ਤਰਨਤਾਰਨ ਅਦਾਲਤ ਨੇ ਨਛੱਤਰ ਸਿੰਘ ਗਿੱਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ 'ਚ ਭੇਜਿਆ
Nachhatar Singh Gill : ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਅੱਜ ਤਰਨਤਾਰਨ ਜ਼ਿਲ੍ਹਾ ਅਦਾਲਤ ਨੇ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਨਛੱਤਰ ਸਿੰਘ ਗਿੱਲ ਨੂੰ ਅੱਜ ਇੱਕ ਦਿਨ ਦਾ ਰਿਮਾਂਡ ਖਤਮ ਹੋਣ 'ਤੇ ਪੁਲਿਸ ਨੇ ਮੁੜ ਅਦਾਲਤ ਵਿੱਚ ਪੇਸ਼ ਕੀਤਾ ਸੀ।
ਜਾਣਕਾਰੀ ਅਨੁਸਾਰ, ਬੀਤੇ ਦਿਨੀਂ ਤਰਨਤਾਰਨ ਪੁਲਿਸ ਵੱਲੋਂ ਇੱਕ ਮੁਕੱਦਮੇ ਵਿੱਚ ਗ੍ਰਿਫ਼ਤਾਰ ਕੀਤੇ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਦਾ ਇੱਕ ਦਿਨ ਦਾ ਰਿਮਾਂਡ ਖਤਮ ਹੋਣ 'ਤੇ ਪੁਲਿਸ ਵੱਲੋਂ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਬਚਾਅ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਨਾਲ ਸਹਿਮਤ ਹੋਣ ਬਾਅਦ ਨਛੱਤਰ ਸਿੰਘ ਗਿੱਲ ਦਾ ਪੁਲਿਸ ਰਿਮਾਂਡ ਦੇਣ ਦੀ ਜਗ੍ਹਾ ਨਛੱਤਰ ਸਿੰਘ ਗਿੱਲ ਨੂੰ 14 ਦਿਨ ਲਈ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ।
ਨਛੱਤਰ ਸਿੰਘ ਗਿੱਲ ਵੱਲੋਂ ਪੇਸ਼ ਹੋਏ ਵਕੀਲ ਦੀਪਕ ਅਰੋੜਾ ਨੇ ਦੱਸਿਆ ਕਿ ਪੁਲਿਸ ਵੱਲੋਂ ਅੱਜ ਨਛੱਤਰ ਸਿੰਘ ਗਿੱਲ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਜਲਦੀ ਨਛੱਤਰ ਸਿੰਘ ਗਿੱਲ ਦੀ ਜ਼ਮਾਨਤ ਲਈ ਅਰਜ਼ੀ ਲਗਾਈ ਜਾਵੇਗੀ।
ਨਛੱਤਰ ਸਿੰਘ ਗਿੱਲ ਦੀ ਪਟੀਸ਼ਨ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਹੈ ਨੋਟਿਸ
ਜ਼ਿਕਰਯੋਗ ਹੈ ਕਿ ਅਕਾਲੀ ਦਲ ਵੱਲੋਂ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਖਿਲਾਫ਼ ਹਾਈਕੋਰਟ 'ਚ ਪਟੀਸ਼ਨ ਵੀ ਦਾਖਲ ਕੀਤੀ ਗਈ ਸੀ। ਸੋਮਵਾਰ ਸੁਣਵਾਈ ਦੌਰਾਨ ਪੰਜਾਬ-ਹਰਿਆਣਾ ਹਾਈਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ। ਅਕਾਲੀ ਆਗੂ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ 'ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਦੇਣ ਲਈ ਕਿਹਾ ਹੈ।
- PTC NEWS