ਤਗਮਾ ਜਿੱਤ ਕੇ ਆਏ ਹਾਕੀ ਖਿਡਾਰੀਆਂ ਦਾ ਕੀਤਾ ਗਿਆ ਨਿੱਘਾ ਸੁਆਗਤ
ਜਲੰਧਰ: ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਪੰਜਾਬ ਦੇ ਜ਼ਿਲ੍ਹਾ ਜਲੰਧਰ ਦੇ ਪਿੰਡ ਮਿੱਠਾਪੁਰ ਪੁੱਜਣ ’ਤੇ ਪਿੰਡ ਵਾਸੀਆਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਪਿੰਡ ਦਾ ਹਰ ਵਸਨੀਕ ਢੋਲ ਦੀਆਂ ਧੁਨਾਂ 'ਤੇ ਨੱਚ ਰਿਹਾ ਸੀ। ਇਨ੍ਹਾਂ ਖਿਡਾਰੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਅੱਖਾਂ ਵਿੱਚ ਖੁਸ਼ੀ ਦੇ ਹੰਝੂ ਸਾਫ਼ ਵੇਖੇ ਜਾ ਸਕਦੇ ਸਨ। ਪਿੰਡ ਵਿੱਚ ਤਿਉਹਾਰ ਦਾ ਮਾਹੌਲ ਸੀ।
ਹਰ ਕੋਈ ਇਨ੍ਹਾਂ ਖਿਡਾਰੀਆਂ ਨੂੰ ਗਲੇ ਲਗਾ ਰਿਹਾ ਸੀ। ਦੱਸ ਦੇਈਏ ਕਿ ਭਾਰਤੀ ਹਾਕੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਇਨ੍ਹਾਂ ਵਿੱਚੋਂ ਪੰਜ ਖਿਡਾਰੀ ਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ, ਸੁਖਜੀਤ, ਹਾਰਦਿਕ ਸਿੰਘ ਜਲੰਧਰ ਦੇ ਵਸਨੀਕ ਹਨ।
ਓਲੰਪੀਅਨ ਮਨਪ੍ਰੀਤ ਸਿੰਘ, ਵਰੁਣ ਕੁਮਾਰ ਅਤੇ ਮਨਦੀਪ ਸਿੰਘ ਦੇ ਪਿੰਡ ਪਹੁੰਚਣ 'ਤੇ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਖਿਡਾਰੀਆਂ ਨੇ ਪਿੰਡ ਵਾਸੀਆਂ ਦਾ ਧੰਨਵਾਦ ਵੀ ਕੀਤਾ।
ਜਲੰਧਰ ਦੇ ਇਨ੍ਹਾਂ ਤਿੰਨਾਂ ਖਿਡਾਰੀਆਂ ਦੀ ਕਾਮਯਾਬੀ 'ਤੇ ਪਿੰਡ ਮਿੱਠਾਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਪ੍ਰੋਗਰਾਮ ਵੀ ਕਰਵਾਇਆ ਗਿਆ, ਜਿਸ 'ਚ ਇਨ੍ਹਾਂ ਖਿਡਾਰੀਆਂ ਨੇ ਸ਼ਿਰਕਤ ਕਰਕੇ ਗੁਰੂ ਸਾਹਿਬ ਦੀ ਕਿਰਪਾ ਪ੍ਰਾਪਤ ਕੀਤੀ।
ਦੱਸਣਯੋਗ ਹੈ ਕਿ ਨੌਂ ਸਾਲਾਂ ਦੇ ਲੰਬੇ ਵਕਫ਼ੇ ਮਗਰੋਂ ਭਾਰਤੀ ਹਾਕੀ ਟੀਮ (ਪੁਰਸ਼) ਨੇ ਏਸ਼ਿਆਈ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ ਹੈ। ਇਸ ਤੋਂ ਪਹਿਲਾਂ 2014 ਵਿੱਚ ਟੀਮ ਨੇ ਸੋਨ ਤਮਗਾ ਜਿੱਤਿਆ ਸੀ।
ਇਹ ਵੀ ਪੜ੍ਹੋ: ਕੈਨੇਡਾ ਦੀ ਧਰਤੀ ’ਤੇ ਇੱਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੂਰਾ ਹਾਲ
- PTC NEWS