Sultanpur Lodhi News : ਪਿੰਡ ਸ਼ਾਹਜਹਾਨਪੁਰ 'ਚ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ 'ਤੇ ਚੱਲੀਆਂ ਤਾਬੜਤੋੜ ਗੋਲੀਆਂ ,ਵਾਲ-ਵਾਲ ਬਚੇ
Sultanpur Lodhi Firing News : ਕਪੂਰਥਲਾ ਜ਼ਿਲ੍ਹੇ ਦੇ ਹਲਕਾ ਸੁਲਤਾਨਪੁਰ ਲੋਧੀ ਦੇ ਪਿੰਡ ਸ਼ਾਹਜਹਾਨਪੁਰ ਵਿੱਚ ਬੀਤੀ ਰਾਤ ਕੁੱਝ ਨਕਾਬਪੋਸ਼ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ 'ਤੇ ਤਾਬੜਤੋੜ ਗੋਲੀਆਂ ਚਲਾਈਆਂ, ਜਿਸ ਦੌਰਾਨ ਉਹ ਵਾਲ ਵਾਲ ਬਚ ਗਏ ਹਨ।
ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਹਰਜਿੰਦਰ ਸਿੰਘ ਜਿੰਦਾ ਨੇ ਦੱਸਿਆ ਕਿ ਉਹ ਸ਼ਨੀਵਾਰ ਦੀ ਬੀਤੀ ਰਾਤ ਦਾ ਖਾਣਾ ਖਾਣ ਤੋਂ ਬਾਅਦ ਸੈਰ ਕਰਨ ਲਈ ਘਰ ਦੇ ਬਾਹਰ ਹੀ ਗਲੀ 'ਚ ਘੁੰਮ ਰਹੇ ਸਨ ਤਾਂ ਦੋ ਨਕਾਬਪੋਸ਼ ਅਣਪਛਾਤੇ ਨੌਜਵਾਨ ਇੱਕ ਮੋਟਰਸਾਇਕਲ 'ਤੇ ਸਵਾਰ ਹੋ ਕੇ ਆਏ ਅਤੇ ਆਉਂਦੇ ਸਾਰ ਹੀ ਮੇਰੇ 'ਤੇ ਤਾਬੜਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਜਿਸ ਦੌਰਾਨ ਉਹਨਾਂ ਨੇ ਭੱਜ ਕੇ ਜਾਨ ਬਚਾਈ ਹੈ।
ਉਹਨਾਂ ਦੱਸਿਆ ਕਿ ਪੁਲਿਸ ਨੂੰ 6 ਖ਼ਾਲੀ ਕਾਰਤੂਸ ਵੀ ਬਰਾਮਦ ਹੋਏ ਹਨ ਅਤੇ ਉਕਤ ਨੌਜਵਾਨਾਂ ਪਿੰਡ ਦੇ ਇੱਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਏ ਹਨ। ਉਹਨਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਗਈ ਉਕਤ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਹਨਾਂ ਨੇ ਕਿਹਾ ਕਿ ਲਗਾਤਾਰ ਪੰਜਾਬ ਵਿੱਚ ਵੱਧ ਰਹੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ ।
ਉਧਰ ਜਦੋਂ ਇਸ ਘਟਨਾ ਦੀ ਜਾਣਕਾਰੀ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੀ ਪੁਲਿਸ ਨੂੰ ਮਿਲੀ ਤਾਂ ਮੌਕੇ ਤੇ ਸੁਲਤਾਨਪੁਰ ਲੋਧੀ ਦੇ ਏਐਸਪੀ ਧੀਰੇਂਦਰ ਵਰਮਾ, ਥਾਣਾ ਸੁਲਤਾਨਪੁਰ ਲੋਧੀ ਦੀ ਐਸ ਐਚ ਓ ਇੰਸਪੈਕਟਰ ਸੋਨਮਦੀਪ ਕੌਰ , ਚੌਂਕੀ ਇੰਚਾਰਜ ਮਲਕੀਤ ਸਿੰਘ ਪੁਲਿਸ ਪਾਰਟੀ ਸਮੇਤ ਪਹੁੰਚੇ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ।
ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਚੌਂਕੀ ਇੰਚਾਰਜ ਡੱਲਾ ਸਬ ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੌਕੇ ਤੋਂ 6 ਖਾਲੀ ਰੋਦ ਬਰਾਮਦ ਹੋਏ ਹਨ। ਉਹਨਾਂ ਨੇ ਕਿਹਾ ਕਿ ਮੇਰੇ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਗਏ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ ,ਜਿਸ ਤੋਂ ਬਾਅਦ ਜਲਦ ਹੀ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।
- PTC NEWS