adv-img
ਮੁੱਖ ਖਬਰਾਂ

ਪੰਜਾਬ-ਹਰਿਆਣਾ ਹਾਈਕੋਰਟ 'ਚ ਕੰਮ ਠੱਪ, ਤੀਜੇ ਦਿਨ ਵੀ ਹੜਤਾਲ ਜਾਰੀ

By Jasmeet Singh -- November 3rd 2022 01:19 PM -- Updated: November 3rd 2022 01:23 PM
ਪੰਜਾਬ-ਹਰਿਆਣਾ ਹਾਈਕੋਰਟ 'ਚ ਕੰਮ ਠੱਪ, ਤੀਜੇ ਦਿਨ ਵੀ ਹੜਤਾਲ ਜਾਰੀ

ਚੰਡੀਗੜ੍ਹ, 3 ਨਵੰਬਰ: ਕੇਂਦਰੀ ਜਾਂਚ ਏਜੰਸੀ ਵੱਲੋਂ ਚੰਡੀਗੜ੍ਹ ਵਿੱਚ ਇੱਕ ਵਕੀਲ ਸਮੇਤ ਪੰਜਾਬ ਤੇ ਹਰਿਆਣਾ ਵਿੱਚ ਕੁਝ ਹੋਰ ਵਕੀਲਾਂ ਦੇ ਘਰਾਂ 'ਤੇ ਛਾਪੇ ਮਾਰਨ ਖ਼ਿਲਾਫ਼ ਲਗਾਤਾਰ ਦੂਜੇ ਦਿਨ ਵੀ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਵਕੀਲ ਗਾਇਬ ਰਹੇ ਅਤੇ ਅਦਾਲਤੀ ਕਾਰਵਾਈ ਵਿੱਚ ਸ਼ਾਮਲ ਨਹੀਂ ਹੋਏ। ਇਸ ਦੇ ਨਾਲ ਹੀ ਵਕੀਲਾਂ ਦੀ ਇਹ ਹੜਤਾਲ ਅੱਜ ਤੀਜੇ ਦਿਨ ਵੀ ਜਾਰੀ ਰਹੇਗੀ।

ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਵੀਰਵਾਰ ਨੂੰ ਵੀ ਹੜਤਾਲ ਜਾਰੀ ਰੱਖਣ ਦਾ ਐਲਾਨ ਕੀਤਾ। ਸੋਮਵਾਰ ਨੂੰ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਅਗਲੇ ਹੁਕਮਾਂ ਤੱਕ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਗਿਆ। ਚੰਡੀਗੜ੍ਹ ਤੇ ਪੰਜਾਬ ਦੇ ਵਕੀਲ ਸਾਥੀ ਮਹਿਲਾ ਵਕੀਲ ਡਾਕਟਰ ਸ਼ੈਲੀ ਸ਼ਰਮਾ ਦੇ ਸੈਕਟਰ 27 ਵਿੱਚ ਸਥਿਤ ਘਰ ਅਤੇ ਦਫ਼ਤਰ ਵਿੱਚ ਐਨਆਈਏ ਦੇ ਛਾਪੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਜ਼ਿਲ੍ਹਾ ਅਦਾਲਤ ਦੇ ਵਕੀਲ ਵੀ ਉੱਚ ਅਦਾਲਤ ਦੇ ਵਕੀਲਾਂ ਦੇ ਹੱਕ 'ਚ ਨਿੱਤਰੇ ਹੋਏ ਹਨ। 

ਐਨਆਈਏ ਨੇ 18 ਅਕਤੂਬਰ ਨੂੰ ਸ਼ੈਲੀ ਸ਼ਰਮਾ ਦੇ ਘਰ ਛਾਪਾ ਮਾਰਿਆ ਸੀ। ਏਜੰਸੀ ਨੇ ਉਸ ਦੇ ਦੋ ਮੋਬਾਈਲ ਫੋਨ, ਉਸ ਦੇ ਲੈਪਟਾਪ ਅਤੇ ਕੰਪਿਊਟਰ ਦੀ ਤਲਾਸ਼ੀ ਲਈ ਅਤੇ ਕੁੱਝ ਦਸਤਾਵੇਜ਼ ਵੀ ਖੋਹ ਲਏ। ਸ਼ੈਲੀ ਸ਼ਰਮਾ ਤੋਂ ਕਰੀਬ ਸਾਢੇ 3 ਘੰਟੇ ਪੁੱਛਗਿੱਛ ਕੀਤੀ ਗਈ ਸੀ।

ਇਹ ਵੀ ਪੜ੍ਹੋ: ASSEMBLY BYPOLLS LIVE UPDATES: 6 ਰਾਜਾਂ ਦੀਆਂ 7 ਸੀਟਾਂ 'ਤੇ ਵੋਟਿੰਗ ਜਾਰੀ

ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੀਆਂ ਅਦਾਲਤਾਂ ਵਿੱਚ ਵਕੀਲਾਂ ਨੇ 18 ਅਕਤੂਬਰ ਨੂੰ ਇਸ ਛਾਪੇਮਾਰੀ ਖ਼ਿਲਾਫ਼ ਕੰਮਕਾਜ ਠੱਪ ਕਰ ਦਿੱਤਾ ਸੀ। ਹਾਈ ਕੋਰਟ ਬਾਰ ਨੇ ਕਿਹਾ ਹੈ ਕਿ ਇਸ ਤਰ੍ਹਾਂ ਕਿਸੇ ਏਜੰਸੀ ਵੱਲੋਂ ਵਕੀਲ ਦੇ ਕੰਮ ਵਿੱਚ ਦਖ਼ਲ ਦੇਣਾ ਗ਼ਲਤ ਹੈ। 

ਇਸ ਦੇ ਨਾਲ ਹੀ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਐਨਆਈਏ ਦੇ ਡਾਇਰੈਕਟਰ ਨੂੰ ਪੱਤਰ ਲਿਖ ਕੇ ਇਨ੍ਹਾਂ ਫੋਨਾਂ ਦੀ ਹੁਣ ਤੱਕ ਹੋਈ ਜਾਂਚ ਬਾਰੇ ਜਾਣਕਾਰੀ ਮੰਗੀ ਹੈ ਅਤੇ ਉਨ੍ਹਾਂ ਨੂੰ ਇਸ ਜਾਂਚ ਬਾਰੇ ਜਾਣਕਾਰੀ ਦੇਣ ਲਈ ਕਿਹਾ ਹੈ ਤਾਂ ਜੋ ਉਹ ਅਗਲੀ ਕਾਨੂੰਨੀ ਪ੍ਰਕਿਰਿਆ ਅਪਣਾ ਸਕੇ। ਉਦੋਂ ਤੱਕ ਹਾਈ ਕੋਰਟ ਬਾਰ ਐਸੋਸੀਏਸ਼ਨ ਨੇ ਹਾਈ ਕੋਰਟ ਦਾ ਕੰਮਕਾਜ ਬੰਦ ਰੱਖਣ ਦਾ ਐਲਾਨ ਕੀਤਾ ਹੈ।

- ਰਿਪੋਰਟਰ ਨੇਹਾ ਸ਼ਰਮਾ ਦੇ ਸਹਿਯੋਗ ਨਾਲ 

- PTC NEWS

adv-img
  • Share