Amritsar News : ਅੰਮ੍ਰਿਤਸਰ 'ਚ 2 ਅੰਤਰਰਾਸ਼ਟਰੀ ਹਥਿਆਰ ਤਸਕਰ ਗ੍ਰਿਫ਼ਤਾਰ, 8 ਪਿਸਤੌਲ ਬਰਾਮਦ ,ਪਾਕਿਸਤਾਨ ਤੋਂ ਆਈ ਸੀ ਖੇਪ
Amritsar News : ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ 2 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਤਸਕਰਾਂ ਤੋਂ 8 ਪਿਸਤੌਲ ਬਰਾਮਦ ਕੀਤੇ ਹਨ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਨੂਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਫਿਲਹਾਲ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ। ਮੁਲਜ਼ਮਾਂ ਤੋਂ ਉਨ੍ਹਾਂ ਦੇ ਪਿਛਲੇ ਅਤੇ ਅਗਲੇ ਲਿੰਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਪਾਕਿਸਤਾਨ ਤੋਂ ਆਏ ਸਨ ਹਥਿਆਰ
ਡੀਜੀਪੀ ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਵਿਸ਼ੇਸ਼ ਖੁਫੀਆ ਜਾਣਕਾਰੀ ਦੇ ਆਧਾਰ 'ਤੇ ਅੰਮ੍ਰਿਤਸਰ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇਹ ਕਾਰਵਾਈ ਕੀਤੀ। ਦੋਵੇਂ ਤਸਕਰ ਉਸ ਸਮੇਂ ਫੜੇ ਗਏ ਜਦੋਂ ਉਹ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ ਸਨ। ਮੁਲਜ਼ਮਾਂ ਨੇ ਮੰਨਿਆ ਹੈ ਕਿ ਇਹ ਹਥਿਆਰ ਪਾਕਿਸਤਾਨ ਤੋਂ ਆਏ ਸਨ ਅਤੇ ਵਿਦੇਸ਼ਾਂ ਵਿੱਚ ਬੈਠੇ ਤਸਕਰ ਇਸ ਪਿੱਛੇ ਹਨ।
ਪਾਕਿਸਤਾਨ ਵਿੱਚ ਬੈਠੇ ਨੂਰ ਦਾ ਨਾਮ ਆਇਆ ਸਾਹਮਣੇ
ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਨੇ ਕਿਹਾ ਕਿ ਜਦੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਨ੍ਹਾਂ ਦਾ ਪਾਕਿਸਤਾਨ ਨਾਲ ਸਬੰਧ ਸਾਹਮਣੇ ਆਇਆ। ਜਦੋਂ ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਮੋਬਾਈਲ ਦੀ ਜਾਂਚ ਕੀਤੀ ਗਈ ਤਾਂ ਪਾਕਿਸਤਾਨ ਵਿੱਚ ਬੈਠੇ ਤਸਕਰ ਨੂਰ ਦਾ ਨਾਮ ਸਾਹਮਣੇ ਆਇਆ। ਇਸ ਨੂਰ ਨੇ ਹਥਿਆਰਾਂ ਦੀਆਂ ਇਹ ਖੇਪਾਂ ਡਰੋਨ ਰਾਹੀਂ ਭਾਰਤੀ ਸਰਹੱਦ 'ਤੇ ਭੇਜੀਆਂ ਸਨ। ਮੁਲਜ਼ਮਾਂ ਤੋਂ ਤਿੰਨ ਗਲੌਕ 9mm ਪਿਸਤੌਲ ,ਚਾਰ Px5 ਪਿਸਤੌਲ ,ਇੱਕ 30 ਬੋਰ ਪਿਸਤੌਲ ਬਰਾਮਦ ਹੋਈ ਹੈ।
ਇਸ ਸਬੰਧ ਵਿੱਚ SSOC ਥਾਣਾ, ਅੰਮ੍ਰਿਤਸਰ ਵਿੱਚ FIR ਦਰਜ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਸ ਨੈੱਟਵਰਕ ਵਿੱਚ ਹੋਰ ਕੌਣ ਸ਼ਾਮਲ ਹੈ। ਪੁਲਿਸ ਦਾ ਧਿਆਨ ਇਸ ਪੂਰੇ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਨਾ ਅਤੇ ਇਸਦੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਤਬਾਹ ਕਰਨਾ ਹੈ।
- PTC NEWS