TarnTaran Encounter : ਪੁਲਿਸ ਅਤੇ ਗੈਂਗਸਟਰ ਦੇ ਗੁਰਗੇ ਵਿਚਾਲੇ ਮੁੱਠਭੇੜ , ਜਵਾਬੀ ਫਾਇਰਿੰਗ 'ਚ ਅੱਤਵਾਦੀ ਲੰਡਾ ਦਾ ਗੁਰਗਾ ਜ਼ਖ਼ਮੀ
Tarn Taran Encounter : ਤਰਨਤਾਰਨ ਦੇ ਪਿੰਡ ਭੁੱਲਰ ਨੇੜੇ ਬੀਤੀ ਰਾਤ ਪੁਲਿਸ ਅਤੇ ਸੁਪਾਰੀ ਸ਼ੂਟਰ ਦਰਮਿਆਨ ਮੁਕਾਬਲਾ ਹੋਇਆ ਹੈ। ਪੁਲਿਸ ਵੱਲੋਂ ਜਵਾਬੀ ਫਾਇਰਿੰਗ ਵਿੱਚ ਗੋਲ਼ੀ ਲੱਗਣ ਨਾਲ ਸ਼ੂਟਰ ਜ਼ਖ਼ਮੀ ਹੋ ਗਿਆ ਹੈ। ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰਕੇ ਹਸਪਤਾਲ ਦਾਖਲ ਕਰਵਾ ਦਿੱਤਾ ਹੈ। ਸੁਪਾਰੀ ਸ਼ੂਟਰ ,ਗੈਂਗਸਟਰ ਲਖਬੀਰ ਸਿੰਘ ਲੰਡਾ ਹਰੀਕੇ ਦਾ ਗੁਰਗਾ ਦੱਸਿਆ ਜਾ ਰਿਹਾ ਹੈ।
ਪੁਲਿਸ ਵੱਲੋਂ ਫੜੇ ਗਏ ਗੈਂਗਸਟਰ ਦੇ ਗੁਰਗੇ ਕੋਲੋਂ ਇੱਕ 32 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਗੁਰਲਾਲ ਸਿੰਘ ਪੁੱਤਰ ਸਤਨਾਮ ਸਿੰਘ ਨਿਵਾਸੀ ਪਿੰਡ ਰਾਜੋਕੇ ਤਰਨਤਾਰਨ ਵਜੋਂ ਹੋਈ ਹੈ। ਫੜਿਆ ਗਿਆ ਬਦਮਾਸ਼ ਫਿਰੋਤੀ ਨਾ ਦੇਣ 'ਤੇ ਲੋਕਾਂ ਨੂੰ ਡਰਾਉਣ ਧਮਕਾਉਣ ਲਈ ਫਾਇਰਿੰਗ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੰਦਾ ਸੀ।
ਐੱਸਐੱਸਪੀ ਦੀਪਕ ਪਾਰਿਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਆਈਏ ਸਟਾਫ ਦੀ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਇੱਕ ਮੁਲਜ਼ਮ ਜੋ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਲੰਡਾ ਹਰੀਕੇ ਦੇ ਕਹਿਣ ਉਤੇ ਫਿਰੌਤੀਆਂ ਮੰਗਣ ਦਾ ਕੰਮ ਕਰਦਾ ਹੈ ਅਤੇ ਇਲਾਕੇ ਵਿੱਚ ਘੁੰਮ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸੂਚਨਾ ਦੇ ਆਧਾਰ ਉੱਪਰ ਪਿੰਡ ਭੁੱਲਰ ਨਹਿਰ ਨਜ਼ਦੀਕ ਨਾਕਾ ਲਗਾਇਆ ਤਾਂ ਇਕ ਬਿਨਾਂ ਨੰਬਰੀ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ, ਜਿਸ ਨੇ ਪੁਲਿਸ ਪਾਰਟੀ ਉਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ।
ਇਸ ਦੌਰਾਨ ਪੁਲਿਸ ਦੀ ਜਵਾਬੀ ਫਾਇਰਿੰਗ ਵਿੱਚ ਸੁਪਾਰੀ ਸ਼ੂਟਰ ਲੱਤ 'ਚ ਗੋਲ਼ੀ ਲੱਗਣ ਨਾਲ ਜ਼ਖਮੀ ਹੋ ਗਿਆ। ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਇਹ ਮੁਲਜ਼ਮ ਬੀਤੇ ਦਿਨੀਂ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਗੁਰਬੀਰ ਸਿੰਘ ਦਾ ਸਾਥੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਵੱਲੋਂ ਫਿਰੌਤੀ ਲਈ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਅਗਲੀ ਪੁੱਛਗਿੱਛ ਵਿੱਚ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
- PTC NEWS