Chandigarh CBI ਅਦਾਲਤ ’ਚ ਚੱਲੇਗਾ ਮੁਅੱਤਲ DIG ਹਰਚਰਨ ਸਿੰਘ ਭੁੱਲਰ ਦਾ ਕੇਸ ,ਪੜ੍ਹੋ ਪੂਰਾ ਮਾਮਲਾ
Harcharan Singh Bhullar News : ਪੰਜਾਬ ਪੁਲਿਸ ਦੇ ਮੁਅੱਤਲ DIG ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਗ੍ਰਹਿ ਮੰਤਰਾਲੇ ਨੇ ਚੰਡੀਗੜ੍ਹ ਸੀਬੀਆਈ ਨੂੰ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਚਲਾਉਣ ਲਈ ਮਨਜ਼ੂਰੀ (ਪ੍ਰਾਸੀਕਿਊਸ਼ਨ ਸੈਂਕਸ਼ਨ) ਦੇ ਦਿੱਤੀ ਹੈ। ਹੁਣ ਇਹ ਮਾਮਲਾ ਚੰਡੀਗੜ੍ਹ ਸਥਿਤ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਵਿਚ ਚੱਲੇਗਾ। ਮਾਮਲੇ ਦੀ ਅਗਲੀ ਸੁਣਵਾਈ 22 ਫਰਵਰੀ ਨੂੰ ਚੰਡੀਗੜ੍ਹ ਸੀਬੀਆਈ ਅਦਾਲਤ ਵਿੱਚ ਹੋਵੇਗੀ।
ਭੁੱਲਰ ਆਈ. ਪੀ. ਐੱਸ. ਅਧਿਕਾਰੀ ਹਨ, ਇਸ ਲਈ ਉਨ੍ਹਾਂ ਖ਼ਿਲਾਫ਼ ਕੇਸ ਚਲਾਉਣ ਲਈ ਸੀ.ਬੀ.ਆਈ. ਨੂੰ ਕੇਂਦਰ ਸਰਕਾਰ ਤੋਂ ਇਜਾਜ਼ਤ ਦੀ ਲੋੜ ਸੀ। ਮੰਗਲਵਾਰ ਨੂੰ ਸੀ.ਬੀ.ਆਈ. ਨੇ ਗ੍ਰਹਿ ਮੰਤਰਾਲੇ ਤੋਂ ਪ੍ਰਾਪਤ ਮਨਜ਼ੂਰੀ ਦੇ ਹੁਕਮ ਅਦਾਲਤ ਵਿਚ ਪੇਸ਼ ਕਰ ਦਿੱਤੇ। ਸੀਬੀਆਈ ਨੇ ਮਾਮਲੇ ਵਿੱਚ ਇੱਕ ਹੋਰ ਚਾਰਜਸ਼ੀਟ ਦਾਇਰ ਕੀਤੀ ਹੈ। ਨਵੇਂ ਸਬੂਤ ਅਤੇ ਕੁਝ ਨਵੇਂ ਗਵਾਹ ਸ਼ਾਮਲ ਕੀਤੇ ਗਏ ਹਨ। ਇਹ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਜਾਂਚ ਏਜੰਸੀ ਨੇ ਕੇਸ ਨੂੰ ਮਜ਼ਬੂਤ ਕਰਨ ਲਈ ਹੋਰ ਸਬੂਤ ਇਕੱਠੇ ਕੀਤੇ ਹਨ।
ਇਸ ਤੋਂ ਪਹਿਲਾਂ ਪਿਛਲੇ ਸੋਮਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭੁੱਲਰ ਨੂੰ ਝਟਕਾ ਦਿੱਤਾ ਸੀ ਜਦੋਂ ਹਾਈ ਕੋਰਟ ਨੇ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ, ਜਿਸ ਕਾਰਨ ਹੁਣ ਉਨ੍ਹਾਂ ਨੂੰ ਜੇਲ੍ਹ ਵਿੱਚ ਰਹਿਣਾ ਪਵੇਗਾ। ਭੁੱਲਰ ਮਾਮਲੇ ਵਿੱਚ ਸੀਬੀਆਈ ਨੇ ਉਸ ਵਿਰੁੱਧ ਭ੍ਰਿਸ਼ਟਾਚਾਰ ਕਾਨੂੰਨ ਦੇ ਨਾਲ-ਨਾਲ ਉਸਦੀ ਆਮਦਨ ਤੋਂ ਵੱਧ ਜਾਇਦਾਦ ਰੱਖਣ ਦਾ ਮਾਮਲਾ ਦਰਜ ਕੀਤਾ ਹੈ।
ਦੱਸ ਦੇਈਏ ਕਿ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਨੇ 16 ਅਕਤੂਬਰ, 2025 ਨੂੰ ਮੋਹਾਲੀ ਸਥਿਤ ਉਨ੍ਹਾਂ ਦੇ ਦਫ਼ਤਰ ਤੋਂ ਗ੍ਰਿਫ਼ਤਾਰ ਕੀਤਾ ਸੀ। ਸੀਬੀਆਈ ਨੇ ਪਹਿਲਾਂ ਦਲਾਲ ਕ੍ਰਿਸ਼ਨੂ ਸ਼ਾਰਦਾ ਨੂੰ ਗ੍ਰਿਫ਼ਤਾਰ ਕੀਤਾ, ਉਸ ਤੋਂ ਬਾਅਦ ਭੁੱਲਰ ਨੂੰ। ਉਨ੍ਹਾਂ ‘ਤੇ ਪੰਜ ਲੱਖ ਰੁਪਏ ਦੀ ਰਿਸ਼ਵਤ ਲੈਣ ਦਾ ਆਰੋਪ ਲਗਾਇਆ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਘਰ ‘ਤੇ ਛਾਪਾ ਮਾਰਿਆ ਗਿਆ, ਜਿੱਥੋਂ ਸਾਢੇ 7 ਕਰੋੜ ਰੁਪਏ, ਮਹਿੰਗੀਆਂ ਘੜੀਆਂ, ਸ਼ਰਾਬ ਅਤੇ ਕਾਰ ਦੀਆਂ ਚਾਬੀਆਂ ਬਰਾਮਦ ਕੀਤੀਆਂ ਗਈਆਂ ਸਨ।
- PTC NEWS