Punjab ਦੇ ਕਈ ਸਕੂਲਾਂ ਨੂੰ ਤੇ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਤੇ ਸੁਰੱਖਿਆ ਏਜੰਸੀਆਂ ਅਲਰਟ ਮੋਡ 'ਤੇ
Punjab School Bomb Threat News : ਪੰਜਾਬ 'ਚ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦੱਸ ਦਈਏ ਕਿ ਸੂਬੇ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਮਿਲਣ ਦੀ ਜਾਣਕਾਰੀ ਹਾਸਿਲ ਹੋਈ ਹੈ। ਇਨ੍ਹਾਂ ਧਮਕੀਆੰ ਮਗਰੋਂ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਮੋਡ 'ਤੇ ਆ ਗਈਆਂ ਹਨ।
ਮਿਲੀ ਜਾਣਕਾਰੀ ਮੁਤਾਬਿਕ ਜਲੰਧਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਨਾਲ ਅਧਿਆਪਕਾਂ ਅਤੇ ਮਾਪਿਆਂ ਦੇ ਨਾਲ ਸਕੂਲ ਪ੍ਰਸ਼ਾਸਨ 'ਚ ਚਿੰਤਾ ਵੱਧ ਗਈ ਹੈ। ਫਿਲਹਾਲ ਸਕੂਲਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ।
ਏਸੀਪੀ ਉੱਤਰੀ ਅਸ਼ੋਕ ਮੀਣਾ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਚਾਰ ਤੋਂ ਪੰਜ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਸ਼ਹਿਰ ਵਿੱਚ ਗਸ਼ਤ ਕੀਤੀ ਜਾ ਰਹੀ ਹੈ। ਈਮੇਲ ਧਮਕੀ ਦੇ ਸਮੇਂ ਸਕੂਲਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਏਸੀਪੀ ਨੇ ਦੱਸਿਆ ਕਿ ਫੋਰੈਂਸਿਕ ਟੀਮ ਅਤੇ ਬੰਬ ਨਿਰੋਧਕ ਦਸਤੇ ਵੱਲੋਂ ਪੂਰੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਜਾਣਕਾਰੀ ਵਾਲੇ ਕਿਸੇ ਵੀ ਵਿਅਕਤੀ ਨੂੰ 112 'ਤੇ ਕਾਲ ਕਰਕੇ ਪੁਲਿਸ ਨੂੰ ਸੂਚਿਤ ਕਰਨ ਦੀ ਸਲਾਹ ਦਿੱਤੀ। ਹੁਣ ਤੱਕ ਦੋ ਤੋਂ ਤਿੰਨ ਸਕੂਲਾਂ ਦੀ ਤਲਾਸ਼ੀ ਲਈ ਗਈ ਹੈ, ਅਤੇ ਹੋਰ ਦੋ ਲਈ ਜਾਂਚ ਜਾਰੀ ਹੈ।
ਏਸੀਪੀ ਨੇ ਦੱਸਿਆ ਕਿ ਆਖਰੀ ਈਮੇਲ ਧਮਕੀ ਤੋਂ ਬਾਅਦ ਐਫਆਈਆਰ ਦਰਜ ਕੀਤੀ ਗਈ ਹੈ, ਅਤੇ ਅੱਜ ਜਾਂਚ ਤੋਂ ਬਾਅਦ ਅੱਗੇ ਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਘਬਰਾਉਣ ਦੀ ਅਪੀਲ ਕੀਤੀ, ਅਤੇ ਸਕੂਲਾਂ ਦੇ ਬਾਹਰ ਗਸ਼ਤ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪੁਲਿਸ ਦੇ ਅਨੁਸਾਰ, ਹੁਣ ਤੱਕ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ। ਜਲੰਧਰ ਸਮੇਤ ਪੰਜਾਬ ਵਿੱਚ ਕਈ ਸਰਕਾਰੀ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਅਲਰਟ ਹੋ ਗਿਆ ਹੈ ਅਤੇ ਇਮਾਰਤਾਂ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ।
ਇਨ੍ਹਾਂ ਤੋਂ ਇਲਾਵਾ ਫਿਰੋਜ਼ਪੁਰ ਦੇ ਕੋਰਟ ਕੰਪਲੈਕਸ ਨੂੰ ਧਮਕੀ ਭਰੀ ਈਮੇਲ ਹਾਸਿਲ ਹੋਈ ਹੈ। ਧਮਕੀ ਮਗਰੋਂ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਬਰੀਕੀ ਨਾਲ ਕੋਰਟ ਕੰਪਲੈਕਸ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਹਾਸਿਲ ਹੋਈ ਈਮੇਲ ’ਚ ਕਿਹਾ ਗਿਆ ਹੈ ਕਿ ਸਕੂਲਾਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਨਾਲ ਹੀ ਅੰਮ੍ਰਿਤਸਰ ’ਚ ਈਮੇਲ 'ਚ ਡਾ. ਬਾਬਾ ਸਾਹਿਬ ਅੰਬੇਡਕਰ ਦੀਆਂ ਮੂਰਤੀਆਂ ਨੂੰ ਵੀ ਨੁਕਸਾਨ ਪਹੁਚਾਉਣ ਦੀ ਵੀ ਗੱਲ ਆਖੀ ਗਈ ਹੈ। ਮੇਲ ਭੇਜਣ ਵਾਲਿਆਂ ਨੇ ਖ਼ੁਦ ਨੂੰ ਖ਼ਾਲਿਸਤਾਨ ਨੈਸ਼ਨਲ ਆਰਮੀ ਨਾਲ ਜੁੜਿਆ ਦੱਸਿਆ ਹੈ।
ਕਾਬਿਲੇਗੌਰ ਹੈ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਇਸ ਤੋਂ ਪਹਿਲਾਂ ਪੰਜਾਬ ਦੇ ਸਕੂਲਾਂ ਨੂੰ ਧਮਕੀ ਭਰੀ ਈਮੇਲ ਹਾਸਿਲ ਹੋ ਚੁੱਕੀ ਹੈ। ਹਰ ਵਾਰ ਇਨ੍ਹਾਂ ਧਮਕੀਆਂ ਦੇ ਮਾਮਲਿਆਂ ਦੀ ਜਾਂਚ ਕਰਨ ਦੀ ਗੱਲ੍ਹ ਆਖੀ ਜਾਂਦੀ ਰਹੀ ਹੈ।
- PTC NEWS