ਹੁਣ ਰਾਜ ਸਭਾ ਜਾਣਗੇ ਹਾਰੇ ਹੋਏ ਕੇਂਦਰੀ ਮੰਤਰੀ ਰਵਨੀਤ ਬਿੱਟੂ, ਭਾਜਪਾ ਨੇ ਰਾਜਸਥਾਨ ਤੋਂ ਐਲਾਨਿਆ ਉਮੀਦਵਾਰ
ਪਾਰਟੀ ਨੇ ਪੰਜਾਬ ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ। ਭਾਜਪਾ ਉਨ੍ਹਾਂ ਨੂੰ ਰਾਜਸਥਾਨ ਤੋਂ ਰਾਜ ਸਭਾ ਭੇਜ ਰਹੀ ਹੈ। ਮੰਗਲਵਾਰ ਨੂੰ ਭਾਜਪਾ ਹਾਈਕਮਾਂਡ ਦੀ ਮੀਟਿੰਗ ਵਿੱਚ ਬਿੱਟੂ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਗਈ। ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 21 ਅਗਸਤ ਹੈ।
ਇਸ ਲਈ ਬਿੱਟੂ ਕੱਲ੍ਹ ਹੀ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਦੇ ਹਰਿਆਣਾ ਤੋਂ ਚੋਣ ਲੜਨ ਦੀਆਂ ਅਟਕਲਾਂ ਲਾਈਆਂ ਜਾ ਰਹੀਆਂ ਸਨ ਪਰ ਉਥੋਂ ਭਾਜਪਾ ਨੇ ਕਾਂਗਰਸ ਛੱਡ ਕੇ ਆਈ ਆਗੂ ਕਿਰਨ ਚੌਧਰੀ ਨੂੰ ਰਾਜ ਸਭਾ ਦਾ ਉਮੀਦਵਾਰ ਬਣਾਇਆ ਹੈ।
ਲੋਕ ਸਭਾ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ
ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਰਵਨੀਤ ਬਿੱਟੂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦਾ ਪੋਤਾ ਅਤੇ ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਦਾ ਪੁੱਤਰ ਹੈ।
ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਸੀ ਪਰ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਲੋਕ ਸਭਾ ਚੋਣਾਂ ਵਿੱਚ ਹਾਰ ਦੇ ਬਾਵਜੂਦ ਭਾਜਪਾ ਨੇ ਪੰਜਾਬ ਵਿੱਚੋਂ ਕਿਸੇ ਹੋਰ ਨੂੰ ਨਹੀਂ ਚੁਣਿਆ ਅਤੇ ਮੋਦੀ 3.0 ਸਰਕਾਰ ਵਿੱਚ ਬਿੱਟੂ ਨੂੰ ਕੇਂਦਰੀ ਰਾਜ ਮੰਤਰੀ ਬਣਾਇਆ। ਇਸ ਤੋਂ ਬਾਅਦ ਉਨ੍ਹਾਂ ਲਈ ਰਾਜ ਸਭਾ ਜਾਣਾ ਅਤੇ ਸੰਸਦ ਮੈਂਬਰ ਵਜੋਂ ਸਹੁੰ ਚੁੱਕਣਾ ਬਹੁਤ ਜ਼ਰੂਰੀ ਹੈ।
- PTC NEWS