Wed, Aug 26, 2026
Whatsapp

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜ

ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ-ਵਿਚਾਰ ਕਰਦਿਆਂ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।

Reported by:  PTC News Desk  Edited by:  Amritpal Singh -- August 26th 2026 06:43 PM
ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜ

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜ

ਅੰਮ੍ਰਿਤਸਰ- ਸਿੱਖ ਸੰਗਤ ਨੂੰ ਗੁਰਮਤਿ ਪ੍ਰੰਪਰਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣ ਦੇ ਮੰਤਵ ਨਾਲ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਪੰਥਕ ਰਵਾਇਤਾਂ ਨਾਲ ਅਗਲੇ ਪੜਾਅ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ-ਵਿਚਾਰ ਕਰਦਿਆਂ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਰਵਾਨਗੀ ਦੀ ਅਰਦਾਸ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਕੀਤੀ, ਜਿਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਾਲਕੀ ’ਚ ਸ਼ੁਸ਼ੋਭਿਤ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਏਕੋਟ ਦੀ ਧਰਤੀ ’ਤੇ ਦਸਵੇਂ ਪਾਤਸ਼ਾਹ ਨੇ ਨੂਰੇ ਮਾਹੀ ਤੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਖ਼ਬਰ ਸੁਣ ਕੇ ਤੀਰ ਨਾਲ ਕਾਹੀ ਦਾ ਬੂਟਾ ਪੁੱਟਦਿਆਂ ਕਿਹਾ ਸੀ ਕਿ ਜੁਲਮੀ ਰਾਜ ਦੀ ਜੜ੍ਹ ਪੁੱਟੀ ਗਈ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਸਾਨੂੰ ਅੱਜ ਵੀ ਜ਼ੁਲਮ ਨਾਲ ਲੜਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਖ਼ਾਲਸੇ ਦੀ ਇਹ ਵਿਰਾਸਤ ਹੈ ਕਿ ਜਦੋਂ ਵੀ ਹਕੂਮਤਾਂ ਨੇ ਪੰਥ ’ਤੇ ਚੜ੍ਹਾਈ ਕੀਤੀ ਤਾਂ ਖ਼ਾਲਸੇ ਨੇ ਡੱਟ ਕੇ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਵੀ ਹਕੂਮਤਾਂ ਤਾਕਤ ਦੇ ਨਸ਼ੇ ਵਿਚ ਪੰਥਕ ਪ੍ਰੰਪਰਾਵਾਂ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨੂੰ ਪੰਥ ਕਦੇ ਪ੍ਰਵਾਨ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੀ ਸਿੱਖ ਮਾਮਲਿਆਂ ਵਿਚ ਦਖ਼ਲ ਦੇ ਰਹੀ ਹੈ, ਜਿਸ ਨੂੰ ਖ਼ਾਲਸਾ ਪੰਥ ਚੰਗੀ ਤਰ੍ਹਾਂ ਸਮਝਦਾ ਹੈ ਅਤੇ ਨੇੜਿਓਂ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪੰਥ ਦੀ ਸਹਿਮਤੀ ਬਿਨਾਂ ਸਿੱਖਾਂ ਨਾਲ ਸਬੰਧਤ ਕੋਈ ਵੀ ਨੀਤੀ ਜਾਂ ਕਾਨੂੰਨ ਲਾਗੂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸੰਗਤਾਂ ਨੂੰ ਸਿੱਖ ਪ੍ਰੰਪਰਾਵਾਂ ’ਤੇ ਸਵਾਲ ਚੁੱਕਣ ਵਾਲੀਆਂ ਤਾਕਤਾਂ ਤੋਂ ਵੀ ਸੁਚੇਤ ਰਹਿਣ ਦੀ ਪ੍ਰੇਰਣਾ ਕੀਤੀ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਚ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਜੋ ਕਾਨੂੰਨੀ ਸਜ਼ਾਵਾਂ ਤੋਂ ਵੀ ਕਿਤੇ ਵਧੇਰੇ ਸਮਾਂ ਜੇਲ੍ਹਾਂ ਵਿਚ ਬਿਤਾ ਚੁੱਕੇ ਹਨ, ਸਰਕਾਰਾਂ ਵੱਲੋਂ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ ਅਤੇ ਕੌਮ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਜਾ ਰਹੀ ਮੰਗ ਪ੍ਰਤੀ ਵੀ ਸਰਕਾਰਾਂ ਦਾ ਰਵੱਈਆ ਵਿਤਕਰੇ ਵਾਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਦਾ ਹਮੇਸ਼ਾ ਗੁਰੂ ’ਤੇ ਭਰੋਸਾ ਹੈ ਅਤੇ ਹਰ ਔਖੇ ਸਮੇਂ ਸਿੱਖ ਅਰਦਾਸ ਕਰਕੇ ਸ਼ਕਤੀ ਪ੍ਰਾਪਤ ਕਰਦਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਜਲਦ ਰਿਹਾਈ ਹੋਵੇ ਤੇ ਉਹ ਚੜ੍ਹਦੀ ਕਲਾ ਵਿਚ ਰਹਿਣ, ਇਸ ਲਈ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣੇ ਅਤੇ 29 ਅਗਸਤ ਨੂੰ ਭੋਗ ਪਾ ਕੇ ਅਰਦਾਸ ਕੀਤੀ ਜਾਵੇਗੀ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵਿਦਿਅਕ ਅਦਾਰਿਆਂ ਵਿਚ ਵੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ 29 ਜੂਨ ਨੂੰ ਹਰ ਪਿੰਡ ਦੇ ਗੁਰਦੁਆਰਾ ਸਾਹਿਬਾਨ ਵਿਚ ਵੀ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵੀ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਅਤੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਣਾ ਕੀਤੀ।

ਜ਼ਿਕਰਯੋਗ ਹੈ ਕਿ ਮੀਰੀ ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤ ਅੰਦਰ ਵੱਡਾ ਉਤਸ਼ਾਹ ਹੈ। ਮਾਰਚ ਦੌਰਾਨ ਵੱਖ-ਵੱਖ ਪੜਾਵਾਂ ’ਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੌਜੁਆਨਾਂ ਨੂੰ ਸਾਬਤ ਸੂਰਤ ਹੋਣ ਅਤੇ ਨਸ਼ੇ ਛੱਡਣ ਲਈ ਪ੍ਰੇਰਿਤ ਕਰ ਰਹੇ ਹਨ। ਖ਼ੁਸ਼ੀ ਵਾਲੀ ਗੱਲ ਹੈ ਕਿ ਬਹੁਤ ਸਾਰੇ ਨੌਜੁਆਨ ਜਿਥੇ ਸਾਬਤ ਸੂਰਤ ਹੋਣ ਦਾ ਪ੍ਰਣ ਕਰ ਰਹੇ ਹਨ, ਉਥੇ ਹੀ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਤਿਆਰ ਹੋ ਰਹੇ ਹਨ।

ਮੀਰੀ ਪੀਰੀ ਖਾਲਸਾ ਮਾਰਚ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਵਿਖੇ ਪੁੱਜੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK