Punjab News: ਚੀਫ ਡਾਇਰੈਕਟਰ ਵਿਜੀਲੈਂਸ ਬਿਉਰੋ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਤਹਿਤ ਮੰਗਲਵਾਰ ਨੂੰ ਤਹਿਸੀਲਦਾਰ ਦਫਤਰ ਤਲਵੰਡੀ ਸਾਬੋ ਦਾ ਬਿੱਲ ਕਲਰਕ ਹਰਜੀਤ ਸਿੰਘ ਨੂੰ 4500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗ੍ਰਿਫਤਾਰ ਕਰ ਲਿਆ ਹੈ।ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਸੇਵਕ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਜਗਾ ਰਾਮ ਤੀਰਥ ਤਹਿਸੀਲ ਤਲਵੰਡੀ ਸਾਬੋ ਬਠਿੰਡਾ ਵੱਲੋ ਕੀਤੀ ਗਈ ਸਿਕਾਇਤ ਦੇ ਆਧਾਰ ਤੇ ਗ੍ਰਿਫਤਾਰ ਕੀਤਾ ਗਿਆ।ਉਨ੍ਹਾਂ ਦੱਸਿਆ ਕਿ ਸ਼ਿਕਾਇਤ ਕਰਤਾ ਗੁਰਸੇਵਕ ਸਿੰਘ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਬਿੱਲ ਕਲਰਕ ਹਰਜੀਤ ਸਿੰਘ ਨੇ ਉਸਦੀ ਮੈਰਿਜ ਸਰਟੀਫਿਕੇਟ ਬਣਾਉਣ ਬਦਲੇ 10,000 ਰੂਪੇ ਰਿਸ਼ਵਤ ਦੀ ਮੰਗ ਕੀਤੀ ਪਰੰਤੂ ਉਸ ਵੱਲੋਂ ਮਿੰਨਤ ਤਰਲਾ ਕਰਨ ਤੇ 6000 ਰੂਪੈ ਰਿਸ਼ਵਤ ਲੈਣ ਲਈ ਸਹਿਮਤ ਹੋ ਕੇ 1500 ਰੂਪੈ ਬਤੋਰ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਦੀ ਰਕਮ ਲੈਣ ਲਈ ਮੰਗ ਕਰ ਰਿਹਾ ਸੀ।ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਊਪਰੰਤ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨੇ ਜਾਲ ਵਿਛਾਇਆ ਤੇ ਉਕਤ ਮੁਲਜਮ ਨੂੰ ਸ਼ਿਕਾਇਤਕਰਤਾ ਕੋਲੋਂ ਦੂਜੀ ਕਿਸ਼ਤ ਵਜੋਂ 4500 ਰੁਪਏ ਦੀ ਰਿਸ਼ਵਤ ਹਾਸਲ ਕਰਦਿਆ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁੱਕਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।