ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਦੂਜਾ ਪੜਾਅ ਭਲਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹੋਵੇਗਾ ਸ਼ੁਰੂ
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਅਰੰਭ ਹੋਏ ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਦੂਜੇ ਪੜਾਅ ਦੀ ਭਲਕੇ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਲਈ ਪੰਥਕ ਰਵਾਇਤਾਂ ਅਨੁਸਾਰ ਅਰੰਭਤਾ ਹੋਵੇਗੀ। ਦੂਜੇ ਪੜਾਹ ਤਹਿਤ ਖ਼ਾਲਸਾ ਮਾਰਚ ਮਾਲਵਾ ਅਤੇ ਪੁਆਧ ਦੇ ਇਲਾਕਿਆਂ ਵਿੱਚ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ 4 ਸਤੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਤੋਂ ਇਲਾਵਾ ਪੰਥ ਦੀਆਂ ਪ੍ਰਮੁੱਖ ਸਖ਼ਸ਼ੀਅਤਾਂ ਖ਼ਾਲਸਾ ਮਾਰਚ ਵਿੱਚ ਸ਼ਮੂਲੀਅਤ ਕਰਨਗੀਆਂ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤ ਅਤੇ ਗੁਰੂ ਨਾਨਕ ਨਾਮ ਲੇਵਾ ਸ਼ਰਧਾਲੂਆਂ ਨੂੰ ਮੀਰੀ-ਪੀਰੀ ਖ਼ਾਲਸਾ ਮਾਰਚ ਵਿੱਚ ਭਰਵੀਂ ਸ਼ਮੂਲੀਅਤ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਤਹਿਤ ਕਈ ਅਹਿਮ ਏਜੰਡਿਆਂ ਉੱਤੇ ਕੰਮ ਕੀਤਾ ਜਾ ਰਿਹਾ ਹੈ ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਾਂ ਦਾ ਪ੍ਰਚਾਰ, ਕੌਮੀ ਏਕਤਾ ਦੀ ਮਜ਼ਬੂਤੀ, ਸਿੱਖੀ ਪ੍ਰਚਾਰ, ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਣਾ, ਸਿੱਖ ਇਤਿਹਾਸ ਨਾਲ ਜੋੜਣਾ, ਅੰਮ੍ਰਿਤ ਛਕਾਉਣਾ, ਸਮੂਹ ਪੰਜਾਬੀਆਂ ਨੂੰ ਪੰਜਾਬ ਅੰਦਰ ਹੀ ਸੱਚੀ ਸੁੱਚੀ ਕਿਰਤ ਕਰਨ ਅਤੇ ਆਪਣੀਆਂ ਜ਼ਮੀਨਾਂ ਨਾ ਵੇਚਣ ਲਈ ਕਹਿਣਾ, ਬੱਚਿਆਂ ਨੂੰ ਹੁਨਰਮੰਦ ਬਣਾਉਣ ਤੇ ਸਿੱਖਿਅਤ ਕਰਨ ਲਈ ਪ੍ਰੇਰਿਤ ਕਰਨਾ, ਆਪਸੀ ਖਾਨਾਜੰਗੀ ਤੋਂ ਬਚਣਾ, ਧੀਆਂ ਦਾ ਸਤਿਕਾਰ ਕਰਨਾ, ਸਿੱਖਾਂ ਦੀ ਘੱਟਦੀ ਅਬਾਦੀ ਅਤੇ ਪੰਥ ਵਿਰੋਧੀ ਸੋਚ ਤੇ ਪ੍ਰਗਟਾਵਿਆਂ ਤੋਂ ਸੰਗਤ ਸੁਚੇਤ ਕਰਨਾ ਸ਼ਾਮਲ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪਹਿਲੇ ਪੜਾਅ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ ਹਨ ਅਤੇ ਦੂਜੇ ਪੜਾਅ ਵਾਸਤੇ ਵੀ ਸਿੱਖ ਸੰਸਥਾ ਵੱਲੋਂ ਚੰਗੇ ਯਤਨ ਕੀਤੇ ਜਾ ਰਹੇ ਹਨ।
- PTC NEWS