27 ਅਕਤੂਬਰ ਨੂੰ ਮਨਾਇਆ ਜਾਵੇਗਾ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਗੁਰਪੁਰਬ, ਸ਼੍ਰੋਮਣੀ ਕਮੇਟੀ ਨੇ ਵੰਡਿਆਂ ਲੱਡੂਆਂ ਦਾ ਪ੍ਰਸ਼ਾਦ
Sri Guru Ramdas Ji's Parkash Purb : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸੰਬੰਧ ਵਿਚ ਅੱਜ ਸ੍ਰੀ ਹਰਿਮੰਦਰ ਸਾਹਿਬ ਨੇੜਲੇ ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦੇ ਨਾਲ ਲੱਡੂਆਂ ਦਾ ਪ੍ਰਸ਼ਾਦ ਵੰਡਿਆ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਜਥੇਦਾਰ ਬਾਬਾ ਸਿੰਘ ਗੁਮਾਨਪੁਰਾ, ਮੁੱਖ ਮੈਨੇਜਰ ਸ੍ਰੀ ਦਰਬਾਰ ਸਾਹਿਬ ਮੇਜਰ ਸਿੰਘ ਅਰਜਨ ਮਾਂਗਾ, ਮੈਨੇਜਰ ਸਰਾਵਾਂ ਗੁਰਪ੍ਰੀਤ ਸਿੰਘ ਅਤੇ ਵਧੀਕ ਮੈਨੇਜਰ ਗੁਰਤਿੰਦਰ ਪਾਲ ਸਿੰਘ ਕਾਦੀਆਂ ਸਮੇਤ ਹੋਰ ਅਧਿਕਾਰੀਆਂ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਦੇ ਆਸ ਪਾਸ ਦੇ ਦੁਕਾਨਦਾਰਾਂ ਅਤੇ ਵਪਾਰੀਆਂ ਨੂੰ 25 ਤੋਂ 27 ਅਕਤੂਬਰ ਦੌਰਾਨ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਸੱਦਾ ਪੱਤਰ ਦੇਣ ਦੇ ਨਾਲ ਨਾਲ ਲੱਡੂਆਂ ਦਾ ਪ੍ਰਸ਼ਾਦ ਵੀ ਵੰਡਿਆ ਗਿਆ।
ਇਹ ਵੀ ਪੜ੍ਹੋ :
ਇਸ ਮੌਕੇ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ 26 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ 27 ਅਕਤੂਬਰ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਸ੍ਰੀ ਹਰਿਮੰਦਰ ਸਾਹਿਬ ਵਿਖੇ ਜਲੌਅ ਸਜਾਏ ਜਾਣਗੇ। ਤੰਤੀ ਸਾਜਾਂ ਤੇ ਅਧਾਰਿਤ ਰਾਗ ਦਰਬਾਰ ਅਤੇ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਸ਼ਰਧਾਲੂਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਰੰਗ ਬਿਰੰਗੇ ਫੁੱਲਾਂ ਨਾਲ ਸਜਾਵਟ ਕੀਤੀ ਜਾਵੇਗੀ ਅਤੇ ਰਾਤ ਨੂੰ ਦੀਪਮਾਲਾ ਹੋਵੇਗੀ ਅਤੇ ਆਤਿਸ਼ਬਾਜੀ ਚਲਾਈ ਜਾਵੇਗੀ। ਉਨ੍ਹਾਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਸੰਗਤ ਦੀ ਆਮਦ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਸਮੁੱਚੇ ਸ਼ਹਿਰ ਵਾਸੀਆਂ 'ਚ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਦੱਸ ਦੇਈਏ ਕਿ ਚੌਥੇ ਪਾਤਸ਼ਾਹ ਧਨ ਧਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵਲੋਂ ਹਰ ਸਾਲ ਖਾਸ ਸਮਾਗਮਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਮੌਕੇ ਨਾ ਸਿਰਫ ਦੇਸ਼ ਬਲਕਿ ਵਿਦੇਸ਼ਾਂ ਤੋਂ ਸੰਗਤਾਂ ਖਾਸ ਤੌਰ 'ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚਦੀਆਂ ਹਨ। ਇਸ ਦੌਰਾਨ ਪੂਰੇ ਸ਼ਹਿਰ 'ਚ ਥਾਂ ਥਾਂ 'ਤੇ ਧਾਰਮਿਕ ਸਮਾਗਮ ਅਤੇ ਲੰਗਰਾਂ ਦਾ ਆਯੋਜਨ ਕੀਤਾ ਜਾਂਦਾ ਹੈ। ਦੂਰੋਂ ਦੂਰੋਂ ਲੋਕ ਇਸ ਮੌਕੇ ਖਾਸ ਤੌਰ 'ਤੇ ਸਿਜਦਾ ਕਰਨ ਇੱਥੇ ਪੁੱਜਦੇ ਹਨ। ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸੰਗਤਾਂ 'ਚ ਬਹੁਤ ਭਾਵਨਾ ਦੇਖੀ ਜਾਂਦੀ ਹੈ, ਲੋਕ ਅੱਗੇ ਹੋ ਕੇ ਧਾਰਮਿਕ ਸਮਾਗਮਾਂ 'ਚ ਸੇਵਾ ਨਿਭਾਉਂਦੇ ਹਨ।
- PTC NEWS