀਆਂ ਨੂੰ ਜਾਂਚ ਵਿਚ ਮਹਾਰਾਸ਼ਟਰ ਸਰਕਾਰ ਨਾਲ ਸਹਿਯੋਗ ਕਰਨ ਦੀ ਹਦਾਇਤ ਦੇਣ ਦਾ ਵੀ ਧੰਨਵਾਦ ਕੀਤਾ। ਉਹਨਾਂ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਵੀ ਧੰਨਵਾਦ ਕੀਤਾ ਜਿਹਨਾਂ ਨੇ ਔਖੇ ਵੇਲੇ ਉਹਨਾਂ ਤੱਕ ਪਹੁੰਚ ਕੀਤੀ ਅਤੇ ਇਸ ਮੰਦਭਾਗੀ ਘਟਨਾ ਦੀ ਪ੍ਰਭਾਵਸ਼ਾਲੀ ਜਾਂਚ ਯਕੀਨੀ ਬਣਾਈ।
- PTC NEWS