Hoshiarpur News : ਜੱਗੂ ਭਗਵਾਨਪੁਰੀਆ ਗੈਂਗ ਦੇ 2 ਮੈਂਬਰ ਚਾਰ ਆਧੁਨਿਕ ਹਥਿਆਰਾਂ ਸਮੇਤ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ
Hoshiarpur News : ਐਂਟੀ-ਗੈਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹੁਸ਼ਿਆਰਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਜੱਗੂ ਭਗਵਾਨਪੁਰੀਆ ਗੈਂਗ ਦੇ 2 ਸਰਗਰਮ ਮੈਂਬਰਾਂ ਨੂੰ ਚਾਰ ਆਧੁਨਿਕ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਨੇ ਦਿੱਤੀ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਪਣੇ ਵਿਦੇਸ਼ੀ ਹੈਡਲਰ ਅੰਮ੍ਰਿਤ ਦਾਲਮ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਵਿੰਦਰ ਸਿੰਘ ਉਰਫ਼ ਬੋਧੀ ਅਤੇ ਸੁਖਮਨ ਉਰਫ਼ ਜਸ਼ਨ ਦੋਵੇਂ ਵਾਸੀ ਕਲਾਨੌਰ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਗਲੈਕ ਪਿਸਤੌਲ, ਇੱਕ ਜਿਗਾਨਾ ਪਿਸਤੌਲ ਅਤੇ ਇੱਕ ਪੀਐਕਸਤ0 ਪਿਸਤੌਲ ਸ਼ਾਮਲ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦਾ ਮੋਟਰਸਾਈਕਲ ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਦੋਵੇਂ ਜੱਗੂ ਭਗਵਾਨਪੁਰੀਆ ਗੈਂਗ ਦੇ ਸਰਗਰਮ ਮੈਂਬਰ ਸਨ ਅਤੇ ਆਪਣੇ ਵਿਦੇਸ਼ੀ ਹੈਂਡਲਰ ਜਿਸਦੀ ਪਛਾਣ ਅੰਮ੍ਰਿਤ ਦਾਲਮ ਵਜੋਂ ਹੋਈ ਹੈ, ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਵਿਅਕਤੀ ਕਲਾਨੌਰ ਦੇ ਵਡਾਲਾ ਬਾਂਗਰ ਵਿਖੇ ਡਾ. ਹਰੀ ਸਿੰਘ ਨੂੰ ਨਿਸ਼ਾਨਾ ਬਣਾ ਕੇ ਮੈਡੀਕਲ ਦੀ ਦੁਕਾਨ 'ਤੇ ਕੀਤੀ ਗੋਲੀਬਾਰੀ ਸਬੰਧੀ ਮਾਮਲੇ ਵਿੱਚ ਲੋੜੀਂਦੇ ਸਨ। ਇਹ ਗੋਲੀਬਾਰੀ ਉਨ੍ਹਾਂ ਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ 'ਤੇ ਕੀਤੀ ਸੀ।
ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੇ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ। ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ ਨੇ ਦੱਸਿਆ ਕਿ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਕਤਲ, ਅਗਵਾ ਅਤੇ ਬੱਚਿਆਂ ਦੀ ਤਸਕਰੀ ਸਬੰਧੀ ਕਈ ਮਾਮਲੇ ਦਰਜ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧ ਵਿੱਚ ਐਫਆਈਆਰ ਨੰਬਰ 229 ਮਿਤੀ 06.11.2025 ਨੂੰ ਹੁਸ਼ਿਆਰਪੁਰ ਦੇ ਥਾਣਾ ਦਸੂਹਾ ਵਿਖੇ ਅਸਲਾ ਐਕਟ ਦੀ ਧਾਰਾ 25(6) ਤਹਿਤ ਦਰਜ ਕੀਤੀ ਗਈ ਹੈ।
- PTC NEWS